ਸ਼ਾਹਕੋਟ ਵਿਚ ਨੀਮ-ਫੌਜੀ ਦਸਤੇ ਤਾਇਨਾਤ ਕਰਨ ਦੀ ਮੰਗ ਕੀਤੀ
ਚੰਡੀਗੜ/ਦਿੱਲੀ 11 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਅਤੇ ਕਾਨੂੰਨ ਦੀ ਰਾਖੀ ਕਰਨ ਵਾਲੀਆਂ ਏਜੰਸੀਆਂ ਨੂੰ ਧਮਕਾ ਰਹੇ ਹਨ।ਪਾਰਟੀ ਨੇ ਸ਼ਾਹਕੋਟ ਜ਼ਿਮਨੀ ਚੋਣ ਦੀ ਨਿਗਰਾਨੀ ਲਈ ਇੱਕ ਸੀਨੀਅਰ ਅਧਿਕਾਰੀ ਨੂੰ ਨਿਯੁਕਤ ਕੀਤੇ ਜਾਣ ਤੋਂ ਇਲਾਵਾ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ ਦੀ ਮੰਗ ਕੀਤੀ ਤਾਂ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ।
ਅਕਾਲੀ ਦਲ ਦੇ ਸਕੱਤਰ ਜਨਰਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਇੱਕ ਅਕਾਲੀ ਵਫ਼ਦ, ਜਿਸ ਵਿਚ ਸਾਂਸਦ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਸ਼ਾਮਿਲ ਸਨ, ਨੇ ਅੱਜ ਇਸ ਸੰਬੰਧੀ ਮੁੱਖ ਚੋਣ ਕਮਿਸ਼ਨਰ ਓਮ ਪ੍ਰਕਾਸ਼ ਰਾਵਤ ਨੂੰ ਇੱਕ ਮੰਗ-ਪੱਤਰ ਸੌਂਪਿਆ ਅਤੇ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਦੇ ਫੋਨ ਟੇਪ ਕਰਵਾਏ ਜਾ ਰਹੇ ਹਨ। ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਨੂੰ ਚੋਣ ਜ਼ਾਬਤੇ ਦੀਆਂ ਇਹਨਾਂ ਸਾਰੀਆਂ ਉਲੰਘਣਾਵਾਂ ਦੀ ਜਾਂਚ ਕਰਵਾਉਣ ਲਈ ਆਖਿਆ।
ਵਫ਼ਦ ਨੇ ਅਕਾਲੀ ਦਲ ਵੱਲੋਂ ਕੀਤੀ ਸ਼ਿਕਾਇਤ ਉੱਤੇ ਇੱਕ ਐਸਡੀਐਮ ਅਤੇ ਦੋ ਐਸਐਚਓਜ਼ ਦੇ ਤਬਾਦਲੇ ਕਰਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ,ਪਰ ਨਾਲ ਹੀ ਕਿਹਾ ਕਿ ਅਜੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਬੋਰੋਕ ਜਾਰੀ ਹੈ। ਇਸ ਬਾਰੇ ਵਿਸਥਾਰ ਵਿਚ ਦੱਸਦਿਆਂ ਵਫ਼ਦ ਨੇ ਕਿਹਾ ਕਿ 7 ਮਈ ਨੂੰ ਮੁੱਖ ਮੰਤਰੀ ਨੇ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਚੰਡੀਗੜ• ਦੇ ਪੰਜਾਬ ਭਵਨ ਵਿਖੇ ਸਰਕਾਰੀ ਤੌਰ ਤੇ ਇੱਕ ਪ੍ਰੈਸ ਕਾਨਫਰੰਸ ਕੀਤੀ ਸੀ, ਜਿਸ ਵਿਚ ਸਾਰੇ ਸੀਨੀਅਰ ਸਰਕਾਰੀ ਅਧਿਕਾਰੀ ਹਾਜ਼ਿਰ ਸਨ। ਵਫ਼ਦ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਨੇ ਸ਼ਾਹਕੋਟ ਜ਼ਿਮਨੀ ਚੋਣ ਨਾਲ ਜੁੜੇ ਆਪਣੇ ਹੀ ਇੱਕ ਅਧਿਕਾਰੀ ਮਹਿਤਪੁਰ ਦੇ ਐਸਐਚਓ ਖ਼ਿਲਾਫ ਮੁਹਿੰਮ ਚਲਾਈ ਸੀ। ਇਸ ਮੌਕੇ ਮੁੱਖ ਮੰਤਰੀ ਨੇ ਦੂਜੀਆਂ ਪਾਰਟੀਆਂ ਦੇ ਆਗੂਆਂ ਦਾ ਕਾਂਗਰਸ ਵਿਚ ਸ਼ਾਮਿਲ ਹੋਣ ਲਈ ਸਵਾਗਤ ਕਰਕੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਸੀ।