ਡਾਕਟਰ ਚੀਮਾ ਨੇ ਕਿਹਾ ਕਿ ਕਾਂਗਰਸ ਝੂਠ ਬੋਲ ਰਹੀ ਹੈ ਕਿ ਸਿਟ ਦੀ ਜਾਂਚ ਨੂੰ ਰੋਕ ਦਿੱਤਾ ਗਿਆ ਹੈ
ਚੰਡੀਗੜ੍ਹ/16 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਪੰਜਾਬ ਏਕਤਾ ਪਾਰਟੀ ਵੱਲੋਂ ਸਿਟ ਮੈਂਬਰ ਅਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਰੁਕਵਾਉਣ ਲਈ ਅੱਜ ਚੋਣ ਕਮਿਸ਼ਨ ਕੋਲ ਕੀਤੀ ਪਹੁੰਚ ਨਾਲ ਇਸ ਗੱਲ ਦਾ ਪਰਦਾਫਾਸ਼ ਹੋ ਗਿਆ ਹੈ ਕਿ ਇਹਨਾਂ ਤਿੰਨਾਂ ਪਾਰਟੀਆਂ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਵਾਪਰੀਆਂ ਪੁਲਿਸ ਗੋਲੀਬਾਰੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਆਸੀਕਰਨ ਕਰਨ ਵਾਸਤੇ ਸਾਂਝੀ ਸਾਜ਼ਿਸ਼ ਰਚੀ ਸੀ। ਪਾਰਟੀ ਨੇ ਕਿਹਾ ਕਿ ਵਿਵਾਦਗ੍ਰਸਤ ਆਈਜੀ ਦਾ ਤਬਾਦਲਾ ਉਸ ਖ਼ਿਲਾਫ ਮਾਮਲੇ ਦੇ ਸਾਰੇ ਤੱਥਾਂ ਦੀ ਪੜਤਾਲ ਕਰਨ ਮਗਰੋਂ ਕੀਤਾ ਗਿਆ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੁਬਾਰਾ ਝੂਠ ਬੋਲ ਰਹੀ ਹੈ ਕਿ ਪੁਲਿਸ ਗੋਲੀਬਾਰੀ ਮਾਮਲੇ ਦੀ ਜਾਂਚ ਨੂੰ ਰੋਕ ਦਿੱਤਾ ਗਿਆ ਹੈ ਜਦਕਿ ਸੱਚਾਈ ਇਹ ਹੈ ਕਿ ਸਿਟ ਟੀਮ ਦੇ ਸਿਰਫ ਇੱਕ ਮੈਂਬਰ ਕੁੰਵਰ ਵਿਜੇ ਪ੍ਰਤਾਪ ਦਾ ਸਿਰਫ ਇਸ ਲਈ ਤਬਾਦਲਾ ਕੀਤਾ ਗਿਆ ਹੈ, ਕਿਉਂਕਿ ਉਸ ਨੇ ਇਸ ਮੁੱਦੇ ਉੱਤੇ ਇੱਕ ਸਿਆਸੀ ਇੰਟਰਵਿਊ ਦੇ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਸੀ। ਉਹਨਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਨਾਲ ਜਾਂਚ ਦਾ ਕੰਮ ਨਹੀਂ ਰੁਕਿਆ ਹੈ।
ਡਾਕਟਰ ਚੀਮਾ ਨੇ ਕਿਹਾ ਕਿ ਇੰਝ ਜਾਪਦਾ ਹੈ ਕਿ ਕਾਂਗਰਸ ਪਾਰਟੀ ਨੇ ਆਪ ਅਤੇ ਪੀਈਪੀ ਨਾਲ ਮਿਲ ਕੇ ਪੁਲਿਸ ਕਾਰਵਾਈ ਦੀ ਜਾਂਚ ਦਾ ਸਿਆਸੀਕਰਨ ਕਰਨ ਵਾਸਤੇ ਸਾਜ਼ਿਸ਼ ਰਚੀ ਸੀ ਅਤੇ ਹੁਣ ਉਹ ਹੱਥ ਮਲ ਰਹੀਆਂ ਹਨ ਕਿ ਉਹਨਾਂ ਦੇ ਨਾਪਾਕ ਇਰਾਦਿਆਂ ਨੂੰ ਅਧਵਾਟੇ ਹੀ ਨਾਕਾਮ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸੇ ਕਰਕੇ ਇਹਨਾਂ ਤਿੰਨਾਂ ਪਾਰਟੀਆਂ ਦੇ ਨੁੰਮਾਇਦੇ ਅੱਜ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਦੀ ਅਗਵਾਈ ਵਿਚ ਆਈਜੀ ਕੁੰਵਰ ਵਿਜੇ ਪ੍ਰਤਾਪ ਬਾਰੇ ਚੋਣ ਕਮਿਸ਼ਨ ਦਾ ਫੈਸਲਾ ਬਦਲਾਉਣ ਲਈ ਉਸ ਉੱਤੇ ਦਬਾਅ ਪਾਉਣ ਵਾਸਤੇ ਇਕੱਠੇ ਹੋਏ ਹਨ।
ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਹੈ ਕਿ ਆਈਜੀ ਵੀ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਇਸ ਮੁੱਦੇ ਦਾ ਸਿਆਸੀਕਰਨ ਕਰ ਰਿਹਾ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਇੱਕ ਸਿਆਸੀ ਇੰਟਰਵਿਊ ਦੇਣ ਵਿਰੁੱਧ ਪੁਲਿਸ ਅਧਿਕਾਰੀ ਖ਼ਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਉਹਨਾਂ ਕਿਹਾ ਕਿ ਇਸ ਸ਼ਿਕਾਇਤ ਦਾ ਸਿਟ ਵੱਲੋਂ ਕੀਤੀ ਜਾ ਰਹੀ ਜਾਂਚ ਨਾਲ ਕੋਈ ਸੰਬੰਧ ਨਹੀਂ ਹੈ। ਉਹਨਾਂ ਕਿਹਾ ਕਿ ਕਾਂਗਰਸ ਅਤੇ ਦੂਜੀਆਂ ਪਾਰਟੀਆਂ ਇਸ ਮੁੱਦੇ ਉੱਤੇ ਲੋਕਾਂ ਨੂੰ ਜਾਣਬੁੱਝ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਡਾਕਟਰ ਚੀਮਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿਟ ਦੇ ਸਿਰਫ ਇੱਕ ਮੈਂਬਰ ਦਾ ਤਬਾਦਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਮੁੱਦੇ ਦਾ ਸਿਆਸੀਕਰਨ ਕਰਕੇ ਕਾਂਗਰਸ ਅਤੇ ਦੂਜੀਆਂ ਪਾਰਟੀਆਂ ਸੂਬੇ ਦੇ ਡੀਜੀਪੀ, ਸਿਟ ਦੇ ਚੇਅਰਮੈਨ ਅਤੇ ਦੂਜੇ ਮੈਂਬਰਾਂ ਦਾ ਅਪਮਾਨ ਕਰ ਰਹੀਆਂ ਹਨ। ਉਹ ਇਹ ਕਹਿ ਕੇ ਸੂਬੇ ਦੀ ਸਮੁੱਚੀ ਪੁਲਿਸ ਫੋਰਸ ਦਾ ਨਿਰਾਦਰ ਕਰ ਰਹੀਆਂ ਹਨ ਕਿ ਸਿਰਫ ਆਈਜੀ ਕੁੰਵਰ ਵਿਜੇ ਪ੍ਰਤਾਪ ਇਸ ਮਾਮਲੇ ਦੀ ਜਾਂਚ ਕਰ ਸਕਦਾ ਹੈ। ਉਹਨਾਂ ਕਿਹਾ ਕਿ ਆਈਜੀ ਨੂੰ ਵੀ ਇਸ ਢੰਗ ਨਾਲ ਸਿਆਸੀ ਪਾਰਟੀਆਂ ਨਾਲ ਗੰਢਤੁਪ ਨਹੀਂ ਕਰਨੀ ਚਾਹੀਦੀ, ਇਸ ਨਾਲ ਸਮੁੱਚੀ ਪੁਲਿਸ ਫੋਰਸ ਬਦਨਾਮ ਹੋ ਰਹੀ ਹੈ।