ਚੰਦੂਮਾਜਰਾ ਨੇ ਕਿਹਾ ਕਿ ਪ੍ਰਸਾਸ਼ਨ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ 'ਚ ਬੁਰੀ ਤਰ੍ਹਾਂ ਨਾਕਾਮ ਹੋ ਚੁੱਕਿਆ ਹੈ ਅਤੇ ਉਲਟਾ ਇਹ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਉੱਤੇ ਮਿੱਟੀ ਪਾ ਰਿਹਾ ਹੈ
ਚੰਡੀਗੜ੍ਹ/23 ਜੂਨ:ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਅੰਦਰ ਗੈਰਕਾਨੂੰਨੀ ਮਾਈਨਿੰਗ ਰੋਕਣ ਅਤੇ ਅਮਨ-ਕਾਨੂੰਨ ਬਰਕਰਾਰ ਰੱਖਣ 'ਚ ਨਾਕਾਮ ਰਹਿਣ ਵਾਸਤੇ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਅਗਲੇ ਕੁੱਝ ਦਿਨਾਂ ਵਿਚ ਸੂਬੇ ਅੰਦਰ ਚੱਲ ਰਹੀਆਂ ਗੈਰਕਾਨੂੰਨੀ ਮਾਈਨਿੰਗ ਦੀਆਂ ਸਾਰੀਆਂ ਗਤੀਵਿਧੀਆਂ ਉੱਤੇ ਕਾਬੂ ਨਹੀਂ ਪਾਉਂਦੀ ਤਾਂ ਅਕਾਲੀ ਦਲ ਪੰਜਾਬ ਦੇ ਵਾਤਾਰਵਰਣ ਦੀ ਰਾਖੀ ਵਾਸਤੇ ਕੇਂਦਰ ਸਰਕਾਰ ਕੋਲ ਪਹੁੰਚ ਕਰੇਗਾ।
ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸਾਂਸਦ ਅਤੇ ਸੀਨੀਅਰ ਆਗੂ ਪ੍ਰੌਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੂਬੇ ਅੰਦਰ ਅਮਨ-ਕਾਨੂੰਨ ਦੀ ਮਾੜੀ ਹਾਲਤ ਅਤੇ ਬੇਰੋਕ ਚੱਲ ਰਹੀ ਗੈਰਕਾਨੂੰਨੀ ਮਾਈਨਿੰਗ ਕਰਕੇ ਪੰਜਾਬ ਦੇ ਲੋਕ ਅਤੇ ਵਾਤਾਵਰਣ ਦੋਵੇਂ ਇੱਕ ਵੱਡੇ ਖ਼ਤਰੇ ਹੇਠ ਹਨ। ਉਹਨਾਂ ਕਿਹਾ ਕਿ ਰੇਤ ਮਾਈਨਿੰਗ ਦੇ ਸਾਰੇ ਨਿਯਮਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ। ਮਸਲਨ ਨਿਯਮ ਕਹਿੰਦੇ ਹਨ ਕਿ 10 ਫੁੱਟ ਤੋਂ ਡੂੰਘੀ ਖੁਦਾਈ ਨਹੀਂ ਹੋ ਸਕਦੀ, ਕਿਉਂਕਿ ਇਸ ਨਾਲ ਵਾਤਾਵਰਣ ਨੂੰ ਨੁਕਸਾਨ ਪਹੁੰਚ ਸਕਦਾ ਹੈ। ਪਰ ਤੁਸੀਂ ਪੂਰੇ ਪੰਜਾਬ ਵਿਚ ਰੇਤ ਦੀਆਂ ਖੱਡਾਂ ਵਿਚ 30-40 ਫੁੱਟ ਦੇ ਟੋਏ ਆਮ ਵੇਖ ਸਕਦੇ ਹੋ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜਿਹੀ ਹੀ ਲਾਪਰਵਾਹੀ ਅਮਨ ਕਾਨੂੰਨ ਪ੍ਰਤੀ ਵਿਖਾਈ ਜਾ ਰਹੀ ਹੈ। ਗੈਰਸਮਾਜੀ ਤੱਤ ਖੁੱਲ੍ਹੇਆਮ ਕਾਨੂੰਨੀ ਦੀਆਂ ਧੱਜੀਆਂ ਉਡਾਉਂਦੇ ਘੁੰਮ ਰਹੇ ਹਨ ਅਤੇ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਗੈਰਕਾਨੂੰਨੀ ਮਾਈਨਿੰਗ ਦੇ ਵਾਤਾਵਰਣ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਗੈਰਕਾਨੂੰਨੀ ਮਾਈਨਿੰਗ ਨੇ ਉਪਜਾਊ ਭੂਮੀ, ਪੁਲਾਂ ਅਤੇ ਲੋਕਾਂ ਦੇ ਘਰਾਂ ਤਕ ਹਰ ਚੀਜ਼ ਦਾ ਨੁਕਸਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਿਹਨਾਂ ਇਲਾਕਿਆਂ ਵਿਚ ਗੈਰਕਾਨੂੰਨੀ ਮਾਈਨਿੰਗ ਅੰਨ੍ਹੇਵਾਹ ਹੋ ਰਹੀ ਹੈ, ਉੱਥੇ ਜ਼ਮੀਨਾਂ ਨੂੰ ਖੋਰਾ ਲੱਗ ਰਿਹਾ ਹੈ, ਪੁਲ ਢਹਿ ਰਹੇ ਹਨ ਅਤੇ ਲੋਕਾਂ ਦੇ ਘਰਾਂ ਦੀਆਂ ਕੰਧਾਂ ਵਿਚ ਤਰੇੜਾਂ ਆ ਰਹੀਆਂ ਹਨ। ਉਹਨਾਂ ਕਿਹਾ ਕਿ ਰੋਪੜ ਅਤੇ ਮੁਹਾਲੀ ਜ਼ਿਲ੍ਹਿਆਂ ਵਿਚ ਸਭ ਤੋਂ ਵੱਧ ਨੁਕਸਾਨ ਹੋ ਰਿਹਾ ਹੈ। ਇੱਥੇ ਗੈਰਕਾਨੂੰਨੀ ਮਾਈਨਿੰਗ ਕਰਕੇ ਪੁਲ ਡਿੱਗਣ ਅਤੇ ਘਰ ਨੁਕਸਾਨੇ ਜਾਣ ਦੀਆਂ ਘਟਨਾਵਾਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪ੍ਰਸਾਸ਼ਨ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ 'ਚ ਬੁਰੀ ਤਰ੍ਹਾਂ ਨਾਕਾਮ ਹੋ ਚੁੱਕਿਆ ਹੈ ਅਤੇ ਉਲਟਾ ਇਹ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਉੱਤੇ ਮਿੱਟੀ ਪਾ ਰਿਹਾ ਹੈ, ਕਿਉਂਕਿ ਰੇਤ ਮਾਫੀਆ ਨੂੰ ਸੱਤਾਧਾਰੀ ਪਾਰਟੀ ਦੀ ਪੁਸ਼ਤਪਨਾਹੀ ਹਾਸਿਲ ਹੈ।
ਸਰਕਾਰ ਨੂੰ ਸੂਬੇ ਦੀ ਖਣਨ ਨੀਤੀ ਨੂੰ ਇੰਨ-ਬਿੰਨ ਲਾਗੂ ਕਰਨ ਦਾ ਅਲਟੀਮੇਟਮ ਦਿੰਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸਰਕਾਰ ਅਗਲੇ ਕੁੱਝ ਦਿਨਾਂ ਵਿਚ ਸੂਬੇ ਅੰਦਰ ਚੱਲ ਰਹੀਆਂ ਗੈਰਕਾਨੂੰਨੀ ਮਾਈਨਿੰਗ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਰੋਕਣ ਵਿਚ ਕਾਮਯਾਬ ਨਾ ਹੋਈ ਤਾਂ ਅਸੀਂ ਕੇਂਦਰੀ ਵਾਤਾਵਰਣ ਮੰਤਰੀ ਡਾਕਟਰ ਹਰਸ਼ ਵਰਧਨ ਕੋਲ ਪਹੁੰਚ ਕਰਾਂਗੇ ਅਤੇ ਉਹਨਾਂ ਨੂੰ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਡੇਰੇ ਹਿੱਤਾਂ ਦੀ ਰਾਖੀ ਲਈ ਦਖ਼ਲ ਦੇਣ ਲਈ ਆਖਾਂਗੇ। ਉਹਨਾਂ ਕਿਹਾ ਕਿ ਅਸੀਂ ਸੰਘੀ ਢਾਂਚੇ ਤਹਿਤ ਰਾਜਾਂ ਨੂੰ ਵੱਧ ਸ਼ਕਤੀਆਂ ਦਿੱਤੇ ਜਾਣ ਵਿਚ ਯਕੀਨ ਰੱਖਦੇ ਹਾਂ। ਪਰ ਪੰਜਾਬ ਸਰਕਾਰ ਦੇ ਸੂਬੇ ਦੇ ਵਾਤਾਵਰਣ ਪ੍ਰਤੀ ਅਣਗਹਿਲੀ ਭਰੇ ਰਵੱਈਏ ਨੂੰ ਹੋਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ। ਜੇਕਰ ਸੂਬਾ ਸਰਕਾਰ ਨੇ ਕੁੰਭਕਰਨੀ ਨੀਂਦ ਵਿਚੋਂ ਜਾਗ ਕੇ ਸੂਬੇ ਦੇ ਵਾਤਾਵਰਣ ਅਤੇ ਲੋਕਾਂ ਦੀ ਸੁਰੱਖਿਆ ਵਾਸਤੇ ਫੌਰੀ ਕਾਰਵਾਈ ਨਾ ਕੀਤੀ ਤਾਂ ਅਸੀਂ ਕੇਂਦਰ ਸਰਕਾਰ ਤੋਂ ਸਹਾਇਤਾ ਮੰਗਾਗੇ।
ਸੂਬੇ ਅੰਦਰ ਅਮਨ-ਕਾਨੂੰਨ ਦੀ ਲਗਾਤਾਰ ਵਿਗੜ ਰਹੀ ਹਾਲਤ ਬਾਰੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਜਦੋਂ ਦਿਨ ਦਿਹਾੜੇ ਡਕੈਤੀਆਂ, ਕਤਲ ਅਤੇ ਲੁੱਟਾਂ ਖੋਹਾਂ ਨਿੱਤ ਦਾ ਵਰਤਾਰਾ ਬਣ ਜਾਣ ਤਾਂ ਅਸੀਂ ਚੰਗੀ ਤਰਾਂ ਸਮਝ ਸਕਦੇ ਹਾਂ ਕਿ ਸੂਬੇ ਦੇ ਲੋਕਾਂ ਉੱਤੇ ਲੋਕਾਂ ਉੱਤੇ ਕੀ ਬੀਤਦੀ ਹੈ। ਉਹਨਾਂ ਕਿਹਾ ਕਿ ਅਮਨ-ਕਾਨੂੰਨ ਪੂਰੀ ਤਹਿਸ ਨਹਿਸ ਹੋ ਚੁੱਕਿਆ ਹੈ। ਕੁੱਝ ਹੀ ਦਿਨ ਪਹਿਲਾਂ ਬਦਮਾਸ਼ਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਿਲਕੁੱਲ ਨੇੜੇ ਦੋ ਨਿਰੋਦਸ਼ ਵਿਅਕਤੀਆਂ ਦੀ ਜਾਨ ਲਈ ਸੀ। ਜੇਲ੍ਹਾਂ ਵਿਚ ਬੈਠੇ ਗੈਂਗਸਟਰ ਸ਼ਰੇਆਮ ਮੁੱਖ ਮੰਤਰੀ, ਮੰਤਰੀਆਂ ਅਤੇ ਡੀਜੀਪੀ ਪੰਜਾਬ ਨੂੰ ਧਮਕੀਆਂ ਦੇ ਰਹੇ ਹਨ। ਅਜਿਹੇ ਡਰਾਉਣੇ ਮਾਹੌਲ ਵਿਚ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦਾ। ਇਹ ਬਹੁਤ ਹੀ ਮਾੜੇ ਹਾਲਾਤ ਹਨ। ਸਰਕਾਰ ਲੋਕਾਂ ਦੀ ਜਾਨ ਅਤੇ ਮਾਲ ਦੀ ਰਾਖੀ ਕਰਨ ਤੋਂ ਨਹੀਂ ਭੱਜ ਸਕਦੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਦਫ਼ਤਰ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਅਤੇ ਸਨੌਰ ਦੇ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ ਵੀ ਹਾਜ਼ਿਰ ਸਨ।