ਚੰਡੀਗੜ੍ਹ/07 ਜੂਨ: ਭਾਰਤੀਆ ਜਨਤਾ ਪਾਰਟੀ ਦੇ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਅੱਜ ਦੁਪਹਿਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਨਾਲ ਸਰਦਾਰ ਬਾਦਲ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ ਅਤੇ ਸਾਂਝੇ ਹਿੱਤਾਂ ਦੇ ਮੁੱਦਿਆਂ ਉੱਤੇ ਵਿਚਾਰ-ਚਰਚਾ ਕੀਤੀ।
ਬਾਅਦ ਵਿਚ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮੀਟਿੰਗ ਨੂੰ ਬਹੁਤ ਹੀ ਸਾਰਥਕ, ਨਤੀਜੇ-ਭਰਪੂਰ ਅਤੇ ਫਲਦਾਇਕ ਕਰਾਰ ਦਿੱਤਾ। ਉਹਨਾਂ ਕਿਹਾ ਕਿ ਦੋਵੇਂ ਧਿਰਾਂ ਨੇ ਇਸ ਮੀਟਿੰਗ ਦੌਰਾਨ ਇੱਕ ਸੁਹਿਰਦਤਾਪੂਰਨ, ਭਰੋਸੇਯੋਗ ਅਤੇ ਆਪਸੀ ਸਤਿਕਾਰ ਵਾਲੇ ਮਾਹੌਲ ਵਿਚ ਬਹੁਤ ਸਾਰੇ ਮਸਲਿਆਂ ਉੱਤੇ ਵਿਚਾਰ ਚਰਚਾ ਕੀਤੀ। ਅਕਾਲੀ ਭਾਜਪਾ ਗਠਜੋੜ ਨੂੰ ਦੇਸ਼ ਦਾ ਸਭ ਤੋਂ ਪੁਰਾਣਾ ਅਤੇ ਟਿਕਾਊ ਗਠਜੋੜ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹਨਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਵਿਚ ਸਮਾਜਿਕ ਸਹਿਮਤੀ ਦੀ ਪ੍ਰਤੀਨਿਧਤਾ ਕਰਦਾ ਹੈ। ਇਹ ਇੱਕ ਸਿਆਸੀ ਗਠਜੋੜ ਤੋਂ ਕਿਤੇ ਵੱਡੀ ਭਾਈਵਾਲੀ ਹੈ, ਜਿਹੜੀ ਸੂਬੇ ਅੰਦਰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੀ ਪ੍ਰਤੀਕ ਹੈ।
ਇਸੇ ਦੌਰਾਨ ਅਕਾਲੀ ਦਲ ਅਤੇ ਭਾਜਪਾ ਨੇ ਦੋਹਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੂੰ ਲੈ ਕੇ ਇੱਕ ਉੱਚ ਪੱਧਰੀ ਸਹਿਯੋਗ ਕਮੇਟੀ ਬਣਾਏ ਉੱਤੇ ਸਹਿਮਤੀ ਪ੍ਰਗਟਾਈ ਤਾਂ ਕਿ ਦੋਵੇਂ ਪਾਰਟੀਆਂ ਹਰ ਪੱਧਰ ਉੱਤੇ ਮਿਲ ਕੇ ਕੰਮ ਕਰ ਸਕਣ।
ਅਕਾਲੀ ਆਗੂਆਂ ਨੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦਾ ਗੁਰੂ ਕੇ ਲੰਗਰ ਲਈ ਖਰੀਦੀ ਜਾਂਦੀ ਰਸਦ ਨੂੰ ਜੀਐਸਟੀ ਤੋਂ ਛੋਟ ਦੇਣ ਵਾਲੇ ਵੱਡੇ ਫੈਸਲੇ ਲਈ ਧੰਨਵਾਦ ਕੀਤਾ। ਉਹਨਾਂ ਨੇ ਸਮੁੱਚੇ ਦੇਸ਼ ਦੇ ਗੰਨਾ ਉਤਪਾਦਕਾਂ ਲਈ ਜਾਰੀ ਕੀਤੇ 8000 ਕਰੋੜ ਰੁਪਏ ਵਿਚੋਂ 800 ਕਰੋੜ ਰੁਪਏ ਪੰਜਾਬ ਦੇ ਗੰਨਾ ਉਤਪਾਦਕਾਂ ਲਈ ਜਾਰੀ ਕਰਨ ਵਾਸਤੇ ਵੀ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਸਰਦਾਰ ਬਾਦਲ ਨੇ ਜਾਰੀ ਕੀਤੇ ਬਿਆਨ ਵਿਚ ਦੱਸਿਆ ਕਿ ਪੰਜਾਬ ਦੇ ਗੰਨਾ ਉਤਪਾਦਕਾਂ ਲਈ ਇਹ ਬਹੁਤ ਵੱਡੀ ਰਾਹਤ ਹੋਵੇਗੀ।
ਇਸ ਮੀਟਿੰਗ ਦੌਰਾਨ ਵਪਾਰੀਆਂ ਅਤੇ ਦਲਿਤਾਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਬਾਰੇ ਵੀ ਵਿਸਥਾਰ ਵਿਚ ਚਰਚਾ ਕੀਤੀ ਗਈ।
ਦੋਵੇਂ ਧਿਰਾਂ ਨੇ ਇਸ ਗੱਲ ਉੱਤੇ ਵੀ ਸਹਿਮਤੀ ਜਤਾਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਇੱਕ ਰਾਸ਼ਟਰੀ ਅਤੇ ਗਲੋਬਲ ਸਮਾਰੋਹ ਵਜੋਂ ਮਨਾਇਆ ਜਾਣਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਦੱਸਿਆ ਕਿ ਦੋਵੇਂ ਧਿਰਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸਮੇਤ ਹੋਰ ਵੀ ਬਹੁਤ ਸਾਰੇ ਸਿਆਸੀ, ਆਰਥਿਕ ਅਤੇ ਧਾਰਮਿਕ ਮੁੱਦਿਆਂ ਉੱਤੇ ਚਰਚਾ ਕੀਤੀ।
ਦੋਵੇਂ ਪਾਰਟੀਆਂ ਨੇ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਏ ਰੱਖਣ ਵਾਸਤੇ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਉਹਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਵਾਸਤੇ ਰਲ ਕੇ ਕੰਮ ਕਰਨ ਦਾ ਅਹਿਦ ਕੀਤਾ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ, ਸਰਦਾਰ ਸਿਕੰਦਰ ਸਿੰਘ ਮਲੂਕਾ, ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ, ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ, ਸ੍ਰੀ ਵਿਜੈ ਸਾਂਪਲਾ, ਸ੍ਰੀ ਤਰੁਣ ਚੁੱਘ, ਸ੍ਰੀ ਕਮਲ ਸ਼ਰਮਾ ਅਤੇ ਸ਼੍ਰੀ ਅਸ਼ਵਨੀ ਸ਼ਰਮਾ ਵੀ ਇਸ ਮੀਟਿੰਗ ਵਿਚ ਸ਼ਾਮਿਲ ਹੋਏ।