ਚੰਡੀਗੜ੍ਹ/21 ਅਕਤੂਬਰ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਵੇਲੇ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਸ਼ਰਧਾਲੂਆਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਯਾਤਰਾ ਸਕੀਮ ਦੀ ਤਰਜ਼ ਉਤੇ ਉਹ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਮੁਫਤ ਕਰਨ ਦਾ ਬੰਦੋਬਸਤ ਕਰਨ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਬੱਸ ਰਾਹੀ ਸ੍ਰੀ ਦਰਬਾਰ ਸਾਹਿਬ ਅਤੇ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਨਾਂਦੇੜ ਸਾਹਿਬ, ਪਟਨਾ ਸਾਹਿਬ ਵਾਰਾਨਸੀ ਅਤੇ ਅਜਮੇਰ ਦੀ ਯਾਤਰਾ ਕਰਵਾਈ ਜਾਂਦੀ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦੀ ਕਮਾਨ ਸੰਭਾਲਦੇ ਹੀ ਇਹ ਸਕੀਮ ਬੰਦ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇੱਛਾ ਰੱਖਣ ਵਾਲੇ ਸਾਰੇ ਸ਼ਰਧਾਲੂਆਂ ਉੱਤੇ ਪਾਕਿਸਤਾਨ ਸਰਕਾਰ ਵੱਲੋਂ ਲਗਾਏ 20 ਡਾਲਰ ਦੇ ਟੈਕਸ ਦਾ ਬੋਝ ਹਲਕਾ ਕਰਨ ਲਈ ਇਸ ਸਕੀਮ ਨੂੰ ਦੁਬਾਰਾ ਸ਼ੁਰੂ ਕਰਨ ਦੀ ਲੋੜ ਹੈ।
ਬੀਬਾ ਬਾਦਲ ਨੇ ਕਿਹਾ ਕਿ ਬਾਕੀ ਸੂਬਿਆਂ ਦੀਆਂ ਸਰਕਾਰਾਂ ਵੀ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਰਹੀਆਂ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ 20 ਡਾਲਰ ਅਦਾ ਕਰਨ ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ, ਜਿਸ ਨੂੰ ਪਾਕਿਸਤਾਨ ਸਰਕਾਰ ਹਰ ਸ਼ਰਧਾਲੂ ਉਤੇ ਲਾਉਣ ਦੀ ਜ਼ਿੱਦ ਕਰੀ ਬੈਠੀ ਹੈ।ਉਹਨਾਂ ਕਿਹਾ ਕਿ ਇਸ ਨਾਲ ਸਮਾਜ ਦੇ ਗਰੀਬ ਤਬਕਿਆਂ ਲਈ ਵੀ ਇਹ ਯਾਤਰਾ ਕਰਨਾ ਆਸਾਨ ਹੋ ਜਾਵੇਗਾ।
ਕੇਂਦਰੀ ਮੰਤਰੀ ਨੇ ਪਾਕਿਸਤਾਨ ਸਰਕਾਰ ਨੂੰ ਵੀ ਯਾਤਰੀਆਂ ਕੋਲੋਂ 20 ਡਾਲਰ ਲੈਣ ਦੇ ਫੈਸਲੇ ਉੱਤੇ ਦੁਬਾਰਾ ਗੌਰ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਦੁਨੀਆਂ ਵਿਚ ਕਿਤੇ ਵੀ ਕਿਸੇ ਧਾਰਮਿਕ ਅਸਥਾਨ ਦੀ ਯਾਤਰਾ ਕਰਨ ਉੱਤੇ ਅਜਿਹਾ ਸਰਵਿਸ ਟੈਕਸ ਨਹੀਂ ਲਿਆ ਜਾਂਦਾ ਹੈ। ਉਹਨਾਂ ਕਿਹਾ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਹ ਬਿਆਨ ਬਹੁਤ ਹੈਰਾਨ ਕਰਨ ਵਾਲਾ ਹੈ ਕਿ ਇਸ ਸਰਵਿਸ ਟੈਕਸ ਅਤੇ ਇੱਕ ਧਾਰਮਿਕ ਕੇਂਦਰ ਬਣਨ ਸਦਕਾ ਉਸ ਦੇ ਮੁਲਕ ਅੰਦਰ ਵਿਦੇਸ਼ੀ ਮੁਦਰਾ ਆਉਣੀ ਸ਼ੁਰੂ ਹੋਵੇਗੀ। ਉਹਨਾਂ ਕਿਹਾ ਕਿ ਪਾਕਿਸਤਾਨ ਨੂੰ ਦਇਆ ਵਾਲੇ ਕੰਮ ਤੋਂ ਮੁਨਾਫਾ ਨਹੀਂ ਕਮਾਉਣਾ ਚਾਹੀਦਾ। ਇਸ ਨੂੰ ਸ਼ਰਧਾਲੂਆਂ ਦੀ ਆਸਥਾ ਵਿਚੋਂ ਪੈਸਾ ਕਮਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਹ ਸਿੱਖਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕਰਨਾ ਹੈ, ਜਿਹੜੇ ਕਿ ਪੂਰੀ ਦੁਨੀਆਂ ਅੰਦਰ ਮਨੁੱਖਤਾ ਦੀ ਸੇਵਾ ਲਈ ਜਾਣੇ ਜਾਂਦੇ ਹਨ।