ਸੀਨੀਅਰ ਅਕਾਲੀ ਆਗੂਆਂ ਨੇ ਆਪ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ’ਤੇ ਕੋਟਕਪੁਰਾ ਫਾਇਰਿੰਗ ਕੇਸ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ ਕਰਨ ਦਾ ਲਾਇਆ ਦੋਸ਼
ਚੰਡੀਗੜ੍ਹ, 26 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ 500 ਕਰੋੜ ਰੁਪਏ ਦਾ ਆਬਕਾਰੀ ਘੁਟਾਲਾ ਬੇਨਕਾਬ ਕਰਨ ਤੋਂ ਬਾਅਦ ਬੌਖਲਾਹਟ ਵਿਚ ਆ ਗਈ ਹੈ ਅਤੇ ਇਹੀ ਕਾਰਨ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕੁਲਦੀਪ ਧਾਲੀਵਾਲ ਨੇ ਕੋਟਕਪੁਰਾ ਫਾਇਰਿੰਗ ਮਾਮਲੇ ਵਿਚ ਅਕਾਲੀ ਦਲ ਦੇ ਪ੍ਰਧਾਨ ਖਿਲਾਫ ਦੂਸ਼ਣਬਾਜ਼ੀ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਸਿਕੰਦਰ ਸਿੰਘ ਮਲੂਕਾ ਅਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਮੰਤਰੀ ਜਾਂਚ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ਚੱਲ ਪਈ ਹੈ ਜਿਸਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲਿਆ ਸੀ।
ਅਕਾਲੀ ਆਗੂਆਂ ਨੇ ਕਿਹਾ ਕਿ ਮੰਤਰੀ ਨੇ ਐਲਾਨ ਕੀਤਾ ਹੈ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਕੋਟਕਪੁਰਾ ਫਾਇਰਿੰਗ ਘਟਲਾ ਦੇ ਦੋਸ਼ੀ ਹਨ ਜਦੋਂ ਕਿ ਕੇਸ ਦੀ ਜਾਂਚ ਪੂਰੀ ਹੋਣੀ ਬਾਕੀ ਹੈ। ਉਹਨਾਂ ਸਵਾਲ ਕੀਤਾ ਕਿ ਕੀ ਉਹ ਕੇਸ ਦੇ ਜਾਂਚ ਅਫਸਰ ਹਨ ? ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਪ ਸਰਕਾਰ ਪੁਲਿਸ ਅਫਸਰਾਂ ’ਤੇ ਦਬਾਅ ਬਣਾ ਰਹੀ ਹੈ ਕਿ ਉਹ ਅਕਾਲੀ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਉਣ। ਇਹਨਾਂ ਆਗੂਆਂ ਨੇ ਕਿਹਾ ਕਿ ਇਹ ਗੱਲ ਐਸ ਆਈ ਟੀ ਦੇ ਮੁਖੀ ਹੀ ਸਪਸ਼ਟ ਕਰ ਸਕਦੇ ਹਨ ਕਿ ਕੀ ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਆਗੂਆਂ ਨੂੰ ਕੇਸ ਵਿਚ ਫਸਾਉਣ ਦੀ ਹਦਾਇਤ ਕੀਤੀ ਹੈ?
ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰੀ ਧਾਲੀਵਾਲ ਦਾ ਬਿਆਨ ਸਪਸ਼ਟ ਕਰਦਾ ਹੈ ਕਿ ਆਪ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹਾਲੇ ਤੱਕ ਕੇਸ ਦੀ ਜਾਂਚ ਵਿਚ ਸ਼ਮੂਲੀਅਤ ਨਹੀਂ ਕੀਤੀ ਅਤੇ ਉਹਨਾਂ ਨੂੰ ਐਸ ਆਈ ਟੀ ਨੇ 30 ਅਗਸਤ ਨੂੰ ਸੱਦਿਆ ਸੀ ਪਰ ਆਪ ਸਰਕਾਰ ਨੇ ਪਹਿਲਾਂ ਹੀ ਕੇਸ ਦਾ ਫੈਸਲਾ ਸੁਣਾ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਜਦੋਂ ਕਿਸੇ ਕਮਿਸ਼ਨ ਜਾਂ ਅਦਾਲਤ ਨੇ ਸਰਦਾਰ ਬਾਦਲ ਨੂੰ ਕਿਸੇ ਵੀ ਪੁਲਿਸ ਫਾਇਰਿੰਗ ਜਾਂ ਬਰਗਾੜੀ ਬੇਅਦਬੀ ਕੇਸ ਵਿਚ ਦੋਸ਼ੀ ਨਹੀਂ ਠਹਿਰਾਇਆ ਜਦੋਂ ਕਿ ਉਹਨਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ।
ਪ੍ਰੋ. ਚੰਦੂਮਾਜਰਾ, ਸਰਦਾਰ ਮਲੂਕਾ ਤੇ ਸਰਦਾਰ ਵਲਟੋਹਾ ਨੇ ਕਿਹਾ ਕਿ ਮੰਤਰੀ ਧਾਲੀਵਾਲ ਦਾ ਬਿਆਨ ਉਦੋਂ ਆਇਆ ਹੈ ਜਦੋਂ ਸਾਬਕਾ ਆਈ ਜੀ ਤੇ ਆਪ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਿਆਨਬਾਜ਼ੀ ਕੀਤੀ ਹੈ ਤੇ ਜਿਹਨਾਂ ਨੇ ਅਕਾਲੀ ਦਲ ਦੇ ਸਿਖਰਲੇ ਆਗੂਆਂ ਨੂੰ ਪੁਲਿਸ ਕੇਸਾਂ ਵਿਚ ਫਸਾਉਣ ਲਈ ਪੂਰੀ ਵਾਹ ਲਗਾਈ ਸੀ।
ਉਹਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੈ ਪਹਿਲਾਂ ਹੀ ਸਾਬਕਾ ਆਈ ਜੀ ਦੀ ਨਿਰਪੱਖਤਾ ’ਤੇ ਸਵਾਲ ਕੀਤਾ ਸੀ ਤੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਐਸ ਆਈ ਟੀ ਵੱਲੋਂ ਦਾਇਰ ਚਾਰਜਸ਼ੀਟ ਨੂੰ ਰੱਦ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਇਹੀ ਅਸਲੀਅਤ ਹੈ ਅਤੇ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੁੰ ਇਹ ਗੱਲ ਸਵੀਕਾਰ ਕਰ ਲੈਣੀ ਚਾਹੀਦੀ ਹੈ। ਉਹਨਾ ਕਿਹਾ ਕਿ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਸੱਖਣੀ ਐਸ ਆਈ ਟੀ ਗਠਿਤ ਕੀਤੀ ਜਾਵੇ।
ਪ੍ਰੋ. ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਆਪ ਪ੍ਰਧਾਨ ਦੇ ਖਿਲਾਫ ਦੂਸ਼ਣਬਾਜ਼ੀ ਲਈ ਇਕ ਕਦਮ ਅੱਗੇ ਗਈ ਹੈ ਕਿਉਂਕਿ ਅਕਾਲੀ ਦਲ ਦੇ ਪ੍ਰਧਾਨ ਨੇ ਸਾਰਾ ਆਬਕਾਰੀ ਘਪਲਾ ਬੇਨਕਾਬ ਕਰ ਦਿੱਤਾ ਸੀ ਤੇ ਦੱਸਿਆ ਸੀ ਕਿ ਕਿਵੇਂ ਚੋਣਵੇਂ ਲਾਇਸੰਸ ਧਾਰਕਾਂ ਦਾ ਮੁਨਾਫਾ ਦੁੱਗਣਾ ਕਰ ਕੇ ਉਹਨਾਂ ਤੋਂ ਰਿਸ਼ਵਤਾਂ ਹਾਸਲ ਕਰਨ ਲਈ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਗਈ। ਉਹਨਾਂ ਕਿਹਾ ਕਿ ਅਕਾਲੀ ਦਲ ਉਦੋਂ ਤੱਕ ਟਿਕ ਕੇ ਨਹੀਂ ਬੈਠੇਗਾ ਜਦੋਂ ਤੱਕ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਐਮ ਪੀ ਰਾਘਵ ਚੱਢਾ ਸਮੇਤ ਜਿਹਨਾਂ ਨੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਹੈ, ਉਹਨਾਂ ਨੂੰ ਸਜ਼ਾ ਨਹੀਂ ਮਿਲਦੀ। ਉਹਨਾਂ ਕਿਹਾ ਕਿ ਅਸੀਂ ਜਲਦੀ ਹੀ ਸੀ ਬੀ ਆਈ ਅਤੇ ਈ ਡੀ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਕੋਲ ਸ਼ਿਕਾਇਤ ਦਰ ਕਰ ਕੇ ਘਪਲੇ ਦੀ ਨਿਰਪੱਖ ਜਾਂਚ ਮੰਗ ਕਰਾਂਗੇ। ਉਹਨਾਂ ਕਿਹਾ ਕਿ ਸਾਨੂੰ ਵਿਸ਼ਵਾਸ ਹੈ ਕਿ ਇਸ ਘੁਟਾਲੇ ਵਿਚ ਸ਼ਾਮਲ ਆਪ ਦੇ ਸਾਰੇ ਆਗੂ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।