ਚੰਡੀਗੜ੍ਹ/29 ਜੁਲਾਈ:ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਭਲਾਈ ਨਾਲ ਜੁੜੇ ਵੱਡੇ ਮੁੱਦਿਆਂ ਉੱਤੇ ਚਰਚਾ ਕਰਨ ਲਈ ਵਿਧਾਨ ਸਭਾ ਦੇ ਇਜਲਾਸ ਵਿਚ ਤੁਰੰਤ ਵਾਧਾ ਕਰਨ ਦੀ ਮੰਗ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਲੀਡਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਇਸ ਸੰਬੰਧ ਵਿਚ ਵਿਧਾਨ ਸਭਾ ਦੇ ਸਪੀਕਰ ਨੂੰ ਕੱਲ੍ਹ ਇੱਕ ਮੰਗ ਪੱਤਰ ਸੌਂਪੇਗਾ।
ਸੂਬੇ ਅੰਦਰ ਵਿਗੜੀ ਅਮਨ ਤੇ ਕਾਨੂੰਨ ਦੀ ਹਾਲਤ ਉੱਤੇ ਅਫਸੋਸ ਜਾਹਿਰ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਨਿੱਤ ਦਿਹਾੜੇ ਹੁੰਦੇ ਕਤਲਾਂ ਅਤੇ ਖੁਦਕੁਸ਼ੀਆਂ ਨੇ ਸਾਡੀਆਂ ਜੇਲ੍ਹਾਂ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਉਹਨਾਂ ਰਾਜਪੁਰਾ ਵਿਖੇ ਵਾਪਰੀ ਤਾਜ਼ਾ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਬੱਚਿਆਂ ਨੂੰ ਸ਼ਰੇਆਮ ਅਗਵਾ ਕੀਤਾ ਜਾ ਰਿਹਾ ਹੈ।
ਸਰਦਾਰ ਮਜੀਠੀਆ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਕਿਸਾਨ ਕਰਜ਼ਾ ਮੁਆਫੀ ਦੇ ਮੁੱਦੇ ਨੂੰ ਉਠਾਇਆ ਜਾਵੇਗਾ, ਜਿਸ ਦਾ ਚੋਣਾਂ ਮੌਕੇ ਕਾਂਗਰਸ ਪਾਰਟੀ ਨੇ ਵਾਅਦਾ ਕੀਤਾ ਸੀ, ਪਰੰਤੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਬਣਾਉਣ ਮਗਰੋਂ ਆਪਣੇ ਇਸ ਵਾਅਦੇ ਤੋਂ ਮੁਕਰ ਕੇ ਕਰਜ਼ੇ ਹੇਠ ਪਿਸ ਰਹੇ ਲੱਖਾਂ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸੈਕੜੇ ਕਿਸਾਨ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹਨਾਂ ਕਿ ਕਿਸਾਨਾਂ ਦਾ ਦੁਖਾਂਤ ਇੱਥੇ ਹੀ ਨਹੀਂ ਰੁਕਦਾ ਹੈ। ਬੈਂਕਾਂ ਨੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਉਹਨਾਂ ਦੀ ਮਾਮੂਲੀ ਉਪਜੀਵਕਾ ਵੀ ਦਾਅ ਉੱਤੇ ਲੱਗ ਗਈ ਹੈ। ਦੇਸ਼ ਦਾ ਅੰਨ ਭੰਡਾਰ ਸੱਦੇ ਜਾਣ ਵਾਲੇ ਸੂਬੇ ਨੂੰ ਕਾਂਗਰਸ ਸਰਕਾਰ ਨੇ ਕੋਈ ਰਾਹਤ ਨਹੀਂ ਦਿੱਤੀ ਹੈ। ਸੂਬਾ ਸਰਕਾਰ ਵੱਲੋਂ 2017-18 ਤੋਂ ਫਸਲੀ ਨੁਕਸਾਨ ਦਾ ਮੁਆਵਜ਼ਾ ਨਾ ਦੇ ਕੇ ਕਿਸਾਨਾਂ ਦੀ ਮੁਸ਼ਕਿਲ ਨੂੰ ਹੋਰ ਵਧਾ ਦਿੱਤਾ ਗਿਆ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਹਰਿਆਣਾ ਸਰਕਾਰ ਦੀ ਤਰਜ਼ ਉੱਤੇ ਕਿਸਾਨਾਂ ਦੀ ਮੱਦਦ ਲਈ ਰਾਸ਼ੀ 6 ਹਜ਼ਾਰ ਤੋਂ ਵਧਾ ਕੇ 9 ਹਜ਼ਾਰ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਰਾਸ਼ਟਰੀ ਸਿਹਤ ਸੰਭਾਲ ਯੋਜਨਾ ਅਤੇ ਆਯੂਸ਼ਮਨ ਭਾਰਤ ਯੋਜਨਾ ਤਹਿਤ ਪੰਜ ਲੱਖ ਰੁਪਏ ਤਕ ਦਾ ਮੁਫਤ ਇਲਾਜ ਵਾਲੀਆਂ ਯੋਜਨਾਵਾਂ ਨੂੰ ਅਜੇ ਲਾਗੂ ਨਹੀਂ ਕੀਤਾ ਗਿਆ ਹੈ, ਜਿਸ ਕਰਕੇ ਲੱਖਾਂ ਹੀ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਤਕਲੀਫ ਝੱਲਣੀ ਪੈ ਰਹੀ ਹੈ। ਉਹਨਾਂ ਕਿਹਾ ਕਿ ਜਿਹੜੀ ਸਰਕਾਰ ਬੀਮਾਰ ਅਤੇ ਲੋੜਵੰਦ ਲੋਕਾਂ ਦੀ ਸੰਭਾਲ ਨਹੀਂ ਕਰਦੀ ਹੈ,ਉਹ ਇੱਕ ਨਿਕੰਮੇ ਪ੍ਰਸਾਸ਼ਨ ਵਾਲੀ ਸਰਕਾਰ ਹੁੰਦੀ ਹੈ।
ਸਰਦਾਰ ਮਜੀਠੀਆ ਨੇ ਦੱਸਿਆ ਕਿ ਸਪੀਕਰ ਨੂੰ ਦਲਿਤ ਅਤੇ ਪਛੜੀਆਂ ਜਾਤੀਆਂ ਨੂੰ ਦਰਪੇਸ਼ ਮੁæਸ਼ਕਿਲਾਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ,ਜਿਹਨਾਂ ਨੂੰ ਵਜ਼ੀਫੇ ਨਹੀਂ ਦਿੱਤੇ ਜਾ ਰਹੇ ਹਨ, ਜਿਸ ਕਰਕੇ ਉਹਨਾਂ ਦੀ ਪੜ੍ਹਾਈ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਿਛæਲੇ ਦਿਨੀ ਜਗਸੀਰ ਸਿੰਘ ਬੁਢਲਾਡਾ ਨਾਂ ਦਾ ਇੱਕ ਪੜ੍ਹਿਆ ਲਿਖਿਆ ਨੌਜਵਾਨ ਖੁਦਕੁਸ਼ੀ ਕਰ ਗਿਆ, ਕਿਉਂਕਿ ਸਰਕਾਰ ਵੱਲੋਂ ਵਾਅਦੇ ਮੁਤਾਬਿਕ ਪੜ੍ਹੇ ਲਿਖੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਠੱਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਇੱਕ ਝੂਠੀ ਪਾਰਟੀ ਹੈ, ਜਿਸ ਨੇ ਝੂਠੇ ਵਾਅਦੇ ਕਰਕੇ ਵੋਟਰਾਂ ਨੂੰ ਠੱਗਿਆ ਹੈ ਜਿਹਨਾਂ ਵਿਚੋਂ ਇਸ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਵਾਅਦੇ ਮੁਤਾਬਿਕ ਪਿਛਲੇ ਢਾਈ ਸਾਲਾਂ ਦੌਰਾਨ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਵੀ ਨਹੀਂ ਦਿੱਤਾ ਹੈ। ਇਸ ਤੋਂ ਇਲਾਵਾ 35 ਹਜ਼ਾਰ ਠੇਕੇ ਉੱਤੇ ਰੱਖੇ ਕਾਮੇ ਅਜੇ ਤੀਕ ਪੱਕੇ ਹੋਣ ਦੀ ਉਡੀਕ ਕਰ ਰਹੇ ਹਨ।
ਉਹਨਾਂ ਕਿਹਾ ਕਿ ਮਨਰੇਗਾ ਸਕੀਮ ਤਹਿਤ ਗਰੀਬਾਂ ਨੂੰ ਘੱਟੋ ਘੱਟ ਰੁਜ਼ਗਾਰ ਦੇਣ ਦੀ ਬਜਾਇ ਉਹਨਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਕਾਂਗਰਸੀ ਆਗੂਆਂ ਦੀ ਮਿਲੀਭੁਗਤ ਨਾਲ ਕੀਤੇ ਜਾ ਰਹੇ ਅਜਿਹੇ ਘੁਟਾਲਿਆਂ ਦੇ ਰੋਜ਼ਾਨਾ ਖੁਲਾਸੇ ਹੋ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਬੇਹੱਦ ਖਰਾਬ ਹੈ, ਕਿਉਂਕਿ ਸਰਕਾਰ ਦੀ ਚੰਗਾ ਪ੍ਰਸਾਸ਼ਨ ਦੇਣ ਦੀ ਕੋਈ ਨੀਅਤ ਹੀ ਨਹੀਂ ਹੈ। ਉਹਨਾਂ ਕਿਹਾ ਕਿ ਕਾਂਗਰਸ ਵੱਲੋਂ ਕੀਤੇ ਝੂਠੇ ਵਾਅਦਿਆਂ ਦੀ ਸੂਚੀ ਵਿਚ ਗਰੀਬ ਨੂੰ ਪੰਜ ਮਰਲੇ ਦੇ ਪਲਾਟ ਦੇਣਾ ਵੀ ਸ਼ਾਮਿਲ ਹੈ। ਗਰੀਬ ਲੋਕ ਅਜੇ ਤਕ ਇਸ ਸਕੀਮ ਦੇ ਲਾਗੂ ਹੋਣ ਦੀ ਉਡੀਕ ਕਰ ਰਹੇ ਹਨ।
ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਜੇ ਤਕ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਪੀਐਫ ਮੋੜਿਆ ਜਾ ਰਿਹਾ ਹੈ। ਸੂਬਾ ਸਰਕਾਰ ਦੇ ਸੰਵੇਦਨਹੀਣ ਰਵੱਈਏ ਕਰਕੇ ਗਰੀਬ ਵਰਗ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਉਦਯੋਗ ਮੰਦਵਾੜੇ ਦਾ ਸ਼ਿਕਾਰ ਹੋ ਰਹੇ ਹਨ ਅਤੇ ਸੂਬੇ ਅੰਦਰ ਨਵੇਂ ਰੁਜ਼ਗਾਰ ਪੈਦਾ ਕਰਨ ਲਈ ਕੋਈ ਯਤਨ ਨਹੀਂ ਕੀਤੇ ਜਾ ਰਹੇ। ਉਹਨਾਂ ਕਿਹਾ ਕਿ ਬਿਜਲੀ ਮਹਿਕਮੇ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਬਿਜਲੀ ਦਰਾਂ ਵਿਚ 25 ਫੀਸਦੀ ਵਾਧਾ ਕਰਕੇ ਗਰੀਬਾਂ ਅਤੇ ਹੇਠਲੇ ਮਧਵਰਗੀ ਤਬਕੇ ਉੱਤੇ ਅਸਹਿ ਬੋਝ ਪਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਗੈਰਕਾਨੂੰਨੀ ਮਾਈਨਿੰਗ ਬੇਰੋਕ ਜਾਰੀ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਰੋਕਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਅਤੇ ਪਿਛਲੇ ਇੱਕ ਮਹੀਨੇ ਦੌਰਾਨ ਨਸ਼ਿਆਂ ਦੀ ਓਵਰਡੋਜ਼ ਨਾਲ 24 ਮੌਤਾਂ ਹੋ ਚੁੱਕੀਆਂ ਹਨ।
ਅਕਾਲੀ ਆਗੂ ਨੇ ਕਿਹਾ ਕਿ ਇੱਕ ਜ਼ਿੰਮੇਵਾਰ ਸਿਆਸੀ ਪਾਰਟੀ ਹੋਣ ਦੇ ਨਾਤੇ ਅਕਾਲੀ ਦਲ ਵਿਧਾਨ ਸਭਾ ਦਾ ਇਜਲਾਸ ਵਧਾਉਣ ਦਾ ਯਤਨ ਕਰੇਗਾ ਤਾਂ ਕਿ ਉਹਨਾਂ ਸਾਰੇ ਵੱਡੇ ਆਰਥਿਕ ਮੁੱਦਿਆਂ ਉੱਤੇ ਚਰਚਾ ਕਰਕੇ ਉਹਨਾਂ ਨੂੰ ਹੱਲ ਕੀਤਾ ਜਾ ਸਕੇ, ਜਿਹੜੇ ਸੂਬੇ ਦੀ ਹਾਲਤ ਵਿਗਾੜ ਰਹੇ ਹਨ ਅਤੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।