ਫਿਰੋਜ਼ਪੁਰ, 11 ਫਰਵਰੀ : ਪੰਜਾਬੀਆਂ ਨੁੰ ਮੌਜੂਦਾ ਚੋਣਾਂ ਦੇ ਸੁਨਿਹਰੀ ਮੌਕੇ ਦੀ ਵਰਤੋਂ ਪੰਜਾਬੀਆਂ ਦੀ ਖੁਸ਼ਹਾਲੀ ਤੇ ਸੂਬੇ ਦੀ ਤਰੱਕੀ ਯਕੀਨੀ ਬਣਾਉਣ ਵਾਸਤੇ ਕਰ ਕੇ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਚੁਣਨੀ ਚਾਹੀਦੀ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ।
ਅੱਜ ਇਥੇ ਗੁਰੂ ਹਰਿਸਹਾਏ ਵਿਚ ਪਾਰਟੀ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ, ਫਿਰੋਜ਼ਪੁਰ ਦਿਹਾਤੀ ਵਿਚ ਜੋਗਿੰਦਰ ਸਿੰਘ ਜਿੰਦੂ ਅਤੇ ਫਿਰੋਜ਼ੁਪਰ ਸ਼ਹਿਰੀ ਤੋਂ ਰੋਹਿਤ ਕੁਮਾਰ ਮੋਂਟੂ ਵੋਹਰਾ ਦੇ ਹੱਕ ਵਿਚ ਵੱਖ ਵੱਖ ਚੋਣ ਪ੍ਰੋਗਰਾਮਾਂ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀਆਂ ਕਾਂਗਰਸ ਸਰਕਾਰਾਂ ਦੇ ਰਾਜ ਦੇ ਪੰਜ ਕੀਮਤੀ ਸਾਲ ਬਰਬਾਦ ਕਰ ਲਏ ਹਨ। ਉਹਨਾਂ ਕਿਹਾ ਕਿ ਹੁਣ ਲੋਕ ਸਰਕਾਰ ਦੀ ਚੋਣ ਵਿਚ ਗਲਤ ਫੈਸਲਾ ਲੈ ਕੇ ਪੰਜ ਸਾਲ ਹੋਰ ਬਰਬਾਦ ਕਰਨ ਦਾ ਜ਼ੋਖ਼ਮ ਨਹੀਂ ਲੈ ਸਕਦੇ। ਉਹਨਾਂ ਕਿਹਾ ਕਿ ਇਹ ਸਿਰਫ ਸਮੇਂ ਦੀ ਕਸਵੱਟੀ ’ਤੇ ਖਰਿਆ ਉਤਰਿਆ ਅਕਾਲੀ ਦਲ ਤੇ ਬਸਪਾ ਗਠਜੋੜ ਹੀ ਹੈ ਜੋ ਪੰਜਾਬੀਆਂ ਦੀ ਖੁਸ਼ਹਾਲੀ ਤੇ ਸੂਬੇ ਦੀ ਤਰੱਕੀ ਯਕੀਨੀ ਬਣਾ ਸਕਦਾ ਹੈ ਜਿਵੇਂ ਕਿ ਪਹਿਲਾਂ ਲੋਕਾਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਦਲ ਦੀਆਂ ਅਗਵਾਈ ਵਾਲੀਆਂ ਸਰਕਾਰਾਂ ਵੇਲੇ ਵੇਖਿਆ ਹੈ।
ਕਾਂਗਰਸ ’ਤੇ ਵਰ੍ਹਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਬਜਾਏ ਨਵੀਂਆਂ ਸਹੂਲਤਾਂ ਪ੍ਰਦਾਨ ਕਰਨ ਦੇ ਕਾਂਗਰਸ ਸਰਕਾਰ ਨੇ ਪਿਛਲੀਆਂ ਸਰਕਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਦਿੱਤੀਆਂ ਸਹੂਲਤਾਂ ਵੀ ਖੋਹ ਲਈਆਂ। ਉਹਨਾਂ ਕਿਹਾ ਕਿ ਭਾਵੇਂ ਬੁਢਾਪਾ ਪੈਨਸ਼ਨ ਹੋਵੇ, ਸ਼ਗਨ ਸਕੀਮ, ਆਟਾ ਦਾਲ ਸਕੀਮ, ਖੇਤੀਬਾੜੀ ਲਈ ਮੁਫਤ ਬਿਜਲੀ ਜਾਂ ਲੜਕੀਆਂ ਨੁੰ ਮੁਫਤ ਸਾਈਕਲ ਪ੍ਰਦਾਨ ਕਰਨ ਦੀ ਗੱਲ ਹੋਵੇ, ਸਾਰੀਆਂ ਸਕੀਮਾਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਸਮੇਂ ਹੀ ਸ਼ੁਰੂ ਕੀਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਇਹਨਾਂ ਸਕੀਮਾਂ ਵਿਚ ਵਾਧਾ ਤਾਂ ਕੀ ਕਰਨਾ ਸੀ ਕਾਂਗਰਸ ਸਰਕਾਰ ਨੇ ਸੂਬੇ ਵਿਚ ਇਹ ਸਾਰੀਆਂ ਸਕੀਮਾਂ ਵੀ ਬੰਦ ਕਰ ਦਿੱਤੀਆਂ ਤੇ ਅਕਾਲੀ ਦਲ ਦੀ ਸਰਕਾਰ ਵੱਲੋਂ ਆਰੰਭੇ ਵਿਕਾਸ ਕਾਰਜ ਵੀ ਠੱਪ ਕਰ ਦਿੱਤੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਐਸ ਸੀ ਸਕਾਲਰਸ਼ਿਪ ਸਕੀਮ ਵੀ ਬੰਦ ਕਰ ਦਿੱਤੀ ਜਿਸ ਕਾਰਨ ਹਰ ਸਾਲ ਸਾਢੇ ਚਾਰ ਲੱਖ ਵਿਦਿਆਰਥੀਆਂ ਤੋਂ ਸਿੱਖਿਆ ਦਾ ਹੱਕ ਖੋਹ ਲਿਆ ਗਿਆ।
ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਕਾਂਗਰਸ ਦੇ ਵਿਧਾਇਕਾਂ ਨੇ ਗੈਂਗਸਟਰਾਂ ਦੀ ਪੁਸ਼ਤਪਨਾਈ ਕੀਤੀ ਤੇ ਰੇਤ ਮਾਇਨਿੰਗ ਤੇ ਨਸ਼ਿਆਂ ਦੀ ਵਿਕਰੀ ਦੀ ਪ੍ਰਧਾਨਗੀ ਕੀਤੀ।
ਸਰਦਾਰ ਬਾਦਲ ਨੇ ਕਿਹਾ ਕਿ ਲੋਕਾਂ ਨੇ ਪਹਿਲਾਂ ਹੀ ਵੇਖ ਲਿਆ ਹੈ ਕਿ ਕਿਵੇਂ ਆਪਣੀਆਂ ਲੋਕ ਵਿਰੋਧੀ ਤੇ ਸੂਬਾ ਵਿਰੋਧੀ ਨੀਤੀਆਂ ਕਾਰਨ ਕਾਂਗਰਸ ਨੇ ਸੂਬੇ ਨੁੰ ਪੰਜ ਸਾਲ ਪਿੱਛੇ ਧੱਕ ਦਿੱਤਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੀ ਪੰਜਾਬ ਵਿਰੋਧੀ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਕੇਜਰੀਵਾਲ, ਜੋ ਪੰਜਾਬ ਵਿਚ ਕੀਤੇ ਵਾਅਦੇ ਦਿੱਲੀ ਵਿਚ ਲਾਗੂ ਕਰਨ ਵਿਚ ਨਾਕਾਮ ਰਿਹਾ ਹੈ, ਉਪਰ ਪੰਜਾਬੀ ਵਿਸ਼ਵਾਸ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਉਸਦੇ ਪੰਜਾਬ ਵਿਰੋਧੀ ਕਦਮ ਵੇਖ ਲਏ ਹਨ ਜਿਸਨੇ ਪੰਜਾਬ ਦੇ ਦਰਿਆਈ ਪਾਣੀਆਂ ਵਿਚ ਦਿੱਲੀ ਤੇ ਹਰਿਆਣਾ ਲਈ ਹਿੱਸਾ ਮੰਗਿਆ, ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਿਰਫ ਅਕਾਲੀ ਦਲ ਤੇ ਬਸਪਾ ਗਠਜੋੜ ਹੀ ਹੈ ਜੋ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੰਮ ਕਰ ਸਕਦਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਦਿੱਤੀਆਂ ਸਹੂਲਤਾਂ ਤੋਂ ਇਲਾਵਾ ਹੁਣ ਸਰਕਾਰ ਬਣਨ ’ਤੇ ਅਕਾਲੀ ਦਲ ਤੇ ਬਸਪਾ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੁੰ ਹਰ ਮਹੀਨੇ 400 ਯੁਨਿਟ ਬਿਜਲੀ ਪ੍ਰਦਾਨ ਕਰੇਗੀ, ਹਰੇਕ ਲਈ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ ਤੇ ਅਜਿਹੇ ਵਿਦਿਆਰਥੀਆਂ ਦੀ ਫੀਸ ਪੰਜਾਬ ਸਰਕਾਰ ਭਰੇਗੀ। ਉਹਨਾਂ ਕਿਹਾ ਜੇਕਰ ਕੋਈ ਵਿਦੇਸ਼ ਜਾਂ ਭਾਰਤ ਵਿਚ ਕਿਤੇ ਵੀ ਉਚੇਰੀ ਸਿੱਖਿਆ ਹਾਸਲ ਕਰਨਾ ਚਾਹੁੰਦ ਹੈ ਤਾਂ ਅਜਿਹੇ ਵਿਦਿਆਰਥੀਆਂ ਨੂੰ ਸਟੂਡੈਂਟ ਕਾਰਡ ਰਾਹੀਂ 10 ਲੱਖ ਰੁਪਏ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਨੁੰ ਆਪਣੇ ਉਦਮ ਸ਼ੁਰੂ ਕਰਨ ਵਾਸਤੇ 5 ਲੱਖ ਰੁਪਏ ਤੱਕ ਦਾ ਕਰਜ਼ਾ ਵਿਆਜ਼ ਮੁਕਤ ਪ੍ਰਦਾਨ ਕਰੇਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵਾਅਦਾ ਵੀ ਕੀਤਾ ਕਿ ਫਿਰੋਜ਼ਪੁਰ ਵਿਚ ਪੀ ਜੀ ਆਈ ਵਰਗਾ ਹਸਪਤਾਲ ਸਥਾਪਿਤ ਕੀਤਾ ਜਾਵੇਗਾ ਤੇ ਜਿੰਨਾ ਕਿਸਾਨਾਂ ਦੀਆਂ ਜ਼ਮੀਨਾਂ ਸਰਹੱਦੀ ਪੱਟੀ ਦੇ ਪਾਰ ਹਨ, ਉਹ ਜ਼ਮੀਨਾਂ ਉਹਨਾਂ ਦੇ ਨਾਂ ਕਰਵਾਈਆਂ ਜਾਣਗੀਆਂ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਨੁੰ ਚੁਣਨ ਦਾ ਮਨ ਬਣਾ ਲਿਆ ਹੈ ਤੇ ਗਠਜੋੜ ਮੌਜੂਦਾ ਚੋਣਾਂ ਵਿਚ 80 ਤੋਂ ਜ਼ਿਆਦਾ ਸੀਟਾਂ ਜਿੱਤੇਗਾ।