ਪੰਜਾਬ ਨੁੰ ਮੁੜ ਅੱਗ ਲਾਉਣ ਦੇ ਯਤਨਾਂ ਵਿਰੁੱਧ ਕੀਤਾ ਚੌਕਸ
ਪੰਥਕ ਇਕੱਠ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਉਣ ਦੀ ਕੀਤੀ ਮੰਗ
ਅੰਮ੍ਰਿਤਸਰ, 2 ਜਨਵਰੀ : ਅਕਾਲੀ ਦਲ ਦੇ ਸੁਪਰੀਮੋ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਵਿੱਤਰ ਗੁਰਧਾਮਾਂ ਵਿਚ ਸਰਕਾਰੀ ਕਠਪੁਤਲੀਆਂ ਨੁੰ ਨਵੇਂ ਮਸੰਦਾਂ ਸਥਾਪਿਤ ਕਰਨ ਦੀਆਂ ਖਤਰਨਾਕ ਸਾਜ਼ਿਸ਼ਾਂ ਵਿਰੁੱਧ ਚੇਤਾਵਨੀ ਦਿੱਤੀ।
‘‘ਖਾਲਸਾ ਪੰਥ ਨੂੰ ਕਮਜ਼ੋਰ ਕਰਨ ਅਤੇ ਇਸਦੀ ਨਿਆਰੀ ਤੇ ਵਿਲੱਖਣ ਧਾਰਮਿਕ ਪਛਾਣ ਨੂੰ ਖ਼ਤਮ ਕਰਨ ਵਾਸਤੇ ਡੂੰਘੀਆਂ ਚਾਲਬਾਜ਼ੀ ਵਾਲੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਸਾਡੇ ਪਵਿੱਤਰ ਗੁਰਧਾਮਾਂ ਤੇ ਉਹਨਾਂ ਦੀ ਨਿਵੇਕਲੀ ਧਾਰਮਿਕ ਵਿਚਾਰਧਾਰਾ ਨੁੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਤਾਕਤਵਰ ਏਜੰਸੀਆਂ ਵੱਲੋਂ ਕੌਮ ਦੇ ਅੰਦਰ ਬਗਾਵਤਾਂ ਕਰਵਾ ਕੇ, ਏਕਾ ਤੋੜ ਕੇ ਆਪਸੀ ਬੇਵਿਸਾਹੀ ਪੈਦਾ ਕਰਨ ਦੀਆਂ ਸਦੀਆਂ ਪੁਰਾਣੀਆਂ ਲੁਕਵੀਆਂ ਤਰਕੀਬਾਂ ਲਾਈਆਂ ਜਾ ਰਹੀਆਂ ਹਨ ਜਿਹਨਾਂ ਖਿਲਾਫ ਕੌਮ ਨੁੰ ਚੌਕਸੀ ਨਾਲ ਪਹਿਰਾ ਦੇਣਾ ਪਵੇਗਾ।’’
ਸੀਨੀਅਰ ਰਾਜਨੇਤਾ ਅੱਜ ਸ੍ਰੀ ਹਰਿਮੰਦਿਰ ਸਾਹਿਬ ਕੰਪਲੈਕਸ ਵਿਚ ਮੰਜੀ ਸਾਹਿਬ ਦੀਵਾਨ ਹਾਲ ਵਿਚ ਵਿਸ਼ਾਲ ਪੰਥਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਹ ਇਕੱਠ ਸ੍ਰੀ ਹਰਿਮੰਦਿਰ ਸਾਹਿਬ ਦੇ ਅੰਦਰ ਬੇਅਦਬੀ ਕਰਨ ਦੇ ਕੀਤੇ ਗਏ ਯਤਨ ਸਮੇਤ ਬੇਅਦਬੀ ਦੀਆਂ ਪੀੜਾਦਾਇਕ ਘਟਨਾਵਾਂ ਖਿਲਾਫ ਰੋਸ ਪ੍ਰਗਟ ਕਰਨ ਲਈ ਕੀਤਾ ਗਿਆ ਸੀ। ਸਰਦਾਰ ਬਾਦਲ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਫਿਰਕੂ ਧਰੁਵੀਕਰਨ ਨਾਲ ਪੰਜਾਬ ਨੁੰ ਮੁੜ ਅੱਗ ਦੀ ਭੱਠੀ ਵਿਚ ਝੋਕਣ ਦੀ ਖਤਰਨਾਕ ਸਾਜ਼ਿਸ਼ ਰਚੀ ਜਾ ਰਹੀ ਹੈ। ਉਹਨਾਂ ਕਿਹਾ ਕਿ ਬਹੁਤ ਮੁਸ਼ਕਿਲ ਨਾਲ ਬਣੀ ਅਮਨ ਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਮਾਹੌਲ ਨੂੰ ਤਾਕਤਾਂ ਲਾਂਬੂ ਲਾਉਣ ਦੇ ਚੱਕਰ ਵਿਚ ਹਨ। ਇਹ ਤਾਕਤਾਂ ਇਸਦਾ ਦੋਸ਼ ਵੀ ਪੰਜਾਬੀਆਂ ਸਿਰ ਮੜ੍ਹਨਗੀਆਂ ਤੇ 1980ਵਿਆਂ ਤੇ 1990ਵਿਆਂ ਨੂੰ ਦੁਹਰਾ ਕੇ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਪੰਥਕ ਇਕੱਠ ਦੌਰਾਨ ਬੇਅਦਬੀ ਦੀਆਂ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਏ ਜਾਣ ਦੀ ਮੰਗ ਵੀ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜ ਸਾਲਾਂ ਦੌਰਾਨ ਬੇਅਦਬੀ ਦੇ ਮਾਮਲੇ ’ਤੇ ਸਿਰਫ ਰਾਜਨੀਤੀ ਕੀਤੀ ਤੇ ਇਸ ਘਿਨੌਣੀ ਕਾਰਵਾਈ ਦੇ ਦੋਸ਼ੀਆਂ ਨੁੰ ਫੜਨ ਲਈ ਕੁਝ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਹੁਣ ਫਿਰ ਤੋਂ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ਅਤੇ ਕੇਵਲ ਸਿਆਸੀ ਉਦੇਸ਼ਾਂ ਵਾਸਤੇ ਸਮਾਜ ਵਿਚ ਵੰਡੀਆਂ ਪਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ 13 ਸਤੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੇ 15 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੁੰ ਫੜਨ ਦੇ ਬਾਵਜੂਦ ਸਰਕਾਰ ਨੇ ਦੋਹਾਂ ਘਟਨਾਵਾਂ ਪਿਛਲੀ ਸਾਜ਼ਿਸ਼ ਬੇਨਕਾਬ ਕਰਨ ਵਾਸਤੇ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਿਰ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਲਈ ਮੁਲਜ਼ਮ ਦੀ ਸ਼ਨਾਖ਼ਤ ਕਰਨ ਦਾ ਹਾਲੇ ਤੱਕ ਕੋਈ ਯਤਨ ਨਹੀਂ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੁੰ ਪੁੱਛਿਆ ਕਿ ਉਹ ਉਸ ਕਾਂਗਰਸ ਪਾਰਟੀ ਤੋਂ ਨਿਆਂ ਦੀ ਆਸ ਕਿਵੇਂ ਰੱਖ ਸਕਦੇ ਹਨ ਜਿਸਨੇ ਸ੍ਰੀ ਦਰਬਾਰ ਸਾਹਿਬ ’ਤੇ ਤੋਪਾਂ ਤੇ ਟੈਂਕਾਂ ਨਾਲ ਹਮਲਾ ਕੀਤਾ ਤੇ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਕਰਵਾਈ। ਇਸ ਵੇਲੇ ਪੰਥ ਤੇ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਨੁੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰਨ ਦੇ ਯਤਨ ਲਈ ਭਾਜਪਾ ਨੁੰ ਵੀ ਭੰਡਿਆ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਦਾਰ ਮਨਜਿੰਦਰ ਸਿੰਘ ਸਿਰਸਾ ਜੋ ਦਿੱਲੀ ਗੁਰਦੁਆਰਾ ਕਮੇਟੀ ਦੀ ਅਗਵਾਈ ਕਰ ਰਹੇ ਸਨ, ਭਾਜਪਾ ਵਿਚ ਸ਼ਾਮਲ ਹੋ ਗਏ। ਉਹਨਾਂ ਕਿਹਾ ਕਿ ਇਸਦਾ ਮਤਲਬ ਤਾਂ ਇਹ ਹੋਇਆ ਕਿ ਉਹ ਆਪਣੇ ਸਿਆਸੀ ਕੈਰੀਅਰ ਵਾਸਤੇ ਕਿਸਾਨ ਅੰਦੋਲਨ ਦੇ 800 ਸ਼ਹੀਦਾਂ ਦੀਆਂ ਲਾਸ਼ਾਂ ਦੇ ਉਪਰੋਂ ਅੱਗੇ ਲੰਘੇ ਹਨ। ਉਹਨਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਸਿਰਸਾ ਦੀ ਉਦਾਹਰਣ ’ਤੇ ਚੱਲਕੇ ਭਾਜਪਾ ਵਿਚ ਸ਼ਾਮਲ ਹੋਣ ਜਾਂ ਕਿਸੇ ਨਾਲ ਕਿਸੇ ਤਰੀਕੇ ਇਸ ਨਾਲ ਜੁੜਨ ਵਾਲੇ ਮੌਕਾਪ੍ਰਸਤਾਂ ’ਤੇ ਵੀ ਹੈਰਾਨੀ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਮੈਂ ਕਿਸਾਨ ਜਥੇਬੰਦੀਆਂ ਨੁੰ ਤੇ ਰਾਜੇਵਾਲ ਨੁੰ ਵੀ ਪੁੱਛਣਾ ਚਾਹੁੰਦਾ ਹਾਂ ਕਿ ਸਾਡੇ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇਣ ਅਤੇ ਐਨ ਡੀ ਏ ਨਾਲ ਗਠਜੋੜ ਤੋੜਨ ਦੇ ਬਾਵਜੁਦ ਤੁਸੀਂ ਸਾਡੀ ਨਿਖੇਧੀ ਕਰਦੇ ਸੀ ਪਰ ਹੁਣ ਤੁਸੀਂ ਕਿਵੇਂ ਭਾਜਪਾ ਨਾਲ ਘਿਓ ਖਿੱਚੜੀ ਹੋ ਰਹੇ ਹੋ ?
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਆਪਦੇ ਧਾਰਮਿਕ ਮਾਮਲਿਆਂ ਵਿਚ ਕੋਈ ਵੀ ਦਖਲ ਬਰਦਾਸ਼ਤ ਨਹੀਂ ਕਰੇਗੀ ਅਤੇ ਉਹਨਾਂ ਨੇ ਸਿੱਖ ਕੌਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੁੰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ ਤੇ ਕਿਹਾ ਕਿ ਇਸ ਨਾਲ ਅਕਾਲੀ ਦਲ ਆਪਣੇ ਆਪ ਮਜ਼ਬੂਤ ਹੋ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਕਦੇ ਵੀ ਸ੍ਰੀ ਸਿਰਸਾ ਤੇ ਉਹਨਾਂ ਵਰਗੇ ਲੋਕਾਂ ਨੂੰ ਮੁਆਫ ਨਹੀਂ ਕਰੇਗੀ ਜਿਹਨਾਂ ਨੇ ਆਪਣੀ ਤਾਕਤ ਤਾਂ ਸਿੱਖ ਧਾਰਮਿਕ ਸੰਸਥਾਵਾਂ ਤੋਂ ਹਾਸਲ ਕੀਤੀ ਤੇ ਫਿਰ ਇਹਨਾਂ ਦੀ ਪਿੱਠ ਵਿਚ ਛੁਰਾ ਮਾਰਿਆ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪਾਜਪਾ ਤਖਤ ਸ੍ਰੀ ਹਜ਼ੂਰ ਸਾਹਿਬ ਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਪ੍ਰਸ਼ਾਸਨ ਵਿਚ ਦਖਲ ਦੇ ਰਹੀ ਹੈ।