ਮੁੱਖ ਮੰਤਰੀ ਖਰੜ ਪੁਲਿਸ ਥਾਣੇ ਵਿਚ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਓਟਣ ਤੇ ਤੁਰੰਤ ਅਸਤੀਫਾ ਦੇਣ: ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 7 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਖਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਖਰੜ ਪੁਲਿਸ ਥਾਣੇ ਵਿਚ ਇੰਟਰਵਿਊ ਦੀ ਨਿਗਰਾਨੀ ਦੀ ਨੈਤਿਕ ਜ਼ਿੰਮੇਵਾਰੀ ਓਟਣ ਅਤੇ ਉਹਨਾਂ ਨੇ ਇੰਟਵਿਊ ਕਰਵਾਉਣ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿਚ ਹੋਣ ਦਾ ਜ਼ੋਰਦਾਰ ਖੰਡਨ ਕੀਤਾ ਸੀ ਪਰ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੌਂਪੀ ਰਿਪੋਰਟ ਵਿਚ ਸਪਸ਼ਟ ਹੋ ਗਿਆ ਹੈ ਕਿ ਇੰਟਰਵਿਊ ਖਰੜ ਪੁਲਿਸ ਥਾਣੇ ਵਿਚ ਹੋਈ ਹੈ।
ਸਰਦਾਰ ਮਜੀਠੀਆ ਨੈ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਖਰੜ ਵਿਚ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਉਸ ਵੇਲੇ ਹੋਈ ਜਦੋਂ ਉਹ ਪੁਲਿਸ ਰਿਮਾਂਡ ’ਤੇ ਸੀ ਅਤੇ ਮੁੱਖ ਮੰਤਰੀ ਦੀ ਸਿੱਧੀ ਨਿਗਰਾਨੀ ਹੇਠ ਸੀਨੀਅਰ ਪੁਲਿਸ ਅਫਸਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਉਸਦੀ ਭੂਮਿਕਾ ਦੀ ਜਾਂਚ ਕਰ ਰਹੇ ਸਨ। ਉਹਨਾਂ ਕਿਹਾ ਕਿ ਅਜਿਹਾ ਤਾਂ ਹੀ ਹੋ ਸਕਦਾ ਹੈ ਜੇਕਰ ਸਰਕਾਰ ਸਰਕਾਰ ਦੀ ਪੁਸ਼ਤਪਨਾਹੀ ਹਾਸਲ ਹੋਵੇ ਅਤੇ ਮੁੱਖ ਮੰਤਰੀ ਹੁਣ ਦੱਸਣ ਕਿ ਉਹਨਾਂ ਦੀ ਸਰਕਾਰ ਦਿੱਲੀ ਦੀ ਆਪ ਸਰਕਾਰ ਵਾਂਗੂ ਬਿਸ਼ਨੋਈ ਦੀ ਪੁਸ਼ਤਪਨਾਈ ਕਿਉਂ ਕਰ ਰਹੀ ਸੀ। ਉਹਨਾਂ ਇਹ ਵੀ ਮੰਗ ਕੀਤੀ ਕਿ ਪੁਲਿਸ ਥਾਣੇ ਵਿਚ ਜਿਹੜੇ ਅਫਸਰਾਂ ਨੇ ਟੀ ਵੀ ਇੰਟਰਵਿਊ ਕਰਵਾਈ ਉਹਨਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ।
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਪਾਏ ਗਏ ਹੋਣ। ਉਹਨਾਂ ਕਿਹਾ ਕਿ ਮੂਸੇਵਾਲਾ ਨੂੰ ਕਤਲ ਕਰਨ ਦੀ ਸਾਜ਼ਿਸ਼ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਰਚੀ ਗਈ ਜੋ ਕਿ ਸਿੱਧਾ ਆਪ ਸਰਕਾਰ ਦੇ ਕੰਟਰੋਲ ਹੇਠ ਹੈ। ਉਹਨਾਂ ਕਿਹਾ ਕਿ ਇਹਵੀ ਸਪਸ਼ਟ ਹੈ ਕਿ ਮੁੱਖ ਮੰਤਰੀ ਨੇ ਨਾ ਸਿਰਫ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਬਲਕਿ ਇਸਦਾ ਪ੍ਰਚਾਰ ਵੀ ਕੀਤਾ। ਉਹਨਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿਚ ਆਪ ਸਰਕਾਰ ਦੀ ਪੁਸ਼ਤਪਨਾਹੀ ਹੇਠ ਹੋਈ।
ਸਰਦਾਰ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਸੂਬਾ ਚਲਾਉਣ ਦੇ ਸਮਰਥ ਨਹੀਂ ਹਨ ਤੇ ਉਹਨਾਂ ਨੇ ਗੈਂਗਸਟਰਾਂ ਨੂੰ ਖੁੱਲ੍ਹੀ ਛੁੱਟੀ ਦੇ ਰੱਖੀ ਹੈ। ਉਹਨਾਂ ਕਿਹਾ ਕਿ ਇਹ ਗੱਲ ਇਥੋਂ ਹੀ ਸਪਸ਼ਟ ਹੋ ਜਾਂਦੀ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਗੈਂਗਸਟਰਾਂ ਨੇ 43 ਹਜ਼ਾਰ ਫੋਨ ਕਾਲਾਂ ਕੀਤੀਆਂ ਹਨ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਜਦੋਂ ਸਾਰੀ ਗੱਲ ਮੁੱਖ ਮੰਤਰੀ ’ਤੇ ਆ ਗਈ ਹੈ ਤਾਂ ਭਗਵੰਤ ਮਾਨ ਨੂੰ ਤੁਰੰਤ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।