ਰਾਜੇਵਾਲ ਕੇਂਦਰ ਨਾਲ ਗੁਪਤ ਸੌਦੇਬਾਜ਼ੀ ਦਾ ਕਿਸਾਨਾਂ ਨੁੰ ਜਵਾਬ ਦੇਣ
ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਦੀਨਾਨਗਰ ਵਿਚ ਸਹਿਕਾਰੀ ਖੰਡ ਮਿੱਲ ਬਣਾਏਗੀ
ਦੀਨਾਨਗਰ, 28 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪੰਜਾਬ ਨੁੰ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਨਾਲ ਨਾਲ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਹੱਕ ਦੇਣ ਦਾ ਐਲਾਨ ਕਰਨ।
ਅਕਾਲੀ ਦਲ ਦੇ ਪ੍ਰਧਾਨ ਇਥੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਕਮਲਜੀਤ ਚਾਵਲਾ ਦੇ ਹੱਕ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸ਼ਹਿਰ ਵਿਚ ਖੰਡ ਮਿੱਲ ਵੀ ਸਥਾਪਿਤ ਕਰੇਗੀ।
ਪ੍ਰਧਾਨ ਮੰਤਰੀ ਦੇ ਦੌਰੇ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੀਆਂ ਪ੍ਰਧਾਨ ਮੰਤਰੀ ਤੋਂ ਵੱਡੀਆਂ ਆਸਾਂ ਹਨ ਕਿ ਉਹ ਦਹਾਕਿਆਂ ਤੋਂ ਸੁਬੇ ਨਾਲ ਹੋਇਆ ਅਨਿਆਂ ਦੁਰ ਕਰਨਗੇ। ਉਹਨਾਂ ਕਿਹਾ ਕਿ ਮੈਂ ਸ੍ਰੀ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ 5 ਜਨਵਰੀ ਨੁੰ ਚੰਡੀਗੜ੍ਹ ਪੰਜਾਬ ਨੁੰ ਦੇਣ ਦੇ ਨਾਲ ਨਾਲ 1966 ਵਿਚ ਪੰਜਾਬੀ ਸੂਬੇ ਦੇ ਪੁਨਰਗਠਨ ਵੇਲੇ ਬਾਹਰ ਰਹਿ ਗਏ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੁੰ ਦੇਣ ਅਤੇ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤ ਮੁਤਾਬਕ ਹੱਕ ਦੇਣ ਦਾ ਐਲਾਨ ਕਰਨ।
ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਸ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਉਹਨਾਂ ਵੱਲੋਂ ਸੂਬੇ ਵਿਚ ਫਿਰੋਜ਼ਪੁਰ ਵਿਖੇ ਲਿਆਂਦੇ ਗਏ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ ਆਖਿਰਕਾਰ ਪ੍ਰਧਾਨ ਮੰਤਰੀ 5 ਜਨਵਰੀ ਨੁੰ ਉਦਘਾਟਨ ਕਰਨਗੇ। ਉਹਨਾਂ ਕਿਹਾ ਕਿ ਇਹ ਮੈਡੀਕਲ ਸਹੂਲਤ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਲਾਭਕਾਰੀ ਸਿੱਧ ਹੋਵੇਗੀ ਅਤੇ ਉਹਨਾਂ ਨੇ ਪ੍ਰਧਾਨ ਮੰਤਰੀ ਨੁੰ ਅਪੀਲ ਕੀਤੀ ਕਿ ਇਸਨੁੰ ਤੇਜ਼ ਰਫਤਾਰ ਨਾਲ ਮੁਕੰਮਲ ਕਰਵਾਇਆ ਜਾਵੇ।
ਜਦੋਂ ਉਹਨਾਂ ਤੋਂ ਸੰਯੁਕਤ ਕਿਸਾਨ ਮੋਰਚੇ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਕੁਝ ਹੋਰਨਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੁੰ ਲਿਖੇ ਲੈਟਰ ਬੰਬ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਜੇਵਾਲ ਆਪਣੀਆਂ ਕਾਰਵਾਈਆਂ ਬਾਰੇ ਜਵਾਬ ਦੇਣ। ਉਹਨਾਂ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹੋਣ ਦੇ ਬਾਵਜੂਦ ਕਿਸਾਨਾਂ ਨਾਲ ਧੋਖਾ ਕਰ ਰਹੇ ਸਨ ਤੇ ਇਸ ਸਾਰੇ ਮਾਮਲੇ ਦੀ ਪੜਤਾਲ ਹੋਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਜਦੋਂ ਉਹਨਾਂ ਤੋਂ ਭਾਜਪਾ ਦੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚਾਲੇ ਗਠਜੋੜ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਸਿਰਫ ਨੁੰ ਸਿਰਫ ਨਾਲ ਮਿਲਾਉਣ ਨਾਲ ਕੋਈ ਫਰਕ ਨਹੀਂ ਪੈਂਦਾ। ਉਹਨਾਂ ਕਿਹਾ ਕਿ ਜਿੰਨੀਆਂ ਮਰਜ਼ੀਆਂ ਸਿਫਰ ਮਿਲਾ ਲਵੋ, ਨਤੀਜਾ ਉਹੀ ਰਹਿੰਦਾ ਹੈ। ਉਹਨਾਂ ਕਿਹਾ ਕਿ ਇਸ ਗਠਜੋੜ ਦਾ ਸੁਬੇ ਦੀ ਰਾਜਨੀਤੀ ’ਤੇ ਕੋਈ ਅਸਰ ਪੈਣ ਵਾਲਾ ਨਹੀਂ ਹੈ।
ਇਸ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਸੂਬੇ ਦੇ ਪੁਲਿਸ ਮੁਲਾਜ਼ਮਾਂ ਖਿਲਾਫ ਵਰਤੀ ਮੰਦੀ ਸ਼ਬਦਾਵਲੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਜਿਵੇਂ ਮਿਸਗਾਈਡਡ ਮਿਜ਼ਾਈਲ ਬਹੁਤ ਮਾੜੀ ਹੁੰਦੀ ਹੈ, ਇਸੇ ਤਰੀਕੇ ਨਵਜੋਤ ਸਿੱਧੂ ਹੁਣ ਆਪਣੀ ਮੰਦੀ ਸ਼ਬਦਾਵਲੀ ਨਾਲ ਪੰਜਾਬੀਆਂ ਨੁੰ ਸ਼ਰਮਸਾਰ ਕਰ ਰਹੇ ਨ। ਉਹਨਾਂ ਕਿਹਾ ਕਿ ਸਿੱਧੂ ਕੋਲ ਪੰਜਾਬ ਵਿਚ ਨਫਰਤ, ਜ਼ਹਿਰ, ਅੰਨਾ ਹੰਕਾਰ ਫੈਲਾਉਣ ਤੋਂ ਇਲਾਵਾ ਕੁਝ ਨਹੀਂ ਹੈ।
ਜਦੋਂ ਉਹਨਾਂ ਤੋਂ ਦੋ ਮੌਜੂਦਾ ਵਿਧਾਇਕਾਂ ਫਤਿਹ ਜੰਗ ਬਾਜਵਾ ਤੇ ਬਲਵਿੰਦਰ ਲਾਡੀ ਦੇ ਭਾਜਪਾ ਵਿਚ ਸ਼ਾਮਲ ਹੋਣ ਬਾਰੇ ਪੁੱਛਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਇਹ ਪੰਜਾਬ ਕਾਂਗਰਸ ਦਾ ਹਾਲ ਬਿਆਨ ਕਰਦਾ ਹੈ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਕਾਂਗਰਸੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਪਾਰਟੀ ਦਾ ਅੰਤ ਨੇੜੇ ਹੈ ਤੇ ਉਹ ਡੁੱਬਦੇ ਜਹਾਜ਼ ਵਿਚੋਂ ਛਾਲਾਂ ਮਾਰ ਰਹੇ ਹਨ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਇਥੇ ਪ੍ਰਭਾਵਸ਼ਾਲੀ ਰੋਡ ਸ਼ੋਅ ਕੀਤਾ ਤੇ ਦੀਨਾਨਗਰ ਦੀ ਮਾਰਕੀਟ ਵਿਚ ਘਰ ਘਰ ਜਾ ਕੇ ਪ੍ਰਚਾਰ ਕੀਤਾ। ਉਹਨਾਂ ਦੇਨਾਲ ਬਸਪਾ ਉਮੀਦਵਾਰ ਕਮਲਜੀਤ ਚਾਵਲਾ ਵੀ ਸਨ। ਉਹਨਾਂ ਨੇ ਹਲਕੇ ਦੇ ਦੌਰੇ ਦੌਰਾਨ ਇਤਿਹਾਸ ਧਾਰਮਿਕ ਅਸਥਾਨਾ ’ਤੇ ਮੱਥਾਂ ਵੀ ਟੇਕਿਆ। ਉਹਨਾਂ ਦੇ ਨਾਲ ਗੁਰਬਚਨ ਸਿੰਘ ਬੱਬੇਹਾਲੀ ਵੀ ਸਨ।