ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਖੇਤੀ ਅਰਥ ਵਿਵਸਥਾ ਲੜਖੜਾ ਚੁੱਕੀ ਹੈ
ਚੰਡੀਗੜ੍ਹ/24 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਨੇ ਆ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਪਾਰਟੀ ਦਾ ਮੈਨੀਫੈਸਟੋ ਤਿਆਰ ਕਰਨ ਸੰਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਫੀਡਬੈਕ ਲੈਣ ਲਈ ਅੱਜ ਕਿਸਾਨ ਸੰਗਠਨਾਂ ਅਤੇ ਉਹਨਾਂ ਦੇ ਨੁੰਮਾਇਦਿਆਂ ਨਾਲ ਗੱਲਬਾਤ ਕੀਤੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਮੈਂਬਰ ਸਕੱਤਰ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਮੈਨੀਫੈਸਟੋ ਕਮੇਟੀ ਦੀ ਹੋਈ ਦੂਜੀ ਮੀਟਿੰਗ ਵਿਚ ਕਮੇਟੀ ਮੈਂਬਰਾਂ ਨੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਤੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਤੋਂ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਫੀਡਬੈਕ ਲਈ।
ਡਾਕਟਰ ਚੀਮਾ ਨੇ ਦੱਸਿਆ ਕਿ ਦੋਵੇਂ ਕਿਸਾਨ ਆਗੂਆਂ ਨੇ ਵਿਸਥਾਰ ਵਿਚ ਚਾਨਣਾ ਪਾਇਆ ਕਿ ਕਿਸ ਤਰ੍ਹਾਂ ਕਾਂਗਰਸ ਸਰਕਾਰ ਆਪਣੇ ਰਾਸ਼ਟਰੀਕ੍ਰਿਤ ਅਤੇ ਸਹਿਕਾਰੀ ਬੈਂਕਾਂ ਤੋਂ ਇਲਾਵਾ ਆੜ੍ਹਤੀਆਂ ਤੋਂ ਲਏ 90 ਹਜ਼ਾਰ ਕਰੋੜ ਰੁਪਏ ਦੇ ਕਿਸਾਨੀ ਕਰਜ਼ਿਆਂ ਨੂੰ ਮੁਆਫ ਕਰਨ ਦੇ ਵਾਅਦੇ ਤੋਂ ਮੁਕਰ ਚੁੱਕੀ ਹੈ। ਆਗੂਆਂ ਨੇ ਕਿਹਾ ਕਿ ਇਸੇ ਕਰਕੇ ਕਾਂਗਰਸ ਦੇ ਪਿਛਲੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਿਸਾਨ ਖੁਦਕੁਸ਼ੀਆਂ ਵਿਚ ਭਾਰੀ ਵਾਧਾ ਹੋਇਆ ਹੈ। ਕਿਸਾਨ ਆਗੂਆਂ ਨੇ ਕਮੇਟੀ ਨੂੰ ਇਹ ਵੀ ਦੱਸਿਆ ਕਿ ਕਾਂਗਰਸ ਨੇ ਖੁਦਕੁਸ਼ੀ ਪੀੜਤਾਂ ਦੇ ਪਰਿਵਾਰਾਂ ਨਾਲ ਵੀ ਧੋਖਾ ਕੀਤਾ ਹੈ, ਜਿਹਨਾਂ ਨੂੰ ਵਾਅਦੇ ਮੁਤਾਬਿਕ 10 ਲੱਖ ਰੁਪਏ ਪ੍ਰਤੀ ਪਰਿਵਾਰ ਰਾਹਤ ਨਹੀਂ ਦਿੱਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਇਸ ਮੌਕੇ ਮੈਨੀਫੈਸਟੋ ਕਮੇਟੀ ਨੂੰ ਕਿਸਾਨੀ ਸੰਕਟ ਬਾਰੇ ਵਿਸਥਾਰ ਵਿਚ ਦੱਸਿਆ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਖੇਤੀ ਅਰਥ-ਵਿਵਸਥਾ ਲੜਖੜਾ ਚੁੱਕੀ ਹੈ। ਸਰਦਾਰ ਮਲੂਕਾ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਗੰਨੇ ਦੇ ਬਕਾਏ ਦੱਬ ਕੇ ਫਸਲੀ ਵਿਭਿੰਨਤਾ ਨੂੰ ਵੱਡੀ ਸੱਟ ਮਾਰੀ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਆਲੂ ਉਤਪਾਦਕਾਂ ਦੀ ਮੱਦਦ ਲਈ ਵੀ ਨਹੀਂ ਬਹੁੜੀ ਅਤੇ ਉਹਨਾਂ ਨੂੰ ਆਪਣੀ ਫਸਲ ਕੌਡੀਆਂ ਦੇ ਭਾਅ ਵੇਚਣ ਲਈ ਮਜ਼ਬੂਰ ਹੋਣਾ ਪਿਆ। ਕਿਸਾਨ ਵਿੰਗ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਇੱਕ ਸਾਲ ਪਹਿਲਾਂ ਹੋਏ ਝੋਨੇ ਦੀ ਫਸਲ ਦੇ ਨੁਕਸਾਨ ਦਾ ਵੀ ਮੁਆਵਜ਼ਾ ਨਹੀਂ ਦਿੱਤਾ ਹੈ।
ਮੈਨੀਫੈਸਟੋ ਕਮੇਟੀ ਨੇ 2 ਫਰਵਰੀ ਨੂੰ ਹੋਣ ਵਾਲੀ ਆਪਣੀ ਅਗਲੀ ਮੀਟਿੰਗ ਵਿਚ ਸਮਾਜ ਦੇ ਬਾਕੀ ਵਰਗਾਂ ਦੇ ਨੁੰਮਾਇਦਿਆਂ ਨੂੰ ਵੀ ਮਿਲਣ ਦਾ ਫੈਸਲਾ ਕੀਤਾ ਹੈ ਤਾਂ ਕਿ ਪਾਰਟੀ ਮੈਨੀਫੈਸਟੋ ਤਿਆਰ ਕਰਨ ਤੋਂ ਪਹਿਲਾਂ ਇਸ ਨਾਲ ਸੰਬੰਧ ਰੱਖਣ ਵਾਲੀਆਂ ਸਾਰੀਆਂ ਧਿਰਾਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ, ਉਪ ਚੇਅਰਮੈਨ ਚਰਨਜੀਤ ਸਿੰਘ ਅਟਵਾਲ, ਮੈਂਬਰ ਸਕੱਤਰ ਡਾਕਟਰ ਦਲਜੀਤ ਸਿੰਘ ਚੀਮਾ, ਜਥੇਦਾਰ ਤੋਤਾ ਸਿੰਘ, ਸਰਦਾਰ ਹੀਰਾ ਸਿੰਘ ਗਾਬੜੀਆ, ਸ੍ਰੀ ਪਵਨ ਕੁਮਾਰ ਟੀਨੂੰ, ਸਰਦਾਰ ਦਰਬਾਰਾ ਸਿੰਘ ਗੁਰੂ ਅਤੇ ਸ੍ਰੀ ਹਰਚਰਨ ਬੈਂਸ ਵੀ ਮੌਜੂਦ ਸਨ।