ਕਿਹਾ ਕਿ ਕੇਜਰੀਵਾਲ ਹੁਣ ਵੀ ਦਿੱਲੀ ਦਾ ਮੁੱਖ ਮੰਤਰੀ ਹੁੰਦਿਆਂ ਪੰਜਾਬ ਤੇ ਪੰਜਾਬੀਆਂ ਨਾਲ ਵਿਤਕਰਾ ਕਰ ਰਿਹੈ
ਕਿਹਾ ਕਿ ਸਮੁੱਚਾ ਇਲਾਕਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੇਮ ਤੋਂ ਬਚਾਇਆ
ਮਲੋਟ, 17 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੁੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਮਾੜੇ ਮਨਸੁਬਿਆਂ ਤੋਂ ਚੌਕਸ ਰਹਿਣ ਅਤੇ ਕਿਹਾ ਕਿ ਜੇਕਰ ਕੇਜਰੀਵਾਲ ਨੁੰ ਸੱਤਾ ਮਿਲ ਗਈ ਤਾਂ ਉਹ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇ ਦੇਵੇਗਾ।
ਇਥੇ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਕੋਟਭਾਈ ਦੇ ਹੱਕ ਵਿਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਏਜੰਡਾ ਸਪਸ਼ਟ ਤੌਰ ’ਤੇ ਪੰਜਾਬ ਵਿਰੋਧੀ ਹੈ। ਉਹਨਾਂ ਕਿਹਾ ਕਿ ਭਾਵੇਂ ਚੋਣ ਪ੍ਰਚਾਰ ਦੌਰਾਨ ਉਹ ਝੂਠੀਆਂ ਗਰੰਟੀਆਂ ਨਾਲ ਪੰਜਾਬੀਆਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ ਪਰ ਸੱਚਾਈ ਇਹ ਹੈ ਕਿ ਉਸਨੇ ਸੁਪਰੀਮ ਕੋਰਟ ਵਿਚ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਲਿਆ ਹੈ, ਭਾਵੇਂ ਉਹ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਹਰਿਆਣਾ ਤੇ ਦਿੱਲੀ ਲਈ ਹਿੱਸਾ ਮੰਗਣ ਦੀ ਗੱਲ ਹੋਵੇ, ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਜਾਂ ਫਿਰ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕਰਨ ਦੀ ਕੇਜਰੀਵਾਲ ਨੇ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਲਿਆ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਕੇਜਰੀਵਾਲ ਦਿੱਲੀ ਵਿਚ ਵੀ ਪੰਜਾਬ ਤੇ ਪੰਜਾਬੀਆਂ ਨਾਲ ਵਿਤਕਰਾ ਕਰ ਰਿਹਾ ਹੈ। ਉਸਨੇ ਕਿਸੇ ਵੀ ਸਿੱਖ ਵਿਧਾਇਕ ਨੁੰ ਆਪਣੀ ਵਜ਼ਾਰਤ ਵਿਚ ਮੰਤਰੀ ਨਹੀਂ ਬਣਾਇਆ, ਦਿੱਲੀ ਵਿਚ ਪੰਜਾਬੀ ਦਾ ਦੂਜੀ ਭਾਸ਼ਾ ਦਾ ਦਰਜਾ ਵੀ ਆਮ ਆਦਮੀ ਪਾਰਟੀ ਸਰਕਾਰ ਨੇ ਵਾਪਸ ਲੈ ਲਿਆ ਤੇ ਦਿੱਲੀ ਦੇ ਸਕੂਲਾਂ ਵਿਚ ਪੰਜਾਬੀ ਪੜ੍ਹਾਉਣੀ ਬੰਦ ਕਰ ਦਿੱਤੀ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਕਿਸਾਨ ਅੰਦੋਲਨ ਦੌਰਾਨ ਜੇਲ੍ਹ ਵਿਚ ਬੰਦ ਪੰਜਾਬੀ ਨੌਜਵਾਨਾਂ ’ਤੇ ਵੀ ਜ਼ੁਲਮ ਕੀਤਾ। ਆਮ ਆਦਮੀ ਪਾਰਟੀ ਸਰਕਾਰ ਜੋ ਦਿੱਲੀ ਵਿਚ ਜੇਲ੍ਹ ਪ੍ਰਸ਼ਾਸਨ ਦੀ ਇੰਚਾਰਜ ਹੈ, ਨੇ ਪੰਜਾਬੀ ਨੌਜਵਾਨਾਂ ਨਾਲ ਬਦਸਲੂਕੀ ਕੀਤੀ ਤੇ ਉਹਨਾਂ ਦੀਆਂ ਜ਼ਮਾਨਤਾਂ ਦਾ ਵੀ ਵਿਰੋਧ ਕੀਤਾ।
ਉਹਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਹ ਸਮਝਣ ਕਿ ਕਿਹੜਾ ਉਹਨਾਂ ਨਾਲ ਚੰਗੇ ਮਾੜੇ ਸਮੇਂ ਵਿਚ ਡੱਟ ਕੇ ਖੜ੍ਹਾ ਹੋਇਆ। ਉਹਨਾਂ ਕਿਹਾ ਕਿ ਕੀ ਕਦੇ ਕੇਜਰੀਵਾਲ ਆਮ ਆਦਮੀ ਪਾਰਟੀ ਨੂੰ ਸੁਬੇ ਵਿਚ ਪ੍ਰਮੁੱਖ ਵਿਰੋਧੀ ਪਾਰਟੀ ਬਣਾਉਣ ’ਤੇ ਪੰਜਾਬੀਆਂ ਦਾ ਧੰਨਵਾਦ ਕਰਨ ਸੂਬੇ ਵਿਚ ਆਇਆ ਹੈ ? ਕੀ ਉਹ ਕੋਰੋਨਾ ਕਾਲ ਵਿਚ ਮਦਦ ਲਈ ਆਇਆ ? ਕੀ ਉਸਨੇ ਕਦੇ ਦਿੱਲੀ ਸਰਕਾਰ ਵੱਲੋਂ ਤੁਹਾਡੇ ਲਈ ਕੋਈ ਦਵਾਈ ਭੇਜੀ।
ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਿਆਸੀ ਦਲਬਦਲੂਆਂ ਤੋਂ ਵੀ ਸੁਚੇਤ ਰਹਿਣ ਜਿਹੜੇ ਇਸ ਵੇਲੇ ਆਮ ਆਦਮੀ ਪਾਰਟੀ ਦੀਆਂ ਟਿਕਟਾਂ ’ਤੇ ਚੋਣਾਂ ਲੜ ਰਹੇ ਹਲ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਦਲਬਦਲੂਆਂ ਨੁੰ ਕਰੋੜਾਂ ਰੁਪਏ ਵਿਚ ਟਿਕਟਾਂ ਵੇਚੀਆਂ ਹਨ। ਉਹਨਾਂ ਕਿਹਾ ਕਿ ਲੁਧਿਆਣਾ ਦੇ ਛੇ ਉਮੀਦਵਾਰਾਂ ਸਮੇਤ ਇਹਨਾਂ ਵਿਚੋਂ ਕਈ ਅਪਰਾਧਿਕ ਪਿਛੋਕੜ ਵਾਲੇ ਹਨ ਤੇ ਸਨੌਰ ਦਾ ਉਮੀਦਵਾਰ ਭਗੌੜਾ ਕਰਾਰ ਦਿੱਤਾ ਹੋਇਆ ਹੈ ਜਦੋਂ ਕਿ ਫਿਰੋਜ਼ਪੁਰ ਦਿਹਾਤੀ ਦੇ ਉਮੀਦਵਾਰ ’ਤੇ ਜਬਰ ਜਨਾਹ ਦੇ ਦੋਸ਼ ਲੱਗੇ ਹਨ ਤੇ ਉਸਦਾ ਪਿਛੋਕੜ ਅਪਰਾਧਿਕ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਅਪਰਾਧਿਕ ਪਿਛੋਕੜ ਵਾਲਿਆਂ ਨੁੰ ਟਿਕਟਾਂ ਦੇ ਕੇ ਸੂਬੇ ਦਾ ਸਿਆਸੀ ਮਾਹੌਲ ਖਰਾਬ ਕਰ ਰਿਹਾ ਹੈ ਤੇ ਸਮਾਜ ਵਿਚ ਫੁੱਟ ਪਾਉਣ ਦੇ ਬੀਜ ਬੀਜ ਰਿਹਾ ਹੈ।
ਆਪਣੀ ਮਾਤਾ ਸਰਦਾਰਨੀ ਸੁਰਿੰਦਰ ਕੌਰ ਦੇ ਮਲੋਟ ਨਾਲ ਲਗਾਅ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਤੁਸੀਂ ਵੇਖਿਆ ਹੋਵੇਗਾ ਕਿ ਜਦੋਂ ਅਕਾਲੀ ਦਲ ਸੱਤਾ ਵਿਚ ਸੀ ਤਾਂ ਇਸ ਇਲਾਕੇ ਦਾ ਕਿਵੇਂ ਵਿਕਾਸ ਕੀਤਾ ਗਿਆ। ਤੁਸੀਂ ਇਹ ਵੀ ਵੇਖਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇਥੇ ਸੈਂਕੜੇ ਕਰੋੜ ਰੁਪਏ ਖਰਚ ਕਰ ਕੇ ਇਲਾਕੇ ਵਿਚੋਂ ਸੇਮ ਦੀ ਸਮੱਸਿਆ ਹਮੇਸ਼ਾ ਲਈ ਖਤਮ ਕੀਤੀ। ਉਹਨਾਂ ਕਿਹਾ ਕਿ ਅਸੀਂ ਇਸ ਇਲਾਕੇ ਦੇ ਵਿਕਾਸ ਲਈ ਦ੍ਰਿੜ੍ਹ ਸੰਕਲਪ ਹਾਂ। ਉਹਨਾਂ ਕਿਹਾ ਕਿ ਸੁਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਆਉਣ ’ਤੇ ਅਸੀਂ ਇਸ ਇਲਾਕੇ ਵਿਚ ਵਿਕਾਸ ਗਤੀਵਿਧੀਆਂ ਮੁੜ ਸ਼ੁਰੂ ਕਰਾਂਗੇ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਬੁਢਾਪਾ ਪੈਨਸ਼ਨ 1500 ਰੁਪਏ ਤੋਂ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸ਼ਗਨ ਸਕੀਮ ਤਹਿਤ ਧੀਆਂ ਨੁੰ 75000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਗਠਜੋੜ ਸਰਕਾਰ ਬੀ ਪੀ ਐਲ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦੇਵੇਗੀ, ਉਚੇਰੀ ਸਿੱਖਿਆ ਲਈ ਵਿਦਿਆਰਥੀਆਂ ਨੂੰ ਸਟੂਡੈਂਟ ਕਾਰਡ ਤਹਿਤ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ, ਹਰੇਕ ਦਾ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ, ਇਕ ਲੱਖ ਸਰਕਾਰੀਨੌਕਰੀਆਂ ਤੇ 10 ਲੱਖ ਪ੍ਰਾਈਵੇਟ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇ,ਬੇਘਰੇ ਲੋਕਾਂ ਨੂੰ 5 ਲੱਖ ਘਰ ਬਣਾ ਕੇ ਦਿੱਤੇ ਜਾਣਗੇ ਅਤੇ ਹਰ ਹਲਕੇ ਵਿਚ 5 ਹਜ਼ਾਰ ਲੋਕਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ।