ਚੰਡੀਗੜ੍ਹ/03 ਅਗਸਤ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦਾ ਨਾਂ ਬਦਲ ਕੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਰੱਖਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਆਪਣੇ ਧਰਮ ਅਤੇ ਮਨੁੱਖੀ ਕਦਰਾਂ ਕੀਮਤਾਂ ਲਈ ਜਾਨਾਂ ਵਾਰਨ ਵਾਲੇ ਦੁਨੀਆਂ ਦੇ ਸਭ ਤੋਂ ਛੋਟੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਇਹ ਸਭ ਤੋਂ ਢੁੱਕਵੀਂ ਸ਼ਰਧਾਂਜ਼ਲੀ ਹੋਵੇਗੀ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਬਣ ਰਹੀ ਸਪੋਰਟਸ ਯੂਨੀਵਰਸਿਟੀ ਦਾ ਨਾਂ ਬਦਲ ਕੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਨਾਂ ਉੱਤੇ ਰੱਖਿਆ ਜਾਣਾ ਚਾਹੀਦਾ ਹੈ, ਕਿਉਂਕਿ ਇਸ ਖੇਤਰ ਦੀ ਧਰਤੀ ਦਾ ਚੱਪਾ ਚੱਪਾ ਉਹਨਾਂ ਦਾ ਰਿਣੀ ਹੈ, ਜਿਹਨਾਂ ਨੇ ਆਪਣੇ ਧਰਮ ਦੀ ਰਾਖੀ ਖਾਤਿਰ ਸਮੇਂ ਦੀ ਜ਼ਾਲਮ ਸਰਕਾਰ ਖ਼ਿਲਾਫ ਆਵਾਜ਼ ਬੁਲੰਦ ਕਰਦਿਆਂ ਦੁਨੀਆਂ ਵਿਚ ਇੱਕ ਨਿਵੇਕਲੀ ਮਿਸਾਲ ਕਾਇਮ ਕੀਤੀ ਸੀ।
ਇਹ ਟਿੱਪਣੀ ਕਰਦਿਆਂ ਇਹ ਯੂਨੀਵਰਸਿਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਾਦੇ ਦੇ ਨਾਂ ਉੱਤੇ ਰੱਖਣ ਦਾ ਸੁਝਾਅ ਦੇ ਕੇ ਕਾਂਗਰਸੀ ਮੰਤਰੀਆਂ ਨੂੰ ਚਾਪਲੂਸੀ ਦੀਆਂ ਸਾਰੀਆਂ ਹੱਦਾਂ ਪਾਰ ਨਹੀਂ ਸੀ ਕਰਨੀਆਂ ਚਾਹੀਦੀਆਂ, ਅਕਾਲੀ ਆਗੂ ਨੇ ਕਿਹਾ ਕਿ ਇਹ ਯੂਨੀਵਰਸਿਟੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਸਮਰਪਿਤ ਕਰਨਾ ਸਭ ਤੋਂ ਢੁੱਕਵਾਂ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਨਾ ਸਿਰਫ ਇਸ ਨਵੀਂ ਸੰਸਥਾ ਦੀ ਸ਼ਾਨ ਵਧੇਗੀ, ਸਗੋਂ ਸਾਹਿਬਜ਼ਾਦਿਆਂ ਦੇ ਨਾਂ ਉੱਤੇ ਇੱਕ ਵੱਕਾਰੀ ਸੰਸਥਾਨ ਵੇਖ ਕੇ ਪੰਜਾਬੀਆਂ ਦੇ ਜਜ਼ਬਾਤਾਂ ਨੂੰ ਵੀ ਠੰਡ ਪਵੇਗੀ।
ਕਾਂਗਰਸ ਸਰਕਾਰ ਨੂੰ ਆਪਣਾ ਪੁਰਾਣਾ ਫੈਸਲਾ ਪਲਟਾਉਣ ਲਈ ਆਖਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਪਟਿਆਲਾ ਤੋਂ ਸਿਰਫ 30 ਕਿਲੋਮੀਟਰ ਦੂਰ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸਾਹਿਬਜ਼ਾਦਿਆਂ ਲਈ ਇਹ ਸੱਚੀ ਸਰਧਾਂਜ਼ਲੀ ਹੋਵੇਗੀ। ਉੁਹਨਾਂ ਕਿਹਾ ਕਿ ਇਸ ਖੇਤਰ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਨੂੰ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰਨਾ ਨਾ ਸਿਰਫ ਪੰਜਾਬੀ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰੇਗਾ, ਸਗੋਂ ਉਹਨਾਂ ਨੂੰ ਮਾੜੀ ਸੰਗਤ ਤੋਂ ਵੀ ਦੂਰ ਰੱਖੇਗਾ। ਉਹਨਾਂ ਕਿਹਾ ਕਿ ਸਾਹਿਬਜ਼ਾਦੇ ਅਤੇ ਉੁਹਨਾਂ ਦੀ ਜ਼ਿੰਦਗੀ ਸਾਨੂੰ ਸਿੱਖ ਧਰਮ ਦੀਆਂ ਮੁੱਢਲੀਆਂ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਂਦੇ ਹਨ, ਜਿਹਨਾਂ ਅੰਦਰ ਸਾਡੀਆਂ ਉਹਨਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਪਿਆ ਹੈ, ਜਿਹੜੀਆਂ ਇੱਕ ਅਖੌਤੀ ਆਧੁਨਿਕ ਜੀਵਨ ਸ਼ੈਲੀ ਦੀ ਪੈਦਾਇਸ਼ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਰੁਚਿਤ ਕਰਨ ਲਈ ਸਾਨੂੰ ਮਹਾਨ ਹਸਤੀਆਂ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ।