ਚੰਡੀਗੜ•/09 ਮਾਰਚ:ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉੱਘੇ ਸੂਫੀ ਗਾਇਕ ਅਤੇ ਉਸਤਾਦ ਪੂਰਨ ਚੰਦ ਵਡਾਲੀ ਦੇ ਛੋਟੇ ਭਰਾ ਪਿਆਰੇ ਲਾਲ ਵਡਾਲੀ ਦੀ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਆਰੇ ਲਾਲ ਦੀ ਮੌਤ ਨੂੰ ਵਡਾਲੀ ਪਰਿਵਾਰ ਅਤੇ ਸੂਫੀ ਸੰਗੀਤ ਦੀ ਦੁਨੀਆਂ ਨੂੰ ਪਿਆ ਇੱਕ ਵੱਡਾ ਘਾਟਾ ਕਰਾਰ ਦਿੰਦਿਆਂ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਦੋਵਾਂ ਨੇ ਮਰਹੂਮ ਸੂਫੀ ਗਾਇਕ ਵੱਲੋਂ ਸੂਫੀ ਸੰਗੀਤ ਵਿਚ ਪਾਏ ਬੇਮਿਸਾਲ ਯੋਗਦਾਨ ਦੀ ਪ੍ਰਸੰਸਾ ਕੀਤੀ।
ਆਪਣੇ ਸ਼ੋਕ ਸੁਨੇਹੇ ਵਿਚ ਉਹਨਾਂ ਕਿਹਾ ਕਿ ਪਿਆਰੇ ਲਾਲ ਵਡਾਲੀ ਦੀ ਮੌਤ ਨਾਲ ਦੁਨੀਆਂ ਭਰ ਦੇ ਸੂਫੀ ਸੰਗੀਤ-ਪ੍ਰੇਮੀਆਂ ਦੀ ਜ਼ਿੰਦਗੀ ਵਿਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ। ਉਹਨਾਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਦੁਖੀ ਪਰਿਵਾਰ ਨੂੰ ਇਸ ਕਦੇ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦੀ ਤਾਕਤ ਦੇਣ ਲਈ ਅਰਦਾਸ ਕੀਤੀ।
ਸ੍ਰੀ ਵਡਾਲੀ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਮਗਰੋਂ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ।