ਅੰਮ੍ਰਿਤਸਰ, 27 ਫਰਵਰੀ : ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਤਿੰਨ ਖੇਤੀ ਕਾਨੂੰਨਾਂ ਖਿਲਾਫ ਚਲ ਰਹੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਕੇ ਇਸ ਮਾਮਲੇ ’ਤੇ ਸਪਸ਼ਟ ਸਟੈਂਡ ਲੈਣ ਨਾ ਕਿ ਕਿਸਾਨਾਂ ’ਤੇ ਕੇਂਦਰ ਦੀ ਗੱਲ ਮੰਨਣ ਲਈ ਦਬਾਅ ਪਾਉਣ ਵਾਸਤੇ ਪੰਜਾਬ ਸਰਕਾਰ ਦੇ ਅਫਸਰਾਂ ਨੁੰ ਵਰਤ ਕੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਯਤਨ ਕਰਨ।
ਇਥੇ ਜ਼ਿਲ੍ਹੇ ਦੇ ਪਿੰਡ ਭੋਮਾ ਵਿਖੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਤਰਸੇਮ ਸਿੰਘ ਖਾਲਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸ੍ਰੀ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਹ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਨਾਲ ਜੁੜੇ ਹੋਏ ਸਨ ਤੇ ਦਿੱਲੀ ਡਟੇ ਹੋਏ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਵਾਸਤੇ ਆਪਣੇ ਅਫਸਰ ਤਾਇਨਾਤ ਕਰ ਕੇ ਕੇਂਦਰ ਦੇ ਹੱਥਾਂ ਵਿਚ ਖੇਡ ਰਹੇ ਹਨ। ਉਹਨਾਂ ਕਿਹਾ ਕਿ ਅਫਸਰਾਂ ਨੁੰ ਕਿਹਾ ਜਾ ਰਿਹਾ ਹੈÎ ਕਿ ਉਹ ਕੇਂਦਰ ਸਰਕਾਰ ਦੀ ਬੋਲੀ ਬੋਲਣ ਅਤੇ ਕਿਸਾਨ ਅੰਦੋਲਨ ਦੇ ਖਿਲਾਫ ਕੰਮ ਕਰਨ। ਕੈਪਟਨ ਅਮਰਿੰਦਰ ਸਿੰਘ ਨੂੰ ਮੂਹਰੇ ਹੋ ਕੇ ਅਗਵਾਈ ਕਰਨ ਵਾਸਤੇ ਆਖਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆ ਰਹੇ ਵਿਧਾਨ ਸਭਾ ਸੈਸ਼ਨ ਵਿਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਆਪਣੇ ਸੰਘਰਸ਼ ਦੀ ਪਹੁੰਚ ਦੇ ਖਾਕੇ ਦਾ ਖੁਲ੍ਹਾਸਾ ਕਰਨਾ ਚਾਹੀਦਾ ਹੈ।
ਸ੍ਰੀ ਮਜੀਠੀਆ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਦੇਸ਼ ਦੇ ਹੋਰਨਾਂ ਰਾਜਾਂ ਦੇ ਕਿਸਾਨ ਆਗੂਆਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਕਿਸਾਨ ਅੰਦੋਲਨ ਨੁੰ ਦੇਸ਼ ਭਰ ਵਿਚ ਪਹੁੰਚਾਇਆ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੁੰ ਵਿਚੋਲੇ, ਖਾਲਿਸਤਾਨੀ ਤੇ ਨਕਸਲਵਾਦੀ ਦੱਸ ਕੇ ਅੰਦੋਲਨ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਭਰ ਦੇ ਕਿਸਾਨ ਆਗੂਆਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਨਾਲ ਇਹ ਪ੍ਰਾਪੇਗੰਡਾ ਮੂਧੇ ਮੂੰਹ ਡਿੱਗਾ ਹੈ।
ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅੰਨਦਾਤਾ ਦੀ ਆਵਾਜ਼ ਸੁਣੇ ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸਰਕਾਰਾਂ ਜਿਹਨਾਂ ਦੇ ਪੁੱਤਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ, ਉਹਨਾਂ ਦੀਆਂ ਤਕਲੀਫਾਂ ਪ੍ਰਤੀ ਇੰਨਾ ਕਠੋਰ ਤੇ ਬੇਰਹਿਮਤੀ ਵਾਲਾ ਰਵੱਈਆ ਅਪਣਾ ਰਹੀਆਂ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੁੰ ਜੈ ਜਵਾਨ ਜੈ ਕਿਸਾਨ ’ਤੇ ਡਟਣ ਚਾਹੀਦਾ ਹੈ ਨਾ ਕਿ ਸਿਰਫ ਇਸ ਪ੍ਰਤੀ ਅੱਖਾਂ ਪੂੰਝਣ ਵਾਲਾ ਕੰਮ ਕਰਨਾ ਚਾਹੀਦਾ ਹੈ ਤੇ ਇਸਨੁੰ ਤਿੰਨ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ।
ਇਸ ਤੋਂ ਪਹਿਲਾਂ ਤਰਸੇਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸ੍ਰੀ ਮਜੀਠੀਆ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਸਰਕਾਰ ਦਾ ਕੋਈ ਵੀ ਪ੍ਰਤੀਨਿਧ ਉਹਨਾਂ ਕੋਲ ਨਹੀਂ ਆਇਆ ਤੇ ਨਾ ਹੀ ਉਹਨਾਂ ਨੂੰ ਸਰਕਾਰ ਤੋਂ ਕੋਈ ਸਹਾਇਤਾ ਮਿਲੀ ਹੈ।