ਚੰਡੀਗੜ•/22 ਨਵੰਬਰ:ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰਪੁਰਬ ਦੇ ਮੌਕੇ ਉੱਤੇ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਉਤੇ ਕਰਤਾਰਪੁਰ ਲਾਂਘੇ ਦੇ ਰੂਪ ਵਿਚ ਸਿੱਖ ਭਾਈਚਾਰੇ ਨੂੰ ਤੋਹਫਾ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕੇਂਦਰੀ ਕੈਬਨਿਟ ਨੇ ਭਾਰਤੀ ਧਰਤੀ ਉਤੇ ਲਾਂਘਾ ਸਥਾਪਤ ਕਰਨ ਅਤੇ ਲਾਂਘੇ ਨੂੰ ਮੁਕੰਮਲ ਕਰਵਾਉਣ ਲਈ ਇਹ ਮੁੱਦਾ ਪਾਕਿਸਤਾਨ ਕੋਲ ਉਠਾਉਣ ਦਾ ਫੈਸਲਾ ਕਰਕੇ ਸਿੱਖ ਭਾਈਚਾਰੇ ਦੀ 70 ਸਾਲ ਪੁਰਾਣੀ ਮੰਗ ਨੂੰ ਸਵੀਕਾਰ ਕਰ ਲਿਆ ਹੈ। ਉਹਨਾਂ ਕਿਹਾ ਕਿ ਇਸ ਘਟਨਾ ਨਾਲ ਪੂਰੀ ਦੁਨੀਆਂ ਦੇ ਸਿੱਖਾਂ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ, ਕਿਉਕਿ ਇਹ ਉਹਨਾਂ ਦੀ ਰੋਜ਼ਾਨਾ ਕੀਤੀ ਜਾਂਦੀ ਅਰਦਾਸ ਦਾ ਪੂਰਾ ਹੋਣਾ ਹੈ, ਜਿਸ ਵਿਚ ਕਿਹਾ ਜਾਂਦਾ ਹੈ ਕਿ ਉਹਨਾਂ ਨੂੰ 1947 ਦੀ ਵੰਡ ਸਮੇਂ ਵੱਖ ਕੀਤੇ ਸਾਰੇ ਗੁਰਦੁਆਰਿਆਂ ਦੇ ਦਰਸ਼ਨ ਦੀ ਆਗਿਆ ਦਿੱਤੀ ਜਾਵੇ।
ਸਰਦਾਰ ਮਜੀਠੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਅੰਤਰ-ਧਰਮ ਅਧਿਐਨ ਲਈ ਇੱਕ ਸੈਂਟਰ ਦਾ ਤੋਹਫਾ ਦੇਣ ਲਈ ਵੀ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਸ ਨਾਲ ਗੁਰੂ ਸਾਹਿਬਾਨ ਦੇ ਵਿਸ਼ਵ ਸ਼ਾਂਤੀ ਅਤੇ ਭਾਈਚਾਰੇ ਦੇ ਸੁਨੇਹੇ ਨੂੰ ਫੈਲਾਉਣ ਵਿਚ ਮੱਦਦ ਮਿਲੇਗੀ।
ਅਕਾਲੀ ਆਗੂ ਨੇ ਕਿਹਾ ਕਿ ਇਹ ਵੀ ਬਹੁਤ ਫਖ਼ਰ ਦੀ ਗੱਲ ਹੈ ਕਿ ਭਾਰਤ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧ ਰੱਖਣ ਵਾਲੇ ਕਸਬੇ ਸੁਲਤਾਨਪੁਰ ਲੋਧੀ ਨੂੰ ਕੇਂਦਰੀ ਕੈਬਨਿਟ ਵੱਲੋਂ ਇੱਕ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਦਾ ਫੈਸਲਾ ਕਰਕੇ ਦੁਨੀਆਂ ਦੇ ਨਕਸ਼ੇ ਉਤੇ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਕਸਬੇ ਦੇ ਰੇਲਵੇ ਸਟੇਸ਼ਨ ਅਤੇ ਬੁਨਿਆਦੀ ਢਾਂਚੇ ਨੂੰ ਵੀ ਵਿਕਸਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਵੀ ਵਿਲੱਖਣ ਗੱਲ ਹੈ ਕਿ 'ਪਿੰਡ ਬਾਬਾ ਨਾਨਕ ਦਾ' ਰਾਹੀਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਜੀਵਨ ਇਤਿਹਾਸ ਨੂੰ ਦਰਸਾਇਆ ਜਾਵੇਗਾ।
ਉਹਨਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਉਤੇ ਯੂਕੇ ਅਤੇ ਕੈਨੇਡਾ ਵਿਚ ਚੇਅਰਾਂ ਸਥਾਪਤ ਕਰਕੇ ਸਰਕਾਰ ਦੁਆਰਾ ਉਹਨਾਂ ਦੇ ਸੁਨੇਹੇ ਨੂੰ ਸੱਤ ਸਮੁੰਦਰੋਂ ਪਾਰ ਲਿਜਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੇ ਦੂਤਾਵਾਸਾਂ ਵੱਲੋਂ ਵੀ ਇਸ ਸੰਬੰਧੀ ਢੁੱਕਵੇਂ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਸਰਦਾਰ ਮਜੀਠੀਆ ਨੇ ਕਿਹਾ ਕਿ ਨੈਸ਼ਨਲ ਬੁੱਕ ਟਰੱਸਟ ਵੱਲੋਂ ਇਸ ਮੌਕੇ ਉੱਤੇ ਇੱਕ ਕਿਤਾਬ ਰਿਲੀਜ਼ ਕੀਤੀ ਜਾਵੇਗੀ ਜੋ ਕਿ ਸਾਰੀਆਂ ਭਾਰਤੀ ਭਾਸ਼ਾਵਾਂ ਵਿਚ ਛਾਪੀ ਜਾਵੇਗੀ। ਟ੍ਰਸਟ ਵੱਲੋਂ ਇਸ ਪੁਸਤਕ ਨੂੰ ਦੁਨੀਆਂ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਛਪਵਾਉਣ ਲਈ ਯੁਨੈਸਕੋ ਨੂੰ ਬੇਨਤੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੀ ਝਲਕ ਵੇਖਣ ਲਈ ਭਾਰਤ-ਪਾਕਿ ਸਰਹੱਦ ਉਤੇ ਜਾਣ ਵਾਲੀਆਂ ਸਿੱਖ ਸੰਗਤਾਂ ਲਈ ਇੱਕ ਵੱਡੀ ਦੂਰਬੀਨ ਲਗਾਈ ਜਾਵੇਗੀ। ਇਸ ਤੋਂ ਇਲਾਵਾ ਜਸ਼ਨਾਂ ਦੇ ਇਸ ਵਰ•ੇ ਦੌਰਾਨ ਯਾਦਗਾਰੀ ਸਿੱਕੇ ਅਤੇ ਡਾਕ ਟਿਕਟਾਂ ਵੀ ਜਾਰੀ ਕੀਤੀਆਂ ਜਾਣਗੀਆਂ।