ਸੁਖਬੀਰ ਸਿੰਘ ਬਾਦਲ ਤੇ ਸਤੀਸ਼ ਮਿਸ਼ਰਾ ਨੇ ਐਲਾਨ ਕੀਤਾ ਕਿ ਗਠਜੋੜ ਹੰਕਾਰੀ ਰਾਜੇ ਤੇ ਭ੍ਰਿਸ਼ਟ ਤੇ ਘੁਟਾਲਿਆਂ ਵਾਲੀ ਕਾਂਗਰਸ ਸਰਕਾਰ ਨੂੰ ਪੰਜਾਬ ਵਿਚੋਂ ਚਲਦਾ ਕਰੇਗਾ
ਬਸਪਾ 20 ਸੀਟਾਂ ’ਤੇ ਚੋਣਾਂ ਲੜੇਗੀ : ਸੁਖਬੀਰ ਸਿੰਘ ਬਾਦਲ
ਗਠਜੋੜ ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਖੜ੍ਹੇਗਾ ਤੇ ਕਿਸਾਨਾਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਦਯੋਗ ਤੇ ਵਪਾਰੀ ਦੀ ਪ੍ਰਫੁੱਲਤਾ ਲਈ ਕੰਮ ਕਰੇਗਾ ਤਾਂਜੋ ਸੂਬੇ ਦਾ ਅਰਥਚਾਰਾ ਮੁੜ ਲੀਹ ’ਤੇ ਪਾਇਆ ਜਾ ਸਕੇ
ਚੰਡੀਗੜ੍ਹ, 12 ਜੂਨ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਗਠਜੋੜ ਬਣਾ ਕੇ ਲੜਨ ਦਾ ਐਲਾਨ ਕੀਤਾ ਤਾਂ ਜੋ ਪੰਜਾਬ ਵਿਚੋਂ ਹੰਕਾਰੀ ਰਾਜ ਤੇ ਭ੍ਰਿਸ਼ਟ ਤੇ ਘੁਟਾਲਿਆਂ ਨਾਲ ਭਰੀ ਕਾਂਗਰਸ ਸਰਕਾਰ ਨੁੰ ਚਲਦਾ ਕੀਤਾ ਜਾ ਸਕੇ।
ਇਸ ਬਾਬਤ ਐਲਾਨ ਅੱਜ ਇਥੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਸਤੀਸ਼ ਚੰਦਰ ਮਿਸ਼ਰਾਂ ਨੇ ਸਾਂਝੇ ਤੌਰ ’ਤੇ ਕੀਤਾ। ਬਸਪਾ ਦੇ ਆਗੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਮਾਇਆਵਤੀ ਨੇ ਗਠਜੋੜ ਲਈ ਪ੍ਰਵਾਨਗੀ ਦਿੱਤੀ ਹੈ ਤੇ ਉਹਨਾਂ ਐਲਾਨ ਕੀਤਾ ਕਿ ਦੋਵੇਂ ਪਾਰਟੀਆਂ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇਵਿਚ ਅਗਲੀ ਸਰਕਾਰ ਬਣਾਉਣ ਲਈ ਕੰਮ ਕਰਨਗੀਆਂ। ਸ੍ਰੀ ਮਿਸ਼ਰਾ ਨੇ ਦਲਿਤ ਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਗਠਜੋੜ ਦੀ ਦਿਲੋਂ ਹਮਾਇਤ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਬਸਪਾ ਦੇ ਪੰਜਾਬ ਦੇ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਤੇ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਾਲ ਮਿਲ ਕੇ ਪੰਜ ਵਾਰ ਮੁੱਖ ਮੰਤਰੀ ਰਹੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦਾ ਆਸ਼ੀਰਵਾਦ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਬਸਪਾ ਅਕਾਲੀ ਦਲ ਨਾਲ ਗਠਜੋੜ ਤਹਿਤ 20 ਸੀਟਾਂ ’ਤੇ ਚੋਣਾਂ ਲੜੇਗੀ ਜਿਸ ਵਿਚੋਂ ਦੁਆਬਾ ਵਿਚ 8, ਮਾਲਵਾ ਦੀਆਂ 7 ਤੇ ਮਾਝਾ ਦੀਆਂ 5 ਸੀਟਾਂ ਸ਼ਾਮਲ ਹਨ। ਇਹਨਾਂ ਸੀਟਾਂ ਵਿਚ ਕਰਤਾਰਪੁਰ, ਜਲੰਧਰ ਵੈਸਟ, ਜਲੰਧਰ ਨਾਰਥ, ਫਗਵਾੜਾ, ਹੁਸ਼ਿਆਰਪੁਰ ਸ਼ਹਿਰ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬਸੀ ਪਠਾਣਾਂ, ਮਹਿਲ ਕਲਾਂ, ਨਵਾਂਸ਼ਹਿਰ, ਲੁਧਿਆਣਾ ਨਾਰਥ, ਸੁਜਾਨਪੁਰ, ਬੋਹਾ, ਪਠਾਨਕੋਟ, ਆਨੰਦਪੁਰ ਸਾਹਿਬ, ਮੁਹਾਲੀ, ਅੰਮ੍ਰਿਤਸਰ ਨਾਰਥ, ਅੰਮ੍ਰਿਤਸਰ ਸੈਂਟਰਲ ਤੇ ਪਾਇਲ ਸ਼ਾਮਲ ਹਨ। ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਤਾਲਮੇਲ ਕਮੇਟੀ ਗਠਿਤ ਕੀਤੀ ਜਾਵੇਗੀ ਤਾਂ ਜੋ ਸਾਰੇ ਹਲਕਿਆ ਵਿਚ ਸਾਰੇ ਹਲਕਿਆਂ ਵਿਚ ਕੰਮਕਾਜ ਸਹਿਜੇ ਹੀ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।
ਗਠਜੋੜ ਨੂੰ ਇਤਿਹਾਸਕ ਕਰਾਰ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਗਠਜੋੜ ਸਿਰਫ 2022 ਵਿਧਾਨ ਸਭਾ ਚੋਣਾਂ ਲਈ ਨਹੀਂ ਹੈ ਬਲਕਿ ਇਹ ਭਵਿੱਖ ਵਿਚ ਵੀ ਜਾਰੀ ਰਹੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੋਹਾਂ ਦੀ ਵਿਚਾਰਧਾਰਾ ਇਕ ਹੈ ਤੇ ਦੋਵੇਂ ਕਿਸਾਨਾਂ, ਦਲਿਤਾਂ, ਗਰੀਬਾਂ ਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕਰਦੇ ਹਨ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੁੰ ਹਰ ਸਹੂਲਤ ਦਿੱਤੀ ਹੈ ਭਾਵੇਂ ਉਹ ਆਟਾ ਦਾਲ, ਬੁਢਾਪਾ ਪੈਨਸ਼ਨ ਜਾਂ ਸ਼ਗਨ ਸਕੀਮ ਹੋਵੇ। ਉਹਨਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਪਾਰਟੀ ਨੇ ਕਮਜ਼ੋਰ ਵਰਗਾਂ ਲਈ ਇਕ ਵੀ ਸਕੀਮ ਸ਼ੁਰੂ ਨਹੀਂ ਕੀਤੀ ਤੇ ਇਹ ਐਸ ਸੀ ਸਕਾਲਰਸ਼ਿਪ ਸਕੀਮ ਵਰਗੀਆਂ ਸਕੀਮਾਂ ਬੰਦ ਕਰਨ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਕਾਲੀ ਦਲ ਤੇ ਬਸਪਾ ਦੇ ਜ਼ਮੀਨੀ ਪੱਧਰ ਦੇ ਵਰਕਰ ਸਾਂਝਾ ਮੁਹਾਜ਼ ਬਣਾਉਣ ਦੀ ਮੰਗ ਕਰ ਰਹੇ ਸਨ। ਉਹਨਾਂ ਨੇ ਬਸਪਾ ਦੇ ਪ੍ਰਧਾਨ ਮਾਇਆਵਤੀ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਅਕਾਲੀ ਦਲ ਨਾਲ ਰਲ ਕੇ ਕਾਂਗਰਸ ਪਾਰਟੀ ਨੂੰ ਸੂਬੇ ਵਿਚੋਂ ਖਤਮ ਕਰਨ ਦਾ ਸਪਸ਼ਟ ਫੈਸਲਾ ਲਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਨਵਾਂ ਗਠਜੋੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਦੇ ਮੂਲ ਫਲਸਫੇ ’ਤੇ ਚੱਲੇਗਾ। ਉਹਨਾਂ ਕਿਹਾ ਕਿ ਅਸੀਂ ਸਮਾਜ ਦੇ ਅਣਗੌਲੇ ਵਰਗਾਂ ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਏਗਾ ਤੇ ਨਾਲ ਹੀ ਵਪਾਰ ਤੇ ਉਦਸੋਗ ਵਿਕਸਤ ਕਰਕੇ ਸੂਬੇ ਦਾ ਅਰਥਚਾਰਾ ਮੁੜ ਲੀਹ ’ਤੇ ਲਿਆਵੇਗਾ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਦਾ ਹੈ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਨੇ ਸਾਰੇ ਧਰਮਾਂ ਦੇ ਪੂਜਾ ਸਥਲ ਵਿਕਸਤ ਕੀਤ ੇਹਨਅਤੇ ਅੰਮ੍ਰਿਤਸਰ ਵਿਚ ਭਗਵਾਨ ਵਾਲਮੀਕਿ ਦਾ ਅਸਥਾਨ ਬਣਾਇਆ। ਗੁਰੂ ਰਵੀਦਾਸ ਜੀ ਦੇ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ 200 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਿਸਨੂੰ ਕਾਂਗਰਸ ਸਰਕਾਰ ਨੇ ਰੋਕ ਦਿੱਤਾ।
ਇਸ ਮੌਕੇ ਸ੍ਰੀ ਸਤੀਸ਼ ਮਿਸ਼ਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਇਤਿਹਾਸ ਵਿਚ ਬਹੁਤ ਵੱਡਾ ਦਿਨ ਹੈ ਜਦੋਂ ਬਸਪਾ ਨੇ ਪੰਜਾਬ ਦੀ ਸਭ ਤੋਂ ਮਜ਼ਬੂਤ ਪਾਰਟੀ ਨਾਲ ਗਠਜੋੜ ਕੀਤਾ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ 25 ਸਾਲ ਬਾਅਦ ਮੁੜ ਇਕੱਠੀਆਂ ਹੋਈਆਂ ਹਨ ਅਤੇ ਪਿਛਲੀ ਵਾਰ ਜਦੋਂ ਦੋਵਾਂ ਪਾਰਟੀਆਂ ਨੇ ਰਲ ਕੇ 1996 ਦੀਆਂ ਚੋਣਾਂ ਲੜੀਆਂ ਸਨ ਤਾਂ ਲੋਕ ਸਭਾ ਦੀਆਂ 13 ਵਿਚੋਂ 11 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ। ਉਹਨਾਂ ਕਿਹਾ ਕਿ ਬਸਪਾ ਪ੍ਰਧਾਨ ਮਾਇਆਵਤੀ ਜੀ ਆਪ ਆ ਕੇ ਗਠਜੋੜ ਦਾ ਐਲਾਨ ਕਰਨਾ ਚਾਹੁੰਦੇ ਸਨ ਪਰ ਕੋਰੋਨਾ ਬੰਦਸ਼ਾਂ ਕਰ ਕੇ ਅਜਿਹਾ ਹੋ ਨਹੀਂ ਸਕਿਆ।
ਸ੍ਰੀ ਮਿਸ਼ਰਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਕਿਵੇਂ ਦਲਿਤਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਤੇ ਐਸ ਸੀ ਵਿਦਿਆਰਥੀਆਂ ਲਈ ਰਾਖਵੇਂ ਫੰਡ ਜਾਰੀ ਨਹੀਂ ਕਰ ਰਹੀ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨਾਂ ਦੇ ਲੱਖਾਂ ਲਾਭਪਾਤਰੀਆਂ ਦੇ ਨਾਂ ਕੱਟ ਦਿੱਤੇ ਹਨ, ਐਸ ਸੀ ਤੇ ਓ ਬੀ ਸੀ ਆਸਾਮੀਆਂ ਭਰੀਆਂ ਨਹੀਂ ਜਾ ਰਹੀਆਂ ਤੇ ਬੇਘਰਿਆਂ ਨੂੰ ਘਰ ਦੇਣ ਦੀ ਸਕੀਮ ਤਹਿਤ ਘਰ ਨਹੀਂ ਦਿੱਤੇ ਜਾ ਰਹੇ। ਉਹਨਾਂ ਦੱਸਿਆ ਕਿ ਕਿਵੇਂ ਬਸਪਾ ਅਕਾਲੀ ਦਲ ਨਾਲ ਰਲ ਕੇ ਸੰਘਰਸ਼ ਕਰੇਗੀ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਤਿੰਨ ਕਿਸਾਨ ਵਿਰੋਧੀ ਖੇਤੀਕਾਨੂੰਨ ਲਾਗੂ ਨਾ ਹੋਣ ਅਤੇ ਉਹਨਾਂ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨਾਂ ਦੀ ਹਮਾਇਤ ਵਿਚ ਕੈਬਨਿਟ ਤੋਂ ਅਸਤੀਫਾ ਦੇਣ ਦੀ ਸ਼ਲਾਘਾ ਕੀਤੀ। ਸ੍ਰੀ ਮਿਸ਼ਰਾ ਨੇ ਤਿੰਨ ਨਫਰਤ ਭਰੇ ਕਾਨੁੰਨਾਂ ਦੀ ਸ਼ਲਾਘਾ ਕਰਨ ’ਤੇ ਆਪ ਦੀ ਨਿਖੇਧੀਕੀਤੀ ਤੇ ਕਿਹਾ ਕਿ ਉਹ ਕਿਸਾਨਾਂ ਦੇ ਦਬਾਅ ਹੇਠ ਹੁਣ ਆਪਣਾ ਸਟੈਂਡ ਬਦਲ ਗਈ ਹੈ।
ਇਸ ਮੌਕੇ ਹੋਰਨਾਂ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਨਰੇਸ਼ ਗੁਜਰਾਲ, ਹਰਸਿਮਰਤ ਕੌਰ ਬਾਦਲ, ਨਿਰਮਲ ਸਿੰਘ ਕਾਹਲੋਂ, ਬੀਬੀ ਜਗੀਰ ਕੌਰ, ਜਨਮੇਜਾ ਸਿੰਘ ਸੇਖੋਂ, ਬੀਬੀ ਉਪਿੰਦਰਜੀਤ ਕੌਰ, ਡਾ. ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਜਗਮੀਤ ਸਿੰਘ ਬਰਾੜ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘਸ ਮਾਨ ਤੇ ਪਰਮਬੰਸ ਸਿੰਘ ਰੋਮਾਣਾ ਵੀ ਹਾਜ਼ਰ ਸਨ।