ਕਾਂਗਰਸ ਦਲਿਤ ਵਿਰੋਧੀ, ਮੁੱਖ ਮੰਤਰੀ ਤੁਰੰਤ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ : ਪਵਨ ਟੀਨੂੰ
ਚੰਡੀਗੜ•, 24 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਪਛੜੀਆਂ ਸ਼੍ਰੇਣੀਆਂ ਦੀਆਂ ਸਾਰੀਆਂ ਲਾੜੀਆਂ ਨੂੰ 'ਸ਼ਗਨ' ਦੇ ਪੈਸੇ ਜਾਰੀ ਕਰੇ ਤੇ ਪਾਰਟੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਮਹਾਂਮਾਰੀ ਦੇ ਸਮੇਂ ਇਹ ਲਾਭ ਰੋਕਣਾ ਨਹੀਂ ਚਾਹੀਦਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਸ੍ਰੀ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੇ ਇਕ ਸਾਲ ਤੋਂ ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਰਾਸ਼ੀ ਨਹੀਂ ਵੰਡੀ ਜਾ ਰਹੀ। ਉਹਨਾਂ ਕਿਹਾ ਕਿ ਕਾਂਗਰਸ ਦਾ ਦਲਿਤਾਂ ਪ੍ਰਤੀ ਵਿਤਕਰੇ ਦਾ ਇਤਿਹਾਸ ਰਿਹਾ ਹੈ ਜਦਕਿ ਦਲਿਤ ਲਾਭਪਾਤਰੀਆਂ ਦਾ ਵੱਡਾ ਹਿੱਸਾ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਜਾਰੀ ਨਹੀਂ ਕੀਤੀ ਗਈ ਸੀ ਜਿਸਦੇ ਕਾਰਨ ਸੂਬੇ ਦੇ ਕਾਲਜਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਘੱਟ ਗਈ ਤੇ ਹੁਣ ਇਹ ਅਨੁਸੂਚਿਤ ਜਾਤੀ/ਪਛੜੀਆਂ ਸ਼੍ਰੇਣੀਆਂ ਦੀਆਂ ਲਾੜੀਆਂ ਨੂੰ ਸ਼ਗਨ ਦਾ ਪੈਸਾ ਦੇਣ ਤੋਂ ਮੁਕਰ ਰਹੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਮਾਮਲੇ ਵਿਚ ਤੁਰੰਤ ਦਖਲ ਦੀ ਮੰਗ ਕਰਦਿਆਂ ਸ੍ਰੀ ਪਵਨ ਟੀਨੂੰ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਉਹਨਾਂ ਦੀ ਸਰਕਾਰ ਵੱਲੋਂ ਦਲਿਤਾਂ ਨਾਲ ਕੀਤੇ ਜਾ ਰਹੇ ਅਨਿਆਂ ਨੂੰ ਦਰੁਸਤ ਲਈ ਕੋਈ ਕਦਮ ਨਹੀਂ ਚੁੱਕ ਰਹੇ। ਅਕਾਲੀ ਆਗੂ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੇ ਹਨ ਤੇ ਉਹਨਾਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।
ਸ੍ਰੀ ਟੀਨੂੰ ਨੇ ਮੁੱਖ ਮੰਤਰੀ ਨੂੰ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਨਾਲ ਕੀਤਾ ਵਾਅਦਾ ਵੀ ਚੇਤੇ ਕਰਵਾਇਆ ਕਿ ਆਸ਼ੀਰਵਾਦ ਸਕੀਮ ਤਹਿਤ ਰਾਸ਼ੀ ਵਧਾ ਕੇ 51000 ਰੁਪਏ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੇ 4 ਸਾਲ ਖਤਮ ਹੋ ਗਏ ਹਨ ਪਰ ਹਾਲੇ ਤੱਕ ਇਸ ਸਕੀਮ ਤਹਿਤ ਸਿਰਫ 21000 ਰੁਪਏ ਹੀ ਦਿੱਤੇ ਜਾ ਰਹੇ ਹਨ।
ਸ੍ਰੀ ਟੀਨੂੰ ਨੇ ਇਹ ਵੀ ਦੱਸਿਆ ਕਿ ਆਸ਼ੀਰਵਾਦ ਸਕੀਮ ਸਹੀ ਤਰੀਕੇ ਲਾਗੂ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਜਿਹੜੇ ਜੋੜਿਆਂ ਨੇ ਅੰਤਰ ਜਾਤੀ ਵਿਆਹ ਕਰਵਾਏ ਹਨ, ਉਹਨਾਂ ਨੂੰ ਕਈ ਸਾਲਾਂ ਤੋਂ 50 ਹਜ਼ਾਰ ਰੁਪਏ ਦਾ ਲਾਭ ਵੀ ਨਹੀਂ ਮਿਲਿਆ। ਉਹਨਾਂ ਨੇ ਮੁੱਖ ਮੰਤਰੀ ਨੂੰ ਸਾਰੀਆਂ ਸਮਾਜ ਭਲਾਈ ਸਕੀਮਾਂ 'ਤੇ ਝਾਤ ਮਾਰਨ ਤੇ ਇਸਦਾ ਬੈਕਲਾਗ ਤੁਰੰਤ ਖਤਮ ਕਰਨ ਦੀ ਅਪੀਲ ਕੀਤੀ।