ਨਾ ਠੋਕੋ ਤਾੜੀ ਕਾਂਗਰਸ ਤੇ ਨਾ ਹੀ ਅਮਰਿੰਦਰ ਕਾਂਗਰਸ ਲੋਕਾਂ ਦੀਆਂ ਮੁਸ਼ਕਿਲਾਂ ਪ੍ਰਤੀ ਗੰਭੀਰ, ਇਸੇ ਲਈ ਉਹਨਾਂ ਵਿਧਾਨ ਸਭਾ ਸੈਸ਼ਨ ਦਾ ਸਮਾਂ ਨਹੀਂ ਵਧਾਇਆ : ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 3 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਹਨਾਂ ਦੀ ਟੀਮ ਨੇ ਵਿਧਾਨ ਸਭਾ ਮੁਲਤਵੀ ਕਰਨ ਖਿਲਾਫ ਮਤੇ ਦੇ ਖਿਲਾਫ ਵੋਟਾਂ ਪਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ ਤੇ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਾਂ ਦੇ ਮੁੱਦੇ ਚੁੱਕਣ ਵਿਚ ਦਿਲਚਸਪੀ ਨਹੀਂ ਰੱਖਦੇ ਬਲਕਿ ਉਹ ਸਿਰਫ ਆਪਣੇ ਸੌੜੇ ਸਿਆਸੀ ਹਿੱਤਾਂ ਕਾਰਨ ਲੜ ਰਹੇ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਸਦਨ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਪੇਸ਼ ਕੀਤਾ ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਇਸ ’ਤੇ ਵੋਟਿੰਗ ਦੀ ਡਵੀਜ਼ਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਮਤੇ ਦੀ ਵਿਰੋਧਤਾ ਦਾ ਮੌਕਾ ਹੋਣ ਦੇ ਬਾਵਜੂਦ ਨਵਜੋਤ ਸਿੱਧੂ ਨੇ ਅਜਿਹਾ ਨਹੀਂ ਕੀਤਾ। ਉਹਨਾਂ ਕਿਹਾ ਕਿ ਨਾ ਹੀ ਕਈ ਹੋਰ ਮੰਤਰੀਆਂ ਨੇ ਇਸਦਾ ਵਿਰੋਧ ਕੀਤਾ ਹਾਲਾਂਕਿ ਉਹਨਾਂ ਵਾਰ ਵਾਰ ਇਹ ਦਾਅਵਾ ਕੀਤੇ ਸਨ ਕਿ ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਵਿਚ ਵਿਸ਼ਵਾਸ ਗੁਆ ਲਿਆ ਹੈ। ਉਹਨਾਂ ਕਿਹਾ ਕਿ ਸਿੱਧੂ ਅਤੇ ਇਸਦੇ ਨਾਲ ਹੀ ਉਸ ਨਾਲ ਜੁੜੇ ਮੰਤਰੀ ਤੇ ਵਿਧਾਇਕ ਲੋਕਾਂ ਦੇ ਮਸਲੇ ਚੁੱਕਣ ਵਿਚ ਕੋਈ ਦਿਲਚਸਪੀ ਨਹੀਂ ਰੱਖਦੇ, ਨਹੀਂ ਤਾਂ ਉਹਨਾਂ ਮਤੇ ਦਾ ਵਿਰੋਧ ਕਰਨਾ ਸੀ ਜਿਸ ਸਦਕਾ ਸੈਸ਼ਨ ਦੀ ਮਿਆਦ ਵਧਾਈ ਜਾ ਸਕਦੀ ਸੀ।
ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਦੇ ਭੱਖਦੇ ਮਸਲਿਆਂ ’ਤੇ ਚਰਚਾ ਲਈ ਸੈਸ਼ਨ ਦੀ ਮਿਆਦ ਵਧਾਉਣ ਤੋਂ ਇਨਕਾਰ ਕਰਨ ਨੇ ਸਾਬਤ ਕਰ ਦਿੱਤਾ ਹੈ ਕਿ ਨਾ ਤਾਂ ਠੋਕੋ ਤਾੜੀ ਕਾਂਗਰਸ ਤੇ ਨਾ ਹੀ ਅਮਰਿੰਦਰ ਕਾਂਗਰਸ ਪੰਜਾਬ ਅਤੇ ਇਸਦੀਆਂ ਮੁਸ਼ਕਿਲਾਂ ਪ੍ਰਤੀ ਸੰਜੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਰਲ ਕੇ ਫਿਕਸ ਮੈਚ ਖੇਡ ਰਹੇ ਹਨ ਤੇ ਲੋਕਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ।
ਕਾਂਗਰਸ ਪਾਰਟੀ ਨੁੰ ਵਾਰ ਵਾਰ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਨਾ ਕਰਨ ਵਾਸਤੇ ਕਹਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਅਸੀਂ ਪਹਿਲਾਂ ਮੰਗ ਕੀਤੀ ਸੀ ਕਿ ਨਵਜੋਤ ਸਿੱਧੂ ਤੇ ਉਹਨਾਂ ਦੇ ਧੜੇ ਵੱਲੋਂ ਮੁੱਖ ਮੰਤਰੀ ਦੇ ਖਿਲਾਫ ਬੇਵਿਸਾਹੀ ਮਤਾ ਲਿਆਂਦਾ ਜਾਵੇ ਤਾਂ ਅਸੀਂ ਇਸਦੀ ਪੁਰਜ਼ੋਰ ਹਮਾਇਤ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਇਸ ਕਰ ਕੇ ਇਹ ਐਲਾਨ ਕੀਤਾ ਸੀ ਕਿਉਂਕਿ ਮੌਜੂਦਾ ਸਕਰਾਰ ਲੋਕਾਂ ਦੀਆਂ ਜ਼ਰੂਰਤਾਂ ਪ੍ਰਤੀ ਬੇਰੁਖੀ ਹੈ ਤੇ ਇਸਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੁੰ ਪੂਰਨ ਕਰਜ਼ਾ ਮੁਆਫੀ ਨਹੀਂ ਮਿਲੀ ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੁੰ ਸਰਕਾਰੀ ਨੌਕਰੀ ਨਹੀਂਮਿਲੀ। ਉਹਨਾਂ ਕਿਹਾ ਕਿ ਨੌਜਵਾਨਾਂ ਜਾਂ ਕਮਜ਼ੋਰ ਵਰਗਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤ ਗਿਆ। ਉਹਨਾਂ ਕਿਾ ਕਿ ਸਰਕਾਰੀ ਮੁਲਾਜ਼ਮ ਵੀ ਔਖੇ ਹਨ ਪਰ ਸਰਕਾਰ ਇਹਨਾਂ ਸਭ ਪ੍ਰਤੀ ਅੱਖਾਂ ਮੀਟ ਕੇ ਬੈਠੀ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਬੇਵਿਸਾਹੀ ਮਤਾ ਪੇਸ਼ ਲਾ ਕਰ ਕੇ ਸਿੱਧੂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਇਸ ਫੇਲ੍ਹ ਹੋਈ ਸਰਕਾਰ ਦਾ ਹਿੱਸਾ ਹੈ ਤੇ ਉਸਦੀ ਡਰਾਮੇਬਾਜ਼ੀ ਉਸਨੁੰ ਪੰਜਾਬੀਆਂ ਨਾਲ ਧੋਖਾ ਕਰਨ ਦੇ ਦੋਸ਼ਾਂ ਤੋਂ ਬਚਾ ਨਹੀਂ ਸਕਦੀ ਕਿਉਂਕਿ ਉਸਨੇ ਪੰਜਾਬੀਆਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਨੇ ਸਿੱਧੂ ਵੱਲੋਂ 3 ਰੁਪਏ ਪ੍ਰਤੀ ਯੁਨਿਟ ਬਿਜਲੀ ਦਾ ਮਤਾ ਵਿਧਾਨ ਸਭਾ ਵਿਚ ਪਾਸ ਕਰਵਾਉਣ ਦੇ ਕੀਤੇ ਐਲਾਨ ਸਮੇਤ ਹੋਰ ਐਲਾਨਾਂ ਨੁੰ ਅਮਲੀ ਜਾਮਾ ਨਾ ਪਹਿਨਾਉਣ ਦੀ ਵੀ ਨਿਖੇਧੀ ਕੀਤੀ।