ਕੈਪਟਨ ਸਰਕਾਰ ਹਾਲ ਚੱਲ ਰਾਣੀ ਤੇਰਾ ਰੱਬ ਰਾਖਾ ਵਰਗਾ: ਚੰਦੂਮਾਜਰਾ
ਦਲਿਤਾਂ ਦਾ ਨਿਰਾਦਰ ਕਰ ਰਹੇ ਹਨ ਕਾਂਗਰਸੀ ਆਗੂ: ਮਜੀਠੀਆ
ਤਲਵੰਡੀ ਸਾਬੋ/14 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਕਿਸਾਨਾਂ ਦੀਆਂ ਫਸਲਾਂ ਦਾ ਪੂਰਾ ਮੁੱਲ ਦੇਣ ਲਈ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤੇ ਜਾਣ ਦਾ ਅਮਲ ਤੇਜ਼ ਹੋ ਚੁੱਕਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਜਲਦੀ ਇਸ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਅੱਜ ਇੱਥੇ ਵਿਸਾਖੀ ਅਤੇ ਖਾਲਸਾ ਸਾਜਣਾ ਦਿਵਸ ਦੇ ਪਵਿੱਤਰ ਮੌਕੇ ਉੱਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮੂਹ ਸਿੱਖ ਸੰਗਤ ਨੂੰ ਵਧਾਈ ਦੇਣ ਮਗਰੋਂ ਸਿੱਖ ਸੰਗਤਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨੀ ਸੰਕਟ ਨੂੰ ਦੂਰ ਕਰਨ ਲਈ ਅਕਾਲੀ ਦਲ ਵੱਲੋਂ ਲਗਾਤਾਰ ਕੇਂਦਰ ਸਰਕਾਰ ਉੱਤੇ ਜ਼ੋਰ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਡੇ ਸਾਰੇ ਐਮਪੀਜ਼ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ, ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਮਿਲ ਕੇ ਕਿਹਾ ਹੈ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਦਾ ਇੱਕੋ ਇੱਕ ਤਰੀਕਾ ਹੈ ਕਿ ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ। ਪ੍ਰਧਾਨ ਮੰਤਰੀ ਜੀ ਨੇ ਸਾਨੂੰ ਯਕੀਨ ਦਿਵਾਇਆ ਹੈ ਕਿ ਇਹ ਰਿਪੋਰਟ ਜਲਦੀ ਤੋਂ ਜਲਦੀ ਲਾਗੂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਇਕ ਇਤਿਹਾਸਕ ਫੈਸਲਾ ਹੋਵੇਗਾ, ਜਿਸ ਦਾ ਕਿਸਾਨਾਂ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਦੇ ਅਦਾਲਤੀ ਮਾਮਲੇ ਬਾਰੇ ਟਿੱਪਣੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਖੁਦ ਅਦਾਲਤ ਵਿਚ ਕਿਹਾ ਹੈ ਕਿ ਸਿੱੱਧੂ ਦੋਸ਼ੀ ਹੈ, ਇਸ ਲਈ ਇੱਕ ਮੁਜਰਿਮ ਨੂੰ ਮੰਤਰੀ ਮੰਡਲ ਵਿਚ ਨਹੀਂ ਰੱਖਣਾ ਚਾਹੀਦਾ, ਉਸ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ।
ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਖ਼ਤ ਟਿੱਪਣੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਡਰਦੀ ਲਾਪਤਾ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਲਈ ਵੀ ਮਿਲਣ ਲਈ ਸਮਾਂ ਨਹੀਂ ਹੈ, ਪੰਜਾਬ ਦੇ ਆਮ ਲੋਕਾਂ ਨੂੰ ਮਿਲਣਾ ਤਾਂ ਦੂਰ ਦੀ ਗੱਲ ਹੈ। ਉਹਨਾਂ ਕਿਹਾ ਕਿ ਸਰਕਾਰ ਪੂਰੀ ਤਰ•ਾਂ ਬੇਲਗਾਮ ਹੈ। ਕਿਸੇ ਅਧਿਕਾਰੀ ਨੂੰ ਪਤਾ ਨਹੀਂ ਕਿ ਉਸ ਨੇ ਕਿਸ ਤੋਂ ਨਿਰਦੇਸ਼ ਲੈਣਾ ਹੈ। ਕੋਈ ਕਿਸੇ ਨੂੰ ਜੁਆਬਦੇਹ ਨਹੀਂ ਅਤੇ ਲੋਕ ਖੱਜਲ ਖੁਆਰ ਹੋ ਰਹੇ ਹਨ।
ਤਲਵੰਡੀ ਸਾਬੋ ਹਲਕੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਹਲਕੇ ਦਾ ਜੋ ਵੀ ਵਿਕਾਸ ਹੋਇਆ ਹੈ, ਉਹ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਹਲਕੇ ਦਾ ਵਿਕਾਸ ਕਰਨਾ ਤਾਂ ਦੂਰ, ਪੰਜ ਸਾਲ ਇੱਥੇ ਕਦੇ ਪੈਰ ਵੀ ਨਹੀਂ ਸੀ ਧਰਿਆ। ਇਸ ਵਾਰ ਸਰਕਾਰ ਬਣੀ ਨੂੰ ਸਵਾ ਸਾਲ ਹੋ ਗਿਆ ਅਤੇ ਇਸ ਹਲਕੇ ਦੇ ਲੋਕਾਂ ਨੂੰ ਦੇ ਮੁੱਖ ਮੰਤਰੀ ਦੇ ਅਜੇ ਤੀਕ ਦਰਸ਼ਨ ਨਹੀਂ ਹੋਏ। ਉਹਨਾਂ ਕਿਹਾ ਕਾਂਗਰਸ ਸਰਕਾਰ ਖਾਲੀ ਖਜ਼ਾਨੇ ਦਾ ਬਹਾਨਾ ਬਣਾ ਕੇ ਸਾਰੇ ਵਿਕਾਸ ਕਾਰਜਾਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਇਕੱਲੇ ਤਲਵੰਡੀ ਸਾਬੋ ਹਲਕੇ ਨੂੰ ਹੀ 200-250 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਸੀ।
ਇਸ ਮੌਕੇ ਸਾਰੀਆਂ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ਾਂ ਉੱਤੇ ਚੱਲਣ ਦੀ ਲੋੜ ਹੈ।
ਇਸ ਮੌਕੇ ਕਾਂਗਰਸ ਸਰਕਾਰ ਵੱਲੋਂ ਦਲਿਤ ਭਾਈਚਾਰੇ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਅਪਮਾਨ ਬਾਰੇ ਟਿੱਪਣੀ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਸੀ ਅਤੇ ਦਲਿਤਾਂ ਨੂੰ ਰੰਘਰੇਟੇ ਗੁਰੂ ਕੇ ਬੇਟੇ ਕਹਿ ਕੇ ਗਲ ਨਾਲ ਲਾਇਆ ਸੀ ਜਦਕਿ ਮੌਜੂਦਾ ਕਾਂਗਰਸੀਆਂ ਵੱਲੋਂ ਐਸਸੀ ਭਾਈਚਾਰੇ ਦੇ ਰੰਗ ਉੱਤੇ ਅਪਮਾਨਜਨਕ ਟਿੱਪਣੀਆਂ ਕਰਕੇ ਉਹਨਾਂ ਦਾ ਨਿਰਾਦਰ ਕੀਤਾ ਜਾ ਰਿਹਾ ਹੈ। ਕਾਂਗਰਸ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਉੱਤੇ ਟਿੱਪਣੀ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਦੇ 400 ਦਿਨ ਪੂਰੇ ਨਹੀਂ ਹੋਏ ਅਤੇ 400 ਤੋਂ ਵੱਧ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ। ਇਹਨਾਂ ਵਿਚੋਂ ਜ਼ਿਆਦਾਤਰ ਖੁਦਕੁਸ਼ੀਆਂ ਬਠਿੰਡਾ ਖੇਤਰ ਵਿਚ ਹੋਈਆਂ ਹਨ। ਸਰਕਾਰ ਦੱਸੇ ਕਿ ਕੀ ਇਹਨਾਂ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ?
ਇਸ ਤੋਂ ਪਹਿਲਾਂ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਟਿੱਪਣੀ ਕਰਦਿਆਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦਾ ਹਾਲ 'ਚੱਲ ਰਾਣੀ ਤੇਰਾ ਰੱਬ ਰਾਖਾ' ਵਰਗਾ ਹੈ। ਪੂਰਾ ਸਿਸਟਮ ਤਬਾਹ ਹੋ ਚੁੱਕਿਆ ਹੈ। ਸਾਰੀਆਂ ਲੋਕ ਭਲਾਈ ਸਕੀਮਾਂ ਬੰਦ ਕੀਤੀਆਂ ਜਾ ਚੁੱਕੀਆਂ ਹਨ। ਵਿਕਾਸ ਕਾਰਜਾਂ ਨੂੰ ਰੋਕ ਦਿੱਤਾ ਗਿਆ ਹੈ। ਲੋਕ ਇੱਕ ਸਾਲ ਵਿਚ ਹੀ ਇੰਨੇ ਤੰਗ ਹੋ ਗਏ ਹਨ ਕਿ ਅਗਲੀਆਂ ਚੋਣਾਂ ਦੀ ਉਡੀਕ ਕਰਨ ਲੱਗ ਪਏ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਂਸਦ ਬਲਵਿੰਦਰ ਸਿੰਘ ਭੂੰਦੜ, ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜਨਮੇਜਾ ਸਿੰਘ ਸੇਖੋਂ, ਦਰਸ਼ਨ ਸਿੰਘ ਕੋਟਫੱਤਾ, ਜੀਤਮਹਿੰਦਰ ਸਿੰਘ ਸਿੱਧੂ, ਦਿਲਰਾਜ ਸਿੰਘ ਭੂੰਦੜ ਅਤੇ ਸਤਬੀਰ ਸਿੰਘ ਖਟੜਾ ਨੇ ਵੀ ਸੰਬੋਧਨ ਕੀਤਾ