ਕਿਹਾ ਕਿ ਸਰਕਾਰ ਸੂਬੇ ਵਿਚ ਬਿਜਲੀ ਵਰਗੀਆਂ ਜ਼ਰੂਰੀ ਸੇਵਾਵਾਂ ਦੇਣ ਵਿਚ ਵੀ ਨਾਕਾਮ ਹੋਈ ਤੇ ਝੋਨੇ ਦੀ ਬਿਜਾਈ ਮੌਕੇ ਵੱਡੇ ਵੱਡੇ ਬਿਜਲੀ ਕੱਟ ਲਗ ਰਹੇ ਹਨ
ਸਿਮਰਨਜੀਤ ਸਿੰਘ ਮਾਨ ਵੱਲੋਂ ਪੰਥਕ ਏਕੇ ਨੁੰ ਖੋਰਾ ਲਾਉਣ ਦੀ ਕੀਤੀ ਨਿਖੇਧੀ
ਸੰਗਰੂਰ/ਬਰਨਾਲਾ , 19 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ 3 ਮਹੀਨਿਆਂ ਵਿਚ ਪ੍ਰਸ਼ਾਸਨ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਿਆ ਹੈ ਤੇ ਅਮਨ ਕਾਨੂੰਨ ਵਿਵਸਥਾ ਤੇ ਫਿਰਕੂ ਸਦਭਾਵਨਾ ਵੀ ਢਹਿ ਢੇਰੀ ਹੋ ਗਈ ਹੈ।
ਅਕਾਲੀ ਦਲ ਦੇ ਪ੍ਰਧਾਨ, ਜੋ ਫੜਵਾਹੀ ਤੇ ਖੁੱਡੀ ਕਲਾਂ ਪਿੰਡ ਤੋਂ ਇਲਾਵਾ ਹੋਰ ਥਾਵਾਂ ’ਤੇ ਸਾਂਝੇ ਪੰਥਕ ਤੇ ਅਕਾਲੀ ਦਲ ਤੇ ਬਸਪਾ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿਚ ਜਨਤਕ ਇਕੱਠਾਂ ਨੁੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਤਬਾਹ ਕਰ ਰਹੀ ਹੈ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਇਸ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਪਹਿਲਾਂ ਸ੍ਰੀ ਭਗਵੰਤ ਮਾਨ ਨੇ ਪ੍ਰਸ਼ਾਸਨ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅੱਗੇ ਸਮਰਪਿਤ ਕਰ ਦਿੱਤਾ ਤੇ ਸ੍ਰੀ ਕੇਜਰੀਵਾਲ ਨਾ ਸਿਰਫ ਅਫਸਰਾਂ ਨੂੰ ਦਿੱਲੀ ਤਲਬ ਕਰ ਰਹੇ ਹਨ ਬਲਕਿ ਉਹਨਾਂ ਦੇ ਤਬਾਦਲੇ ਤੇ ਤਾਇਨਾਤੀਆਂ ਵੀ ਕਰ ਰਹੇ ਹਨ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸ੍ਰੀ ਭਗਵੰਤ ਮਾਨ ਨੇ ਸੂਬੇ ਦੇ ਸਰੋਤਾਂ ਨੂੰ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਰਗੇ ਰਾਜਾਂ ਜਿਥੇ ਚੋਣਾਂ ਹੋਣੀਆਂ ਹਨ, ਵਿਚ ਖਰਚਣ ਦੀ ਆਗਿਆ ਦੇ ਦਿੱਤੀ ਤੇ ਸਿਰਫ ਇਕ ਮਹੀਨੇ ਵਿਚ ਹੀ ਇਸ ਮਕਸਦ ਵਾਸਤੇ 24 ਕਰੋੜ ਰੁਪਏ ਦੇ ਇਸ਼ਤਿਹਾਰ ਜਾਰੀ ਕੀਤੇ ਗਏ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਪਿਛਲੇ ਤਿੰਨ ਮਹੀਨਿਆਂ ਵਿਚ 9 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਰਾਜ ਨੂੰ ਹੋਰ ਕਰਜ਼ਈ ਕਰ ਦਿੱਤਾ ਪਰ ਇਸ ਪੈਸੇ ਵਿਚੋਂ ਇਕ ਧੇਲਾ ਵੀ ਬੁਨਿਆਦੀ ਪ੍ਰਾਜੈਕਟਾਂ ’ਤੇ ਨਹੀਂ ਖਰਚਿਆ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਹਰ ਕੋਈ ਦਹਿਸ਼ਤ ਤੇ ਖੌਫ ਵਿਚ ਜੀਅ ਰਿਹਾ ਹੈ। ਉਹਨਾਂ ਕਿਹਾ ਕਿ ਵਪਾਰੀਆਂ ਨੂੰ ਫਿਰੌਤੀਆਂ ਲਈ ਫੋਨ ਆ ਰਹੇ ਹਨ, ਦਿਨ ਦਿਹਾੜੇ ਬੱਸਾਂ ਲੁੱਟੀਆਂ ਜਾ ਰਹੀਆਂ ਹਨ ਤੇ ਮਿੱਥ ਕੇ ਕਤਲ ਕੀਤੇ ਜਾ ਰਹੇ ਹਨ ਤੇ ਪੰਜਾਬ ਪੁਲਿਸ ਇੰਟੈਲੀਜੈਂਸ ਹੈਡਕੁਆਰਟਰ ਵਰਗੇ ਅਦਾਰਿਆਂ ’ਤੇ ਹਮਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇੰਨੇ ਮਾੜੇ ਹਾਲਾਤਾਂ ਦੇ ਬਾਵਜੂਦ ਮੁੱਖ ਮੰਤਰੀ ਪਰਵਾਹ ਨਹੀਂ ਕਰ ਰਹੇ ਤੇ ਉਹ ਸਿੱਧੂ ਮੂਸੇਵਾਲਾ, ਜਿਸਦੀ ਸੁਰੱਖਿਆ ਵਾਪਸੀ ਮਗਰੋਂ ਉਸਦਾ ਕਤਲ ਹੋ ਗਿਆ, ਵਰਗੇ ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈਣ ’ਤੇ ਸਸਤੀ ਸ਼ੋਹਰਤ ਹਾਸਲ ਕਰਨ ਵਿਚ ਲੱਗੇ ਹਨ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਨੁੰ ਜ਼ਰੂਰੀ ਸੇਵਾਵਾਂ ਦੇਣ ਵਿਚ ਵੀ ਨਾਕਾਮ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਜਦੋਂ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਇਆ ਹੈ ਤਾਂ ਵੱਡੇ ਵੱਡੇ ਬਿਜਲੀ ਕੱਟ ਲੱਗ ਰਹੇ ਹਨ। ਸ਼ਹਿਰਾਂ ਵਿਚ ਘੰਟਿਆਂ ਬੱਧੀ ਬਿਜਲੀ ਨਹੀਂ ਹੁੰਦੀ। ਸਰਕਾਰ ਝੋਨੇ ਦੇ ਸੀਜ਼ਨ ਲਈ ਬਿਜਲੀ ਦੇ ਢੁਕਵੇਂ ਪ੍ਰਬੰਧ ਕਰਨ ਵਿਚ ਨਾਕਾਮ ਰਹੀ ਹੈ।
ਇਸ ਦੌਰਾਨ ਬੀਬਾ ਕਮਲਦੀਪ ਕੌਰ ਰਾਜੋਆਣਾ ਲਈ ਚੋਣ ਪ੍ਰਚਾਰ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ਦਾ ਕਿਸੇ ਵੀ ਪਾਰਟੀ ਜਾਂ ਰਾਜ ਸਰਕਾਰ ’ਤੇ ਅਸਰ ਨਹੀਂ ਪਵੇਗਾ ਪਰ ਇਸ ਚੋਣ ਵਿਚ ਬੀਬਾ ਕਮਲਦੀਪ ਕੌਰ ਰਾਜੋਆਣਾ ਦੀ ਜਿੱਤ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੇ ਆਪਣੇ ਪਰਿਵਾਰਾਂ ਨਾਲ ਮਿਲਾਪ ਦਾ ਸਬੱਬ ਬਣ ਸਕਦੀ ਹੈ। ਉਹਨਾਂ ਦੱਸਿਆ ਕਿ ਕਿਵੇਂ ਭਾਈ ਬਲਵੰਤ ਸਿੰਘ ਰਾਜੋਆਣਾ ਬਿਨਾਂ ਪੈਰੋਲ ਤੋਂ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਵਰਗੇ ਬੰਦੀ ਸਿੰਘ ਨੂੰ ਅਧਿਕਾਰਤ ਪ੍ਰਵਾਨਗੀ ਤੋਂ ਬਾਅਦ ਵੀ ਰਿਹਾ ਨਹੀਂ ਕੀਤਾ ਜਾ ਰਿਹਾ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਉਹਨਾਂ ਦੀ ਰਿਹਾਈ ਲਈ ਫਾਈਲ ’ਤੇ ਹਸਤਾਖ਼ਰ ਨਹੀਂ ਕਰ ਰਹੇ।
ਸਰਦਾਰ ਬਾਦਲ ਨੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਸੰਗਰੂਰ ਚੋਣ ਲੜਨ ਦਾ ਇਕੱਲਿਆਂ ਹੀ ਫੈਸਲਾ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਪੰਥਕ ਏਕੇ ਵਾਸਤੇ ਸਿਰਤੋੜ ਯਤਨ ਕੀਤੇ ਤੇ ਸ੍ਰੀ ਮਾਨ ਨੂੰ ਛੱਡ ਕੇ ਸਾਰੀਆਂ ਪੰਥਕ ਜਥੇਬੰਦੀਆਂ ਬੀਬਾ ਰਾਜੋਆਣਾ ਦੀ ਹਮਾਇਤ ਵਿਚ ਆ ਗਈਆਂ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਾਂ ਵਿਚੋਂ ਉਮੀਦਵਾਰ ਚੁਣਨ ਦੀ ਹਦਾਇਤ ਮਗਰੋਂ ਡੂੰਘੇ ਵਿਚਾਰ ਵਟਾਂਦਰਾ ਤੋਂ ਬਾਅਦ ਪੰਥ ਨੇ ਬੀਬਾ ਰਾਜੋਆਣਾ ਨੂੰ ਉਮੀਦਵਾਰ ਬਣਾਇਆ ਹੈ। ਉਹਨਾਂ ਕਿਹਾ ਕਿ ਬੀਬਾ ਰਾਜੋਆਣਾ ਵੀ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੈ ਕਿਉਂਕਿ ਅਤਿਵਾਦ ਦੇ ਦਿਨਾਂ ਵਿਚ ਇਹਨਾਂ ਦੀ ਵੱਡੀ ਭੈਣ ਤੇ ਭਰਾ ਨੁੰ ਪੁਲਿਸ ਨੇ ਮਾਰ ਦਿੱਤਾ ਤੇ ਇਹਨਾਂ ਦਾ ਘਰ ਸਾੜ ਦਿੱਤਾ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹੀਰਾ ਸਿੰਘ ਗਾਬੜੀਆ, ਕੁਲਵੰਤ ਸਿੰਘ ਕਿਤੂ ਤੇ ਨੱਥਾ ਸਿੰਘ ਧਨੌਲਾ ਨੇ ਵੀ ਸੰਬੋਧਨ ਕੀਤਾ।