ਚੰਡੀਗੜ੍ਹ/08 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਦਖ਼ਲ ਦੇ ਕੇ ਇਹ ਯਕੀਨੀ ਬਣਾਉਣ ਲਈ ਆਖਿਆ ਹੈ ਕਿ ਕੋਵਿਡ-19 ਕੇਂਦਰਾਂ ਵਿਚ ਕੰਮ ਕਰਦੇ ਡਾਕਟਰਾਂ ਅਤੇ ਮੈਡੀਕਲ ਸਟਾਫ ਲਈ ਸੁਰੱਖਿਅਤ ਰਿਹਾਇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਉਹਨਾਂ ਦੇ ਪਰਿਵਾਰ ਕਿਸੇ ਖ਼ਤਰੇ ਵਿਚ ਨਾ ਪੈਣ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਵੇਖ ਕੇ ਬਹੁਤ ਦੁੱਖ ਹੁੰਦਾ ਹੈ ਕਿ ਸਿਹਤ ਵਿਭਾਗ ਨੇ ਕੋਵਿਡ-19 ਦੇ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਆਪਣੇ ਸਟਾਫ ਦੀ ਰਿਹਾਇਸ਼ ਦਾ ਪ੍ਰਬੰਧ ਹੋਸਟਲਾਂ, ਆਰਾਮ ਘਰਾਂ ਅਤੇ ਹੋਟਲਾਂ ਵਿਚ ਨਾ ਕਰਕੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਖਤਰੇ ਤੋਂ ਬਚਾਉਣ ਦੀ ਆਪਣੀ ਡਿਊਟੀ ਪੂਰੀ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਸਿਹਤ ਕਾਮਿਆਂ ਵੱਲੋਂ ਵਾਰ ਵਾਰ ਇਹ ਮੰਗ ਉਠਾਈ ਜਾ ਰਹੀ ਹੈ, ਪਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਪ੍ਰਤੀ ਅਵੇਸਲਾ ਹੋਇਆ ਬੈਠਾ ਹੈ, ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਇਸ ਮਾਮਲੇ ਵਿਚ ਦਖ਼ਲ ਦੇਣਾ ਚਾਹੀਦਾ ਹੈ।
ਡਾਕਟਰ ਚੀਮਾ ਨੇ ਕਿਹਾ ਕਿ ਬਹੁਤ ਸਾਰੇ ਸਿਹਤ ਕਾਮਿਆਂ ਕੋਲ ਵੱਖਰੀ ਰਿਹਾਇਸ਼ ਦਾ ਪ੍ਰਬੰਧ ਨਹੀਂ ਹੈ, ਇਸ ਲਈ ਉਹ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਆਪਣੇ ਪਰਿਵਾਰ ਕੋਲੋਂ ਲੋੜੀਂਦੀ ਸਮਾਜਿਕ ਦੂਰੀ ਬਣਾ ਕੇ ਨਹੀਂ ਰੱਖ ਸਕਦੇ। ਉਹਨਾਂ ਕਿਹਾ ਕਿ ਬਹੁਤ ਸਾਰੇ ਸਿਹਤ ਕਾਮੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਪਰਿਵਾਰਾਂ ਤੋਂ ਵੱਖਰੇ ਰਹਿਣ ਲਈ ਤਿਆਰ ਹਨ, ਇਸ ਲਈ ਸਰਕਾਰ ਵੱਲੋਂ ਉਹਨਾਂ ਲਈ ਵੱਖਰੀ ਰਿਹਾਇਸ਼ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਾਕੀ ਸੂਬਿਆਂ ਵੱਲੋਂ ਇਸ ਸੰਬੰਧੀ ਪਹਿਲਕਦਮੀ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਲਈ ਅਜਿਹਾ ਕਰਨਾ ਇਸ ਲਈ ਵੀ ਵਧੇਰੇ ਮਹੱਤਵਪੂਰਨ ਹੈ, ਕਿਉਂਕਿ ਇੱਥੇ ਕੋਵਿਡ ਮੌਤਾਂ ਦੀ ਦਰ ਪੂਰੇ ਦੇਸ਼ ਨਾਲ ਵੱਧ ਹੈ।
ਡਾਕਟਰ ਚੀਮਾ ਨੇ ਕਿਹਾ ਕਿ ਅਜਿਹੀਆਂ ਰਿਪੋਰਟਾਂ ਵੀ ਆਈਆਂ ਹਨ ਕਿ ਪੀਪੀਈ ਕਿਟਾਂ ਪਾ ਕੇ ਕੰਮ ਕਰਦਿਆਂ ਸਹੀ ਹਵਾਦਾਰੀ ਅਤੇ ਏਅਰ ਕੰਡੀਸ਼ਨਿਂੰਗ ਨਾ ਹੋਣ ਕਰਕੇ ਸਿਹਤ ਕਾਮੇ ਬੇਹੋਸ਼ ਹੋ ਰਹੇ ਹਨ ਅਤੇ ਕੰਮ ਕਰਨ ਤੋਂ ਅਸਮਰੱਥ ਹਨ। ਉਹਨਾਂ ਕਿਹਾ ਕਿ ਸਾਰੇ ਕੋਵਿਡ-19 ਕੇਂਦਰਾਂ ਅੰਦਰ ਸਹੀ ਹਵਾਦਾਰੀ ਅਤੇ ਢੁੱਕਵਾਂ ਤਾਪਮਾਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਹਂਨਾਂ ਨੇ ਸਰਕਾਰ ਨੂੰ ਨਰਸਾਂ ਸਮੇਤ ਸਿਹਤ ਕਾਮਿਆਂ ਦੇ ਬਕਾਏ ਵੀ ਜਾਰੀ ਕਰਨ ਲਈ ਆæਖਦਿਆਂ ਕਿਹਾ ਕਿ ਸਰਕਾਰ ਨੂੰ ਹਰਿਆਣਾ ਦੀ ਤਰਜ਼ ਉਤੇ ਸਿਹਤ ਕਾਮਿਆਂ ਨੂੰ ਵਾਧੂ ਲਾਭ ਦੇਣੇ ਚਾਹੀਦੇ ਹਨ ਨਾ ਕਿ ਤਨਖਾਹਾਂ ਰੋਕ ਕੇ ਉਹਨਾਂ ਦਾ ਮਨੋਬਲ ਡੇਗਣਾ ਚਾਹੀਦਾ ਹੈ।