ਚੰਡੀਗੜ੍ਹ/28 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਮੌਕੇ ਉੱਤੇ 9 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾ ਰਹੇ ਸਮਾਗਮ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਰਨਗੇ।
ਅੱਜ ਪੱਛਮੀ ਬੰਗਾਲ ਵਿਚ ਅਸਾਨਸੋਲ ਵਿਖੇ ਗੁਰੂ ਸਾਹਿਬ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਦੇ ਸੰਦਰਭ ਵਿਚ ਹੋਏ ਇੱਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ 12 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਦੀ ਪ੍ਰਧਾਨਗੀ ਕੀਤੀ ਜਾਵੇਗੀ ਜਦਕਿ ਵੱਖ ਵੱਖ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ 11 ਨਵੰਬਰ ਨੂੰ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ 550ਵੀਂ ਸ਼ਤਾਬਦੀ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਇੱਕ ਨਵੰਬਰ ਤੋਂ 12 ਨਵੰਬਰ ਤਕ ਸਮਾਗਮ ਕਰਵਾਏ ਜਾਣਗੇ।
ਇਹਨਾਂ ਸਮਾਗਮਾਂ ਦੌਰਾਨ ਪੱਛਮੀ ਬੰਗਾਲ ਦੀ ਸੰਗਤ ਨੂੰ ਸੁਲਤਾਨਪੁਰ ਲੋਧੀ ਵਿਖੇ ਆਉਣ ਦਾ ਸੱਦਾ ਦਿੰਦਿਆਂ ਅਕਾਲੀ ਪ੍ਰਧਾਨ ਨੇ ਉਹਨਾਂ ਨੂੰ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ ਅਤੇ ਸ਼ਰਧਾਲੂ ਇਸ ਲਾਂਘੇ ਰਾਹੀਂ ਜਾ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।
ਸਰਦਾਰ
ਬਾਦਲ ਨੇ ਸੰਗਤ ਨੂੰ ਗੁਰੂ ਸਾਹਿਬ ਦੇ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦੇ
ਸੁਨੇਹੇ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਅਪੀਲ ਕੀਤੀ। ਉਹਨਾਂ ਪੰਜਾਬੀਆਂ ਨੂੰ ਅਪੀਲ
ਕੀਤੀ ਕਿ ਉਹ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਅਤੇ
ਇਹਨਾਂ ਸਿੱਖਿਆਵਾਂ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਆਖਣ। ਉਹਨਾਂ ਕਿਹਾ ਕਿ
550ਵੇਂ ਪਰਕਾਸ਼ ਪੁਰਬ ਸਮਾਗਮਾਂ ਨੂੰ ਕਾਮਯਾਬ ਬਣਾਉਣ ਲਈ ਅਕਾਲੀ ਦਲ ਅਤੇ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ।