ਕੁਵੈਤ ਵਿਚ ਫਸੇ 600 ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ
ਚੰਡੀਗੜ•, 10 ਜੂਨ : ਸਾਬਕਾ ਲੋਕ ਸਭਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੁਵੈਤ ਵਿਚ ਫਸੇ 600 ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਕਿਉਂਕਿ ਇਹਨਾਂ ਪੰਜਾਬੀਆਂ ਦੇ ਪਾਸਪੋਰਟ ਇਹਨਾਂ ਦੇ ਮਾਲਕ ਨੇ ਜ਼ਬਤ ਕਰ ਲਏ ਹਨ।
ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਡਾ. ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਸਾਰੇ ਛੇ ਸੌ ਪੰਜਾਬੀ ਫਰਮਾਨੀਆ ਵਿਚ ਕੇ ਜੀ ਐਲ ਨਾਂ ਦੀ ਪ੍ਰਾਈਵੇਟ ਫਰਮ ਵਿਚ ਕੰਮ ਕਰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਵਰਕਰਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਕਿਉਂਕਿ ਇਹਨਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਤੇ ਨਾ ਹੀ ਇਹ ਆਪਣੀ ਕੰਮ ਵਾਲੀ ਥਾਂ ਤੋਂ ਬਾਹਰ ਨਿਕਲ ਸਕਦੇ ਕਿਉਂਕਿ ਇਹਨਾਂ ਦੇ ਪਾਸਪੋਰਟ ਕੰਪਨੀ ਮੈਨੇਜਮੈਂਟ ਕੋਲ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹਨਾਂ ਵਰਕਰਾਂ ਦੇ ਰਿਸ਼ਤੇਦਾਰਾਂ ਨੇ ਆ ਕੇ ਮੰਗ ਪੱਤਰ ਦਿੱਤੇ ਹਨ ਤੇ ਮੰਗ ਕੀਤੀ ਹੈ ਕਿ ਇਹ ਵਾਪਸ ਪੰਜਾਬ ਲਿਆਂਦੇ ਜਾਣ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੁਵੈਤ ਵਿਚ ਭਾਰਤੀ ਸਫਾਰਤਖਾਨੇ ਸਮੇਤ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦੇਣ ਕਿ ਫਸੇ ਹੋਏ ਇਹਨਾਂ ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ ਨਾਲ ਇਹਨਾਂ ਨੂੰ ਵਾਪਸ ਪੰਜਾਬ ਲਿਆਉਣਾ ਯਕੀਨੀ ਬਣਾਇਆ ਜਾਵੇ।