ਚੰਡੀਗੜ•/23 ਜੁਲਾਈ:ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਪੁਲਿਸ ਨੂੰ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਤੰਗ ਕਰਨ ਅਤੇ ਧਮਕਾਉਣ ਤੋਂ ਵਰਜਦਿਆਂ ਕਿਹਾ ਹੈ ਕਿ ਉਹਨਾਂ ਨੂੰ ਕਾਂਗਰਸ ਪਾਰਟੀ ਵਾਸਤੇ ਬਦਲੇਖੋਰੀ ਦੇ ਸੰਦ ਬਣਨ ਲਈ ਨਿੱਜੀ ਤੌਰ ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹੁਤ ਸਾਰੇ ਕੇਸਾਂ ਵਿਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਵਿਜੀਲੈਂਸ ਵਿਭਾਗ ਦੀ ਅਕਾਲੀਆਂ ਨੂੰ ਨਿਸ਼ਾਨਾ ਬਣਾਉਣ ਲਈ ਉਹਨਾਂ ਖ਼ਿਲਾਫ ਝੂਠੇ ਕੇਸ ਦਰਜ ਕਰਨ ਵਾਸਤੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਸਭ ਕੁੱਝ ਖਾਸ ਅਕਾਲੀ ਆਗੂਆਂ ਅਤੇ ਵਰਕਰਾਂ ਖ਼ਿਲਾਫ ਬਦਲੇਖੋਰੀ ਵਜੋਂ ਅਤੇ ਆਮ ਅਕਾਲੀ ਵਰਕਰਾਂ ਨੂੰ ਡਰਾ ਕੇ ਉਹਨਾਂ ਵੱਲੋਂ ਕਾਂਗਰਸ ਪਾਰਟੀ ਦਾ ਸਮਰਥਨ ਕਰਵਾਉਣ ਲਈ ਕੀਤਾ ਜਾ ਰਿਹਾ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਕੋਈ ਵੀ ਪੁਲਿਸ ਅਧਿਕਾਰੀ ਜੋ ਅਕਾਲੀਆਂ ਉੱਤੇ ਅੱਤਿਆਚਾਰ ਕਰਨ ਵਾਸਤੇ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਬਦਲੇਖੋਰੀ ਵਾਲਾ ਸੰਦ ਬਣਿਆ ਹੈ, ਸੂਬੇ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਨ ਉੱਤੇ ਉਸ ਦੀ ਮਾੜੇ ਕਾਰਨਾਮਿਆਂ ਲਈ ਜੁਆਬਦੇਹੀ ਹੋਵੇਗੀ। ਉਹਨਾਂ ਕਿਹਾ ਕਿ ਅਸੀਂ ਨਾ ਸਿਰਫ ਦਰਜ ਕੀਤੇ ਝੂਠੇ ਕੇਸਾਂ ਦੀ ਸ਼ਨਾਖ਼ਤ ਕਰਕੇ ਉਹਨਾਂ ਨੂੰ ਰੱਦ ਕਰਨ ਲਈ ਜਰੂਰੀ ਕਦਮ ਚੁੱਕਾਂਗੇ, ਸਗੋਂ ਉਹਨਾਂ ਅਧਿਕਾਰੀਆਂ ਖ਼ਿਲਾਫ ਵੀ ਸਖ਼ਤ ਕਾਰਵਾਈ ਕਰਾਂਗੇ, ਜਿਹਨਾਂ ਨੇ ਇਹ ਕੇਸ ਦਰਜ ਕੀਤੇ ਹਨ। ਉਹਨਾਂ ਕਿਹਾ ਕਿ ਬੇਗੁਨਾਹਾਂ ਵਿਰੁੱਧ ਜ਼ੁਲਮਾਂ ਨੂੰ ਰੋਕਣ ਦਾ ਇਹੋ ਇੱਕੋ ਇੱਕ ਤਰੀਕਾ ਹੈ ਅਤੇ ਗਲਤ ਕੰਮ ਕਰਨ ਵਾਲੇ ਸਾਥੋਂ ਕਿਸੇ ਕਿਸਮ ਦੀ ਹਮਦਰਦੀ ਦੀ ਉਮੀਦ ਨਹੀਂ ਰੱਖਣਗੇ।
ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਜਦੋਂ ਉਹ ਝੂਠੇ ਅਪਰਾਧਿਕ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੰਦੇ ਹਨ ਤਾਂ ਉਹਨਾਂ ਅਤੇ ਅਪਰਾਧੀਆਂ ਵਿਚਲਾ ਅੰਤਰ ਖ਼ਤਮ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਸੰਦਰਭ ਵਿਚ ਇੱਕ ਝੂਠਾ ਮਾਮਲਾ ਦਰਜ ਕਰਨਾ ਕਿਸੇ ਅਪਰਾਧਿਕ ਗਤੀਵਿਧੀ ਵਿਚ ਭਾਗ ਲੈਣ ਦੇ ਸਮਾਨ ਹੁੰਦਾ ਹੈ। ਅਜਿਹਾ ਕਰਨ ਵਾਲਿਆਂ ਨੂੰ ਤੁਰੰਤ ਅਜਿਹੇ ਕੰਮਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਬੇਗੁਨਾਹਾਂ ਨੂੰ ਰਾਹਤ ਦੇਣ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਜਾਂ ਫਿਰ ਅਕਾਲੀ -ਭਾਜਪਾ ਦੀ ਸਰਕਾਰ ਬਣਨ ਉੱਤੇ ਇਸ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਹੋ ਜਾਣਾ ਚਾਹੀਦਾ ਹੈ। ਉਹਨਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨ ਦੀ ਤਾਕੀਦ ਕੀਤੀ। ਉਹਨਾਂ ਕਿਹਾ ਕਿ ਕਾਨੂੰਨ ਤੋਂ ਸੇਧ ਲੈ ਕੇ ਕੰਮ ਕਰੋ, ਕਿਸੇ ਬਾਹਰੀ ਪ੍ਰਭਾਵ, ਖਾਸ ਕਰਕੇ ਸੱਤਾਧਾਰੀ ਪਾਰਟੀ ਪ੍ਰਤੀ ਵਫ਼ਾਦਾਰੀ ਦੀ ਝੂਠੀ ਭਾਵਨਾ ਥੱਲੇ ਆ ਕੇ ਨਹੀਂ। ਜਦੋ ਲੋਕਾਂ ਨੇ ਵੋਟ ਦੀ ਵਰਤੋਂ ਕਰਕੇ ਪੰਜਾਬ ਵਿਚ ਨਵੀਂ ਸਰਕਾਰ ਦੀ ਚੋਣ ਕਰ ਲਈ ਤਾਂ ਇਹ ਧਿਰ ਤੁਹਾਡੀ ਮੱਦਦ ਲਈ ਕਿਤੇ ਵੀ ਨਹੀਂ ਲੱਭੇਗੀ।
ਸਰਦਾਰ ਬਾਦਲ ਨੇ ਕਿਹਾ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਸੱਤਾ ਵਿਚ ਆਉਂਦੇ ਹੀ ਅਕਾਲੀ ਵਰਕਰਾਂ ਉੱਤੇ ਧੱਕੇਸ਼ਾਹੀਆਂ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਉਹਨਾਂ ਕਿਹਾ ਕਿ ਕਾਂਗਰਸੀਆਂ ਨੇ ਲਾਊਡ ਸਪੀਕਰਾਂ ਅਤੇ ਸੋਸ਼ਲ ਮੀਡੀਆ ਉੱਤੇ ਐਲਾਨ ਕਰਕੇ ਬੇਰਹਿਮੀ ਨਾਲ ਹੱਿਤਆਵਾਂ ਕੀਤੀਆਂ। ਉਹਨਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਪੁਲਿਸ ਅਧਿਕਾਰੀਆਂ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਕਿ ਜੇਕਰ ਉਹਨਾਂ ਨੇ ਅਕਾਲੀਆਂ ਖ਼ਿਲਾਫ ਝੂਠੇ ਕੇਸ ਦਰਜ ਨਾ ਕੀਤੇ ਤਾਂ ਉਹਨਾਂ ਦੀ ਖ਼ੈਰ ਨਹੀਂ। ਬਦਲੇਖੋਰੀ ਦੇ ਇਸ ਮਾੜੇ ਰੁਝਾਣ ਤਹਿਤ ਮੁੰਡਿਆਂ ਅਤੇ ਨੌਜਵਾਨ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਉਹਨਾਂ ਕਿਹਾ ਕਿ ਜਿੱਥੇ ਅਕਾਲੀ ਦਲ ਦੇ ਵਰਕਰ ਇਹਨਾਂ ਸਾਰੀਆਂ ਜ਼ਿਆਦਤੀਆਂ ਦਾ ਬਹਾਦਰੀ ਨਾਲ ਮੁਕਾਬਲਾ ਕਰ ਰਹੇ ਹਨ, ਉੱਥੇ ਪਾਰਟੀ ਵੱਲੋਂ ਇਹਨਾਂ ਸਾਰੀਆਂ ਘਟਨਾਵਾਂ ਦੇ ਵੇਰਵੇ ਜੁਟਾ ਕੇ ਰੱਖੇ ਜਾ ਰਹੇ ਹਨ ਤਾਂ ਕਿ ਅਜਿਹੀਆਂ ਗੈਰਕਾਨੂੰਨੀ ਕਾਰਵਾਈਆਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ ਢੁੱਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।