ਚੰਡੀਗੜ੍ਹ/04 ਜਨਵਰੀ:ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਨੇ ਅੱਜ ਕਾਂਗਰਸ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ 100 ਦੇ ਕਰੀਬ ਜੰਗੀ ਵਿਧਵਾਵਾਂ ਦੀ 15 ਲੱਖ ਰੁਪਏ ਦੀ ਬਕਾਇਆ ਗਰਾਂਟ ਤੁਰੰਤ ਜਾਰੀ ਕਰੇ। ਜੇਕਰ ਅਜਿਹਾ ਨਾ ਕੀਤਾ ਤਾਂ ਇਸ ਮੁੱਦੇ ਉੱਤੇ ਅੰਦੋਲਨ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੈਨਿਕ ਵਿੰਗ ਦੇ ਪ੍ਰਧਾਨ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਾਂਗਰਸ ਸਰਕਾਰ ਜੰਗੀ ਵਿਧਵਾਵਾਂ ਦੀ ਬਕਾਇਆ ਰਾਸ਼ੀ ਜਾਰੀ ਨਹੀਂ ਕਰ ਰਹੀ ਹੈ, ਜਦਕਿ ਇਸ ਰਾਸ਼ੀ ਦਾ ਵੱਡਾ ਹਿੱਸਾ ਯਾਨੀ 35 ਲੱਖ ਰੁਪਏ ਅਕਾਲੀ-ਭਾਜਪਾ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਜਾਰੀ ਕਰ ਦਿੱਤਾ ਗਿਆ ਸੀ।
ਇੰਜਨੀਅਰ ਸਿੱਧੂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਉਹਨਾਂ 100 ਦੇ ਕਰੀਬ ਸ਼ਹੀਦ ਪਰਿਵਾਰਾਂ ਨੂੰ 50 ਲੱਖ ਰੁਪਏ ਪ੍ਰਤੀ ਪਰਿਵਾਰ ਦੇਣ ਲਈ ਨੀਤੀ ਤਿਆਰ ਕੀਤੀ ਗਈ ਸੀ, ਜਿਹਨਾਂ ਨੇ ਸਕੇ-ਸੰਬੰਧੀਆਂ ਨੇ 1962, 1965 ਅਤੇ 1971 ਦੀਆਂ ਜੰਗਾਂ ਦੌਰਾਨ ਆਪਣਾ ਜਾਨਾਂ ਨਿਛਾਵਰ ਕੀਤੀਆਂ ਸਨ। ਉਹਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਇਹਨਾਂ ਪਰਿਵਾਰਾਂ ਲਈ 35 ਲੱਖ ਰੁਪਏ ਪ੍ਰਤੀ ਪਰਿਵਾਰ ਜਾਰੀ ਕਰ ਦਿੱਤੇ ਗਏ ਸਨ। ਸ਼ਹੀਦ ਪਰਿਵਾਰਾਂ ਨੂੰ ਬਾਕੀ ਬਚਦੇ 15ਲੱਖ ਰੁਪਏ ਲੈਣ ਲਈ ਦਰ ਦਰ ਠੋਕਰਾਂ ਖਾਣੀਆਂ ਪੈ ਰਹੀਆਂ ਹਨ।
ਸੈਨਿਕ ਵਿੰਗ ਦੇ ਆਗੂ ਨੇ ਕਿਹਾ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਇੱਕ ਸਾਬਕਾ ਫੌਜੀ ਹੁੰਦੇ ਹੋਏ ਵੀ ਜੰਗੀ ਵਿਧਵਾਵਾਂ ਨਾਲ ਅਜਿਹਾ ਵਿਤਕਰਾ ਕਰ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸਾਬਕਾ ਫੌਜੀਆਂ ਦੀ ਭਲਾਈ ਲਈ ਸੰਜੀਦਾ ਹੁੰਦਾ ਤਾਂ ਉਸ ਨੇ ਜੰਗੀ ਵਿਧਵਾਵਾਂ ਦੇ ਬਕਾਏ ਜਾਰੀ ਹੋਣ ਵਿਚ ਹੋਈ ਦੇਰੀ ਦੀ ਜਾਂਚ ਕਰਵਾਉਣੀ ਸੀ ਅਤੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨੀ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਨੂੰ ਜੰਗੀ ਵਿਧਵਾਵਾਂ ਦੇ ਬਕਾਏ ਤੁਰੰਤ ਜਾਰੀ ਕਰਨ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨਿਰਦੇਸ਼ ਦੇਣਾ ਚਾਹੀਦਾ ਹੈ।
ਇੰਜਨੀਅਰ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜੰਗੀ ਵਿਧਵਾਵਾਂ ਨਾਲ ਇਨਸਾਫ ਨਾ ਕੀਤਾ ਤਾਂ ਅਕਾਲੀ ਦਲ ਦਾ ਸੈਨਿਕ ਵਿੰਗ ਸਾਰੇ ਜ਼ਿਲ੍ਹਾ ਹੈਡਕੁਆਟਰਾਂ ਦੇ ਸੈਨਿਕ ਭਲਾਈ ਬੋਰਡਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋ ਜਾਵੇਗਾ।