ਪ੍ਰੋਫੈਸਰ ਚੰਦੂਮਾਜਰਾ ਨੇ ਕਾਂਗਰਸ ਨੂੰ ਭੜਕਾਊ ਬਿਆਨਬਾਜ਼ੀ ਕਰਨ ਤੋਂ ਵਰਜਦਿਆਂ ਇਸ ਕਾਰਵਾਈ ਨੂੰ ਸਿੱਖ ਮਾਨਸਿਕਤਾ ਉੱਤੇ ਟਕੋਰ ਵਜੋਂ ਸਵੀਕਾਰ ਕਰਨ ਲਈ ਆਖਿਆ
ਕਿਹਾ ਕਿ ਰਵਨੀਤ ਬਿੱਟੂ ਦੀ ਪ੍ਰਦਰਸ਼ਨ ਦੀ ਯੋਜਨਾ ਸਿਰਫ ਕੁੜੱਤਣ ਪੈਦਾ ਕਰੇਗੀ ਅਤੇ ਸੂਬੇ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾਏਗੀ
ਚੰਡੀਗੜ੍ਹ/14 ਨਵੰਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲੇ ਜਾਣ ਦਾ ਵਿਰੋਧ ਨਾ ਕਰਨ ਲਈ ਆਖਦਿਆਂ ਕਿਹਾ ਹੈ ਕਿ ਸੱਤਾਧਾਰੀ ਪਾਰਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਕ ਸਾਲ ਤਕ ਚੱਲਣ ਵਾਲੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਦੌਰਾਨ ਸੂਬੇ ਦਾ ਮਾਹੌਲ ਵਿਗਾੜਣ ਵਾਲੀ ਕੋਈ ਹਰਕਤ ਨਹੀਂ ਕਰਨੀ ਚਾਹੀਦੀ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਸਾਂਸਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਕਾਂਗਰਸ ਪਾਰਟੀ ਨਾ ਸਿਰਫ ਭਿਆਨਕ ਅਤੀਤ ਨੂੰ ਮੁੜ ਤਾਜ਼ਾ ਕਰਨਾ ਚਾਹੁੰਦੀ ਹੈ, ਸਗੋਂ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ 550ਵੇਂ ਪਰਕਾਸ਼ ਪੁਰਬ ਮੌਕੇ ਸੂਬੇ ਅੰਦਰ ਪੈਦਾ ਹੋਏ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲੇ ਮਾਹੌਲ ਨੂੰ ਵਿਗਾੜਣ ਲਈ ਭੜਕਾਊ ਬਿਆਨਬਾਜ਼ੀ ਕਰ ਰਹੀ ਹੈ।
ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵੱਲੋਂ ਕੀਤੀ ਇਸ ਕਾਰਵਾਈ ਨੂੰ ਸਿੱਖ ਮਾਨਸਿਕਤਾ ਉੱਤੇ ਟਕੋਰ ਵਜੋਂ ਲੈਣਾ ਚਾਹੀਦਾ ਹੈ, ਜਿਸ ਵਾਸਤੇ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਰ ਵਾਰ ਅਪੀਲਾਂ ਕੀਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਇਹ ਫੈਸਲਾ ਸਿੱਖਾਂ ਦੀਆਂ ਜ਼ਖ਼ਮੀ ਭਾਵਨਾਵਾਂ ਉੱਤੇ ਮੱਲ੍ਹਮ ਲਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ, ਜਿਹਨਾਂ ਦੇ ਧਾਰਮਿਕ ਅਸਥਾਨਾਂ ਉੱਤੇ ਹਮਲੇ ਕਰਕੇ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਕੇ ਕੇਂਦਰ ਅਤੇ ਸੂਬੇ ਦੀਆਂ ਕਾਂਗਰਸੀ ਸਰਕਾਰਾਂ ਵੱਲੋਂ ਅਕਹਿ ਅੱਤਿਆਚਾਰ ਢਾਹੇ ਗਏ ਸਨ। ਉਹਨਾਂ ਕਿਹਾ ਕਿ ਸਾਨੂੰ ਇਹ ਗੱਲ ਭੁੱਲਣੀ ਨਹੀਂ ਚਾਹੀਦੀ ਕਿ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਚਲਾਏ ਸਰਕਾਰੀ ਅੱਤਵਾਦ ਦੌਰਾਨ ਹਜ਼ਾਰਾਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਮਾਰ ਦਿੱਤਾ ਗਿਆ ਸੀ। ਭਾਈ ਰਾਜੋਆਣਾ ਦੀ ਸਜ਼ਾ ਮੁਆਫੀ ਅਤੇ ਆਪਣੀ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਜੇਲ੍ਹਾਂ ਵਿਚ ਸੜ੍ਹ ਰਹੇ ਸਿੱਖ ਕੈਦੀਆਂ ਦੀ ਰਿਹਾਈ ਸਿੱਖ ਕੌਮ ਦੀ ਜ਼ਖਮੀ ਮਾਨਸਿਕਤਾ ਉੱਤੇ ਮੱਲ੍ਹਮ ਲਾਉਣ ਲਾਉਣ ਲਈ ਕੀਤਾ ਉਪਰਾਲਾ ਹੈ। ਉਹਨਾਂ ਕਿਹਾ ਕਿ ਸਾਨੂੰ ਸਥਿਤੀ ਨੂੰ ਵਿਗਾੜਣ ਦੀ ਕੋਸ਼ਿਸ਼ ਕਰਨ ਦੀ ਬਜਾਇ ਇਹ ਕੁੜੱਤਣ ਖ਼ਤਮ ਹੋਣ ਦੇਣੀ ਚਾਹੀਦੀ ਹੈ।
ਇੱਕ ਨਵੀ ਸ਼ੁਰੂਆਤ ਕਰਨ ਅਤੇ ਕਾਂਗਰਸ ਪਾਰਟੀ ਨੂੰ ਸਿੱਖਾਂ ਵਿਚ ਹੋਰ ਕੁੜੱਤਣ ਪੈਦਾ ਕਰਨ ਤੋਂ ਰੋਕਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਇਸ ਮੁੱਦੇ ਉੱਤੇ ਪ੍ਰਦਰਸ਼ਨ ਕਰਕੇ ਕਾਂਗਰਸ ਨੂੰ ਸੂਬੇ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਅਜਿਹੇ ਪ੍ਰਦਰਸ਼ਨ ਦੀ ਅਗਵਾਈ ਕਰਨ ਦੀ ਤਿਆਰੀ ਕਰ ਰਹੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਦੁਬਾਰਾ ਸੋਚਣਾ ਚਾਹੀਦਾ ਹੈ ਕਿ ਇਸ ਦਾ ਸੂਬੇ ਉੱਤੇ ਕਿੰਨਾ ਮਾੜਾ ਅਸਰ ਪੈ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਇੱਕ ਦਹਾਕੇ ਤੋਂ ਵੱਧ ਕਸ਼ਟ ਭੋਗਿਆ ਹੈ। ਕਾਂਗਰਸ ਨੂੰ ਅਜਿਹਾ ਕੁੱਝ ਨਹੀਂ ਕਰਨਾ ਚਾਹੀਦਾ ਕਿ ਜਿਹੜਾ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਭੰਗ ਕਰਕੇ ਦੁਬਾਰਾ ਇਸ ਨੂੰ ਕਾਲੇ ਦਿਨਾਂ ਵੱਲ ਧੱਕ ਦੇਵੇ।