ਡਾ. ਦਲਜੀਤ ਸਿੰਘ ਚੀਮਾ ਨੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦੋਸ਼ੀਆਂ ਨੂੰ ਸਿਆਸੀ ਸ਼ਹਿ ਦੇਣ ਦੀ ਕੀਤੀ ਨਿਖੇਧੀ
ਚੰਡੀਗੜ੍ਹ 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਹਥਿਆਰਬੰਦ ਹਮਲਾਵਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕੱਲ੍ਹ ਜਲਾਲਾਬਾਦ ਵਿਚ ਕੀਤੇ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਕੀ ਕਾਰਵਾਈ ਕੀਤੀ ਹੈ ਅਤੇ ਪਾਰਟੀ ਨੇ ਦੋਸ਼ੀਆਂ ਦੇ ਬਚਾਅ ਵਿਚ ਆਉਣ ’ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਜ਼ੋਰਦਾਰ ਨਿਖੇਧੀ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੱਲ੍ਹ ਸਰਬ ਪਾਰਟੀ ਮੀਟਿੰਗ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਦਖਲ ਦਿੰਦਿਆਂ ਮੁੱਖ ਮੰਤਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਜਲਾਲਾਬਾਦ ਵਿਚ ਹਮਲੇ ਦੀ ਜਾਣਕਾਰੀ ਦਿੱਤੀ ਸੀ ਜਿਸ ਮਗਰੋਂ ਮੁੱਖ ਮੰਤਰੀ ਨੇ ਮਾਮਲੇ ਵਿਚ ਢੁਕਵੀਂ ਕਾਰਵਾਈ ਦਾ ਭਰੋਸਾ ਦੁਆਇਆ ਸੀ।
ਉਹਨਾਂ ਕਿਹਾ ਕਿ ਪਾਰਟੀ ਇਸ ਗੱਲੋਂ ਹੈਰਾਨ ਹੈ ਕਿ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਆਪਣੇ ’ਤੇ ਖੁਦ ਹਮਲਾ ਕਰਵਾਇਆ ਹੈ।
ਡਾ. ਚੀਮਾ ਨੇ ਕਿਹਾ ਕਿ ਸੂਬੇ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇਕ ਵਿਅਕਤੀ ਜੋ ਉਪ ਮੁੱਖ ਮੰਤਰੀ ਰਿਹਾ ਹੋਵੇ ਤੇ ਪਾਰਟੀ ਦਾ ਪ੍ਰਧਾਨ ਹੋਵੇ, ਉਸ ’ਤੇ ਇਸ ਤਰੀਕੇ ਦਾ ਕਾਤਲਾਨਾ ਹਮਲਾ ਕੀਤਾ ਗਿਆ ਹੋਵੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵੀ ਕੱਲ੍ਹ ਮਾਮਲੇ ਦੀ ਗੰਭੀਰਤਾ ਨੂੰ ਸਮਝ ਲਿਆ ਸੀ ਪਰ ਹੁਣ ਇਕ ਕੈਬਨਿਟ ਮੰਤਰੀ ਸ਼ਰ੍ਹੇਆਮ ਦੋਸ਼ੀਆਂ ਦੀ ਪੁਸ਼ਤ ਪਨਾਹੀ ’ਤੇ ਉਤਰ ਆਇਆ ਹੈ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਅਜਿਹਾ ਵਿਵਹਾਰ ਚੰਗਾ ਨਹੀਂ ਹੈ ਤੇ ਮੁੱਖ ਮੰਤਰੀ ਨੂੰ ਕੱਲ੍ਹ ਇਸ ਮਾਮਲੇ ’ਤੇ ਦਿੱਤੇ ਗਏ ਭਰੋਸੇ ਦੇ ਬਾਰੇ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।