ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਪੰਜਾਬ ਦੀ ਮਜ਼ਬੂਤੀ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ
ਮੋਗਾ, 15 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਮਜ਼ਬੂਤੀ ਵਾਸਤੇ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਨਾਲ ਹੀ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਤੇ ਇਹਨਾਂ ਨੂੰ ਵੋਟਾਂ ਦੇਣ ਲਈ ਇਹਨਾਂ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।
ਇਥੇ ਤਖ਼ਤੂਪੁਰਾ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਰੀਆਂ ਕੌਮੀ ਪਾਰਟੀਆਂ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੀ ਹਨ ਕਿਉਂਕਿ ਉਹ ਮਹਿਸੂਸ ਕਰਦੀਆਂ ਹਨ ਕਿ ਲੋਕ ਹਾਲੇ ਵੀ ਇਸ ਪਾਰਟੀ ’ਤੇ ਵਿਸ਼ਵਾਸ ਕਰਦੇ ਹਨ ਕਿਉਂਕਿ ਇਸਦਾ ਹੀ ਤੇਜ਼ ਰਫਤਾਰ ਵਿਕਾਸ ਕਰਵਾਉਣ ਅਤੇ ਸਮਾਜ ਭਲਾਈ ਸਕੀਮਾਂ ਦੇ ਲਾਭ ਸ਼ੁਰੂ ਕਰਨ ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਰਿਕਾਰਡ ਰਿਹਾ ਹੈ।
ਉਹਨਾਂ ਕਿਹਾ ਕਿ ਕੌਮੀ ਪਾਰਟੀਆਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕਰਰਹੀਆਂ ਹਨ ਤੇ ਅਸੀਂ ਵੇਖਿਆ ਹੈ ਕਿ ਕਿਵੇਂ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ ਤੇ ਦਿੱਲੀ ਕਮੇਟੀ ਨੂੰ ਅਕਾਲੀ ਦਲ ਵਿਰੋਧੀ ਤਾਕਤਾਂ ਦੇ ਹੱਥਾਂ ਵਿਚ ਦੇ ਦਿੱਤਾ ਗਿਆ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਇਆ ਜਾਵੇ ਅਤੇ ਕਿਹਾ ਕਿ ਕੋਈ ਵੀ ਗਲਤ ਫੈਸਲਾ ਪੰਜਾਬ ਨੂੰ ਹੋਰ ਪਿੱਛੇ ਕਰ ਸਕਦਾ ਹੈ। ਉਹਨਾਂ ਕਿਹਾ ਕਿ ਆਪ ਤੇ ਕਾਂਗਰਸ ਦੋਵੇਂ ਜਾਣਦੇ ਹਨ ਕਿ ਉਹਨਾਂ ਨੇ ਲੋਕਾਂ ਦਾ ਵਿਸ਼ਵਾਸ ਗੁਆ ਲਿਆ ਹੈ ਅਤੇ ਉਹ ਗੁਆਚੀ ਸਿਆਸੀ ਜ਼ਮੀਨ ਹਾਸਲ ਕਰਨ ਵਾਸਤੇ ਇਕਜੁੱਟ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਦੋਵਾਂ ਪਾਰਟੀਆਂ ਨੇ ਪੰਜਾਬ ਨੂੰ ਧੋਖਾ ਦਿੱਤਾ ਹੈ ਅਤੇ ਹੁਣ ਉਹ ਪੰਜਾਬ ਨੂੰ ਹੋਰ ਲੁੱਟਣ ਦੇ ਮਕਸਦ ਨਾਲ ਗਠਜੋੜ ਕਰ ਰਹੀਆਂ ਹਨ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਹੈ ਕਿ ਪੰਜਾਬ ਨੂੰ ਬਚਾਇਆ ਜਾਵੇ ਅਤੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਨਾ ਸਿਰਫ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਸੂਬੇ ਨੂੰ ਕੰਗਾਲ ਕੀਤਾ ਹੈ ਬਲਕਿ ਉਹਨਾਂ ਸੂਬੇ ਵਿਚ ਕਾਨੂੰਨ ਹੀਣਤਾ ਦੇ ਦੌਰ ਵਿਚ ਧੱਕਿਆ ਤੇ ਆਪਣੇ ਵਿਧਾਇਕਾਂ ਨੂੰ ਨਸ਼ਾ ਤਸਕਰਾਂ ਨਾਲ ਰਲਣ ਦੀ ਖੁਲ੍ਹ ਦਿੱਤੀ ਜਿਸ ਕਾਰਨ ਸਮਾਜ ਵਿਚ ਨਸ਼ਿਆਂ ਦੇ ਵਿਆਪਕ ਪਸਾਰ ਨਾਲ ਤਬਾਹੀ ਮਚੀ ਹੋਈ ਹੈ।
ਉਹਨਾਂ ਕਿਹਾ ਕਿ ਜਿਸ ਵਿਅਕਤੀ ਨੂੰ ਸ਼ਰਾਬੀ ਹਾਲਾਤ ਵਿਚ ਜਰਮਨੀ ਵਿਚ ਜਹਾਜ਼ ਵਿਚੋਂ ਲਾਹ ਦਿੱਤਾ ਗਿਆ ਹੋਵੇ, ਉਸ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਤੇ ਸੂਬਾ ਚਲਾਉਣ ਵਿਚ ਭਗਵੰਤ ਮਾਨ ਦੀ ਅਸਫਲਤਾ ਪੰਜਾਬੀਆਂ ਨੂੰ ਮਹਿੰਗੀ ਪੈ ਰਹੀ ਹੈ।
ਉਹਨਾਂ ਕਿਹਾ ਕਿ ਇੰਡਸਟਰੀ ਸੂਬੇ ਤੋਂ ਬਾਹਰ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਜਾ ਰਹੀ ਹੈ ਤੇ ਨੌਜਵਾਨ ਵਰਗ ਨੂੰ ਨੌਕਰੀਆਂ ਦੇਣ ਦੀ ਥਾਂ ਬਾਹਰਲਿਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਅਜਿਹੀਆਂ ਹਦਾਇਤਾਂ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਤੀਆਂ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਆਪ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵੇਖੋ ਜਿਹਨਾਂ ਨੂੰ ਲਗਾਤਾਰ ਤਿੰਨ ਫਸਲਾਂ ਬਰਬਾਦ ਹੋਣ ’ਤੇ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ ਹਾਲਾਂਕਿ ਸ੍ਰੀ ਭਗਵੰਤ ਮਾਨ ਨੇ ਵਾਅਦ ਕੀਤਾ ਸੀ ਕਿ ਗਿਰਦਾਵਰੀ ਤੋਂ ਵੀ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿਚ 25-25 ਹਜ਼ਾਰ ਰੁਪਏ ਪਾ ਦਿੱਤੇ ਜਾਣਗੇ।
ਉਹਨਾਂ ਕਿਹਾ ਕਿ ਗਰੀਬ ਵਰਗ ਨੂੰ ਉਹ ਸਮਾਜ ਭਲਾਈ ਲਾਭ ਦੇਣ ਤੋਂ ਨਾਂਹ ਕੀਤੀ ਜਾ ਰਹੀ ਹੈ ਜੋ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੇ ਸਨ। ਸ਼ਗਨ ਸਕੀਮ ਬੰਦ ਕਰ ਦਿੱਤੀ ਗਈ ਹੈ। ਆਟਾ-ਦਾਲ ਅਤੇ ਬੁਢਾਪਾ ਪੈਨਸ਼ਨ ਸਕੀਮ ਦੇ ਲਾਭਪਾਤਰੀਆਂ ਦੀ ਗਿਣਤੀ ਵਿਚ ਵੱਡੀ ਕਟੌਤੀ ਕਰ ਦਿੱਤੀ ਗਈ ਹੈ। ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਹੀਂ ਮਿਲ ਰਹੀ ਤੇ ਲੜਕੀਆਂ ਨੂੰ ਸਾਇਕਲ ਸਕੀਮ ਦਾ ਲਾਭ ਨਹੀਂ ਮਿਲ ਰਿਹਾ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਗਈ ਤੇ ਸੂਬੇ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ, 35 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਜਾਅਲ ਵਿਛਾਇਆ ਗਿਆ ਤੇ ਸਿੰਜਾਈ ਲਈ ਨਹਿਰਾਂ ਤੇ ਖਾਲ ਬਣਾਏ ਗਏ ਤੇ ਥਰਮਲ ਪਲਾਂਟਾਂ ਤੇ ਏਅਰਪੋਰਟਾਂ ਦੀ ਉਸਾਰੀ ਕੀਤੀ ਗਈ।
ਉਹਨਾਂ ਕਿਹਾ ਕਿ ਇਕ ਵਾਰ ਸੱਤਾ ਵਿਚ ਆਉਣ ’ਤੇ ਅਕਾਲੀ ਦਲ ਮੁੜ ਤੋਂ ਤੇਜ਼ ਰਫਤਾਰ ਵਿਕਾਸ ਕਾਰਜ ਵੀ ਸ਼ੁਰੂ ਕਰੇਗਾ ਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਵੀ ਮੁੜ ਸ਼ੁਰੂ ਕਰੇਗਾ ਤੇ ਸੂਬੇ ਦੇ ਅਰਥਚਾਰੇ ਨੂੰ ਲੀਹ ’ਤੇ ਪਾਵੇਗਾ।
ਇਸ ਮੌਕੇ ਸੀਨੀਅਰ ਆਗੂਆਂ ਸਰਦਾਰ ਬਰਜਿੰਦਰ ਸਿੰਘ ਬਰਾੜ, ਸਰਦਾਰ ਹਰਪ੍ਰੀਤ ਸਿੰਘ ਕੋਟਭਾਈ, ਸਰਦਾਰ ਤੀਰਥ ਸਿੰਘ ਮਾਹਲਾ, ਬਲਦੇਵ ਸਿੰਘ ਮਾਣਕੇ ਅਤੇ ਸਰਦਾਰ ਸੰਜੀਤ ਸਿੰਘ ਗਿੱਲ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।