ਚੰਡੀਗੜ•/29 ਸਤੰਬਰ: ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਕਿਹਾ ਹੈ ਕਿ ਉਹਨਾਂ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਚਨਬੱਧ ਹੈ ਅਤੇ ਉਹ ਆਪਣੇ ਪਿਤਾ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਦੇ ਕੰਮਾਂ ਤੋਂ ਸੇਵਾ ਮੁਕਤੀ ਤੋਂ ਮਗਰੋਂ ਪਰਿਵਾਰ ਦੀ ਇਸ ਵਿਰਾਸਤ ਨੂੰ ਅੱਗੇ ਲੈ ਕੇ ਜਾਣਗੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਇਸ ਤਰ•ਾਂ ਜਾਪਦਾ ਹੈ ਕਿ ਉਹਨਾਂ ਦੇ ਪਿਤਾ ਦੇ ਅਸਤੀਫੇ ਦੇ ਗਲਤ ਅਰਥ ਕੱਢੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮੇਰੇ ਪਿਤਾ ਨੇ ਬਿਲਕੁੱਲ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਾਰਟੀ ਦੇ ਨਾਲ ਹਨ ਅਤੇ ਉਹ ਰਾਜ ਸਭਾ ਮੈਂਬਰ ਵਜੋਂ ਸੇਵਾ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਮੈਂ ਆਪਣੇ ਵੱਲੋਂ ਇਹ ਕਹਾਂਗਾ ਕਿ ਸ਼੍ਰੋਮਣੀ ਅਕਾਲੀ ਦਲ, ਪਾਰਟੀ ਦੇ ਸਰਪ੍ਰਸਤ ਸਰਦਾਰ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਾਡੇ ਪਰਿਵਾਰ ਨੂੰ ਬਹੁਤ ਜ਼ਿਆਦਾ ਮਾਣ-ਸਤਿਕਾਰ ਦਿੱਤਾ ਗਿਆ ਹੈ। ਅਸੀਂ ਚੰਗੇ ਅਤੇ ਮਾੜੇ ਸਾਰੇ ਸਮਿਆਂ ਵਿਚ ਪਾਰਟੀ ਲਈ ਜੀਅ ਜਾਨ ਨਾਲ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਅਕਾਲੀ ਦਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ।
ਇਹ ਟਿੱਪਣੀ ਕਰਦਿਆਂ ਕਿ ਉਹ ਵਰਲਡ ਸਾਈਕਲ ਫੈਡਰੇਸ਼ਨ ਮੁਕਾਬਲੇ ਦੇ ਸਿਲਸਿਲੇ ਵਿਚ ਵਿਦੇਸ਼ ਦੌਰੇ ਉੱਤੇ ਹਨ, ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਉਹਨਾਂ ਦੇ ਪਿਤਾ ਸਰਦਾਰ ਢੀਂਡਸਾ ਨੇ ਸਿਹਤ ਠੀਕ ਨਾ ਰਹਿਣ ਕਰਕੇ ਪਾਰਟੀ ਦੀਆਂ ਜ਼ਿੰਮੇਵਾਰੀਆਂ ਤੋਂ ਛੁੱਟੀ ਲੈਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀ ਉਹਨਾਂ ਦੇ ਪਿਤਾ ਦੀ ਬਾਈਪਾਸ ਸਰਜਰੀ ਹੋਈ ਸੀ, ਇਸ ਤੋਂ ਇਲਾਵਾ ਉਹ ਮੋਢੇ ਅਤੇ ਪਿੱਠ ਦੇ ਦਰਦ ਤੋਂ ਵੀ ਪੀੜਤ ਹਨ, ਜਿਸ ਕਰਕੇ ਉਹਨਾਂ ਨੂੰ ਤੁਰਨ-ਫਿਰਨ ਵਿਚ ਕਾਫੀ ਮੁਸ਼ਕਿਲ ਆਉਂਦੀ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀ ਬਹੁਤ ਜ਼ਿਆਦਾ ਦਰਦ ਹੋਣ ਕਰਕੇ ਸਰਦਾਰ ਢੀਂਡਸਾ ਨੂੰ ਰੋਜ਼ਾਨਾ ਦਰਦ-ਨਿਵਾਰਕ ਗੋਲੀਆਂ ਖਾਣ ਵਾਸਤੇ ਮਜ਼ਬੂਰ ਹੋਣਾ ਪਿਆ ਹੈ। ਇਸ ਅਸਤੀਫੇ ਦੇ ਹੋਰ ਕੋਈ ਅਰਥ ਨਹੀਂ ਕੱਢਣੇ ਚਾਹੀਦੇ। ਉਹਨਾਂ ਕਿਹਾ ਕਿ ਉਹ ਪਾਰਟੀ ਦੇ ਜਨਰਲ ਸਕੱਤਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਜਾਰੀ ਰੱਖਣਗੇ।