ਬਠਿੰਡਾ ਅਤੇ ਫਿਰੋਜ਼ਪੁਰ ਦੇ ਵੋਟਰਾਂ ਦਾ ਸ਼ੁਕਰੀਆ ਅਦਾ ਕੀਤਾ
ਬਠਿੰਡਾ/23 ਮਈ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਬੇਹੱਦ ਖੁਸ਼ ਹਨ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਦੇ ਮੁੱਖ ਵਿਰੋਧੀ ਗਠਜੋੜ ਅਕਾਲੀ-ਭਾਜਪਾ ਵਿਚ ਮੁੜ ਜਤਾਇਆ ਹੈ।
ਪੰਜਾਬ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਮਗਰੋਂ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਕੋਲ ਪੰਜਾਬੀਆਂ ਦਾ ਸ਼ੁਕਰਾਨਾ ਕਰਨ ਲਈ ਸ਼ਬਦ ਥੋੜ੍ਹੇ ਪੈ ਗਏ ਹਨ। ਉਹਨਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕਾਂ ਵੱਲੋਂ ਵਿਖਾਏ ਪਿਆਰ ਅਤੇ ਵਿਸ਼ਵਾਸ ਨੂੰ ਉਹਨਾਂ ਧੁਰ ਅੰਦਰ ਤੀਕ ਹਲੀਮੀ ਅਤੇ ਜ਼ਿੰਮੇਵਾਰੀ ਦੇ ਅਹਿਸਾਸ ਨਾਲ ਭਰ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਬਠਿੰਡਾ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ, ਜਿਹਨਾਂ ਨੇ ਅਕਾਲੀ-ਭਾਜਪਾ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਲਗਾਤਾਰ ਤੀਜੀ ਵਾਰ ਇਸ ਹਲਕੇ ਤੋਂ ਜੇਤੂ ਬਣਾਇਆ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬੀਆਂ ਨੇ ਅਕਾਲੀ-ਭਾਜਪਾ ਗਠਜੋੜ ਨੂੰ ਸੂਬੇ ਅੰਦਰ ਜਿਹੜੀ ਮੁੱਖ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।