ਚੰਡੀਗੜ੍ਹ, 24 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾਣ ਵਾਲੇ ਉਦਘਾਟਨ ਦੇ ਸਮਾਗਮ ਵਿਚ ਸ਼ਾਮਲ ਹੋਣਗੇ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਸਾਡੇ ਲਈ ਮਾਣ ਵਾਲਾ ਮੌਕਾ ਹੈ ਤੇ ਇਸ ਮੌਕੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ।
ਡਾ. ਦਲਜੀਤ ਚੀਮਾ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੀ ਕਰੜੇ ਹੱਥੀਂ ਲਿਆ ਜਿਹਨਾਂ ਨੇ ਉਦਘਾਟਨੀ ਸਮਾਗਮ ਦਾ ਬਾਈਕਾਟ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਆਪ ਰਾਸ਼ਟਰਪਤੀ ਦੇ ਮਾਣ ਸਤਿਕਾਰ ਦੀ ਗੱਲ ਕਰ ਰਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇਸ਼ ਦੇ ਪਹਿਲੇ ਨਾਗਰਿਕ ਦਾ ਕਿੰਨਾ ਸਤਿਕਾਰ ਕਰਦੇ ਹਨ, ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਉਹ ਪਹਿਲੀ ਵਾਰ ਸੂਬੇ ਦੇ ਦੌਰੇ ’ਤੇ ਆਏ ਸਨ ਤਾਂ ਮੁੱਖ ਮੰਤਰੀ ਉਹਨਾਂ ਨੂੰ ਰਸੀਵ ਕਰਨ ਨਹੀਂ ਗਏ ਸਨ। ਉਹਨਾਂ ਕਿਹਾ ਕਿ ਅਸੀਂ ਇਹ ਵੀ ਵੇਖਿਆ ਹੈ ਕਿ ਮੁੱਖ ਮੰਤਰੀ ਰਾਸ਼ਟਰਪਤੀ ਵੱਲੋਂ ਨਿਯੁਕਤ ਪੰਜਾਬ ਦੇ ਰਾਜਪਾਲ ਦਾ ਕਿੰਨਾ ਸਤਿਕਾਰ ਕਰਦੇ ਹਨ।
ਡਾ. ਚੀਮਾ ਨੇ ਕਿਹਾ ਕਿ ਇਸੇ ਤਰੀਕੇ ਲੋਕ ਜਾਣਦੇ ਹਨ ਕਿ ਕਾਂਗਰਸ ਪਾਰਟੀ ਸੰਵਿਧਾਨ ਦਾ ਕਿੰਨਾ ਸਤਿਕਾਰ ਕਰਦੀ ਹੈ ਜਿਸਨੇ ਦੇਸ਼ ਵਿਚ ਐਮਰਜੰਸੀ ਲਗਾਈ ਅਤੇ ਲੋਕਾਂ ਦੇ ਅਧਿਕਾਰ ਕੁਚਲੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਰਾਸ਼ਟਰਪਤੀ ਜ਼ੈਲ ਸਿੰਘ ਦਾ ਕਿੰਨਾ ਸਤਿਕਾਰ ਕੀਤਾ, ਇਹ ਵੀ ਸਭ ਦੇ ਸਾਹਮਣੇ ਹੈ।