ਚੰਡੀਗੜ੍ਹ, 9 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2022 ਵਿਚ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਰਾਂ ਨੂੰ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਉਹਨਾਂ ਦੇ ਬੱਚਿਆਂ ਨੂੰਪੋਸਟ ਗਰੈਜੂਏਸ਼ਨ ਤੱਕ ਮੁਫਤ ਸਿੱਖਿਆ ਵੀ ਪ੍ਰਦਾਨ ਕੀਤੀ ਜਾਵੇਗੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਿੰਨ ਨਫਰਤ ਭਰੇ ਖੇਤੀ ਕਾਨੂੰਨਾਂ ਦੇ ਖਿਲਾਫ ਇਹ ਸੰਘਰਸ਼ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ। ਉਹਨਾਂ ਕਿਹਾ ਕਿ ਹੁਣ ਤੱਕ 550 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਫੈਸਲਾ ਕੀਤਾ ਹੈ ਕਿ 2022 ਵਿਚ ਇਕ ਵਾਰ ਸੱਤਾ ਵਿਚ ਆਉਣ ’ਤੇ ਇਹ ਸ਼ਹੀਦਾਂ ਦੇਪਰਿਵਾਰਾਂ ਦੀਆਂ ਜ਼ਰੂਰਤਾਂ ਦਾ ਖਿਆਲ ਰੱਖੇਗਾ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਨੇ ਮੀਂਹ ਤੇ ਝੱਖੜ ਸਮੇਤ ਨਾ ਸਿਰਫ ਖਰਾਬ ਮੌਸਮ ਦੀ ਮਾਰ ਝੱਲ ਹੈ ਬਲਕਿ ਸਰਕਾਰੀ ਦਮਨ ਦੇ ਬਾਵਜੂਦ ਇਹਨਾਂ ਦਾ ਸੰਘਰਸ਼ ਜਾਰੀ ਹੈ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਨੁੰ ਉਹਨਾਂ ਦਾ ਬਣਦਾ ਹੱਕ ਮਿਲਣਾ ਯਕੀਨੀ ਬਣਾਉਣ ਲਈ ਦ੍ਰਿੜ੍ਹ ਸੰਕਲਪ ਹਾਂ। ਉਹਨਾਂ ਕਿਹਾ ਕਿ ਅਸੀਂ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਇਸ ਸੰਘਰਸ਼ ਦੀ ਹਮਾਇਤ ਕਰਦੇ ਹਾਂ ਕਿਉਂਕਿ ਇਹਨਾਂ ਕਾਨੁੰਨਾਂ ਦੇ ਤਹਿਤ ਕਿਸਾਨਾਂ ਦੀਆਂ ਜਿਣਸਾਂ ਦੀ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ ਯਕੀਨੀ ਸਰਕਾਰੀ ਖਰੀਦ ਬੰਦ ਕਰਨ ਦਾ ਮੰਤਵ ਰੱਖਿਆ ਗਿਆ ਹੈ ਬਲਕਿ ਅਸੀਂ ਆਪਣਾ ਫਰਜ਼ ਸਮਝਦੇ ਹਾਂ ਕਿ ਸੰਘਰਸ਼ ਦੌਰਾਨ ਜਿਹੜੇ ਸ਼ਹੀਦ ਹੋਏ ਉਹਨਾਂ ਦੇ ਪਰਿਵਾਰਾਂ ਨੂੰ ਬਣਦਾ ਹੱਕ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਕ ਵਾਰ ਅਸੀਂ ਸੱਤਾ ਵਿਚ ਆਉਣ ਤੋਂ ਬਾਅਦ ਅਸੀਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੀਤੇ ਵਾਅਦੇ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਸਿਰੇ ਚੜ੍ਹਾਵਾਂਗੇ।’’
ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਤੇ ਮੁਫਤ ਸਿੱਖਿਆ ਤੋਂ ਇਲਾਕਾ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਇਹਨਾਂ ਪਰਿਵਾਰਾਂ ਦਾ ਮੁਫਤ ਮੈਡੀਕਲਾ ਬੀਮਾ ਵੀ ਕਰਵਾਏਗੀ। ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਾਰੇ ਖਰਚੇ ਪੰਜਾਬ ਸਰਕਾਰ ਚੁੱਕੇਗੀ।
ਉਹਨਾਂ ਕਿਹਾ ਕਿ ਉਹ ਪੰਜਾਬੀਆਂ ਨਾਲ ਇਹ ਵਾਅਦੇ ਅਕਾਲੀ ਦਲ ਦੇ ਪ੍ਰਧਾਨ ਹੋਣ ਦੇ ਨਾਅਤੇ ਕਰ ਰਹੇ ਹਨ ਅਤੇ 2022 ਵਿਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਦੇ ਸਹੁੰ ਚੁੱਕਣ ਤੋਂ ਬਾਅਦ ਇਹਨਾਂ ਦਾ ਪੂਰਾ ਹੋਣਾ ਯਕੀਨੀ ਬਣਾਉਣਗੇ।