ਚੰਡੀਗੜ੍ਹ/02 ਫਰਵਰੀ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਤੁਰੰਤ ਬਰਖ਼ਾਸਤਗੀ ਦੀ ਮੰਗ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਜੇਲ੍ਹ ਤੋੜਣ ਦੀ ਘਟਨਾ ਦੀ ਜਾਂਚ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਵਾਪਰੀਆਂ ਵੱਖ ਵੱਖ ਘਟਨਾਵਾਂ ਮਗਰੋਂ ਅੰਮ੍ਰਿਤਸਰ ਜੇਲ੍ਹ ਤੋੜਣ ਦੀ ਘਟਨਾ ਨੇ ਲੋਕਾਂ ਦਾ ਸਰਕਾਰ ਉੱਪਰੋਂ ਭਰੋਸਾ ਹਿਲਾ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਘਟਨਾ ਦੀ ਇੱਕ ਸੁਤੰਤਰ ਜਾਂਚ ਦਾ ਹੁਕਮ ਦੇਣ ਤੋਂ ਇਲਾਵਾ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸ ਨੇ ਜੇਲ੍ਹਾਂ ਵਿਚ ਵਾਪਰੀਆਂ ਬਾਕੀ ਅਜਿਹੀਆਂ ਘਟਨਾਵਾਂ ਦੇ ਮਾਮਲੇ ਵਿਚ ਕੀ ਕਾਰਵਾਈ ਕੀਤੀ ਸੀ ਅਤੇ ਜੇਲ੍ਹ ਪ੍ਰਸਾਸ਼ਨ ਦਾ ਸੱਤਿਆਨਾਸ ਕਿਉਂ ਹੋ ਚੁੱਕਿਆ ਹੈ?
ਮੁੱਖ ਮੰਤਰੀ ਨੂੰ ਸਭ ਤੋਂ ਉਪਰਲੀ ਕੁਰਸੀ ਦੀ ਜੁਆਬਦੇਹੀ ਤੈਅ ਕਰਨ ਲਈ ਆਖਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਮੁਕੰਮਲ ਹੋਣ ਤਕ ਜੇਲ੍ਹ ਮੰਤਰੀ ਨੂੰ ਤੁਰੰਤ ਆਪਣਾ ਅਸਤੀਫਾ ਸੌਂਪਣ ਲਈ ਕਿਹਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਜੇਲ੍ਹ ਮੰਤਰੀ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਹ ਆਪਣੀ ਇਸ ਜ਼ਿੰਮੇਵਾਰ ਤੋਂ ਨਹੀਂ ਭੱਜ ਸਕਦਾ, ਖਾਸ ਕਰਕੇ ਉਸ ਸਮੇਂ ਜਦੋਂ ਉਹ ਆਪਣੀ ਭੂਮਿਕਾ ਲਈ ਪਹਿਲਾਂ ਹੀ ਸ਼ੱਕ ਦੇ ਘੇਰੇ ਵਿਚ ਹੈ।
ਮੁੱਖ ਮੰਤਰੀ ਵੱਲੋਂ ਦਿੱਤੇ ਇਸ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮਾਂ ਨੂੰ ਰੱਦ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਇੱਕ ਮੈਜਿਸਟਰੇਟ ਇਸ ਮਾਮਲੇ ਵਿਚ ਇਨਸਾਫ ਨਹੀਂ ਕਰ ਸਕੇਗਾ। ਉਹਨਾਂ ਕਿਹਾ ਕਿ ਮੈਜਿਸਟਰੇਟ ਜੇਲ੍ਹ ਦੀ ਸੁਰੱਖਿਆ ਕਮਜ਼ੋਰ ਕਰਨ ਵਿਚ ਜੇਲ੍ਹ ਮੰਤਰੀ ਦੀ ਭੂਮਿਕਾ ਬਾਰੇ ਜਾਂਚ ਨਹੀਂ ਕਰ ਪਾਵੇਗਾ। ਉਹਨਾਂ ਕਿਹਾ ਕਿ ਇਸ ਘਟਨਾ ਨੇ ਜੇਲ੍ਹਾਂ ਦੀ ਸੁਰੱਖਿਆ ਦੀ ਪੋਲ੍ਹ ਖੋਲ੍ਹ ਦਿੱਤੀ ਹੈ। ਇਸ ਤੋਂ ਪਹਿਲਾਂ ਲੁਧਿਆਣਾ ਕੇਂਦਰੀ ਜੇਲ੍ਹ ਵਿਚ ਕੈਦੀਆਂ ਦੀ ਬਗਾਵਤ ਦੀ ਘਟਨਾ ਵਾਪਰ ਚੁੱਕੀ ਹੈ। ਇਸ ਤੋਂ ਇਲਾਵਾ ਜੇਲ੍ਹਾਂ ਅੰਦਰੋਂ ਕੈਦੀਆਂ ਕੋਲੋਂ ਮੋਬਾਇਲ ਫੋਨ ਫੜੇ ਜਾਣਾ ਤਾਂ ਆਮ ਵਰਤਾਰਾ ਬਣ ਚੁੱਕਿਆ ਹੈ, ਇਸ ਲਈ ਪੰਜਾਬ ਦੀਆਂ ਜੇਲ੍ਹਾਂ ਦੇ ਕੰਮਕਾਜ ਦੀ ਇੱਕ ਸੁਤੰਤਰ ਜਾਂਚ ਕਰਵਾਈ ਜਾਣੀ ਲਾਜ਼ਮੀ ਹੈ।