ਚੰਡੀਗੜ੍ਹ/29 ਅਕਤੂਬਰ:ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਇੱਕ ਸੰਖੇਪ ਜਿਹੇ ਸਮਾਗਮ ਦੌਰਾਨ ਦਾਖਾ ਵਿਧਾਨ ਸਭਾ ਹਲਕਾ ਤੋਂ ਨਵੇਂ ਚੁਣੇ ਗਏ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਆਲੀ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਸਮਾਗਮ ਵਿਚ ਅਕਾਲੀ ਦਲ ਦੇ ਆਗੂਆਂ ਅਤੇ ਵਿਧਾਇਕਾਂ ਤੋਂ ਇਲਾਵਾ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਭਾਗ ਲਿਆ।
ਇਸ ਤੋਂ ਪਹਿਲਾਂ ਪਾਰਟੀ ਆਗੂਆਂ ਅਤੇ ਵਿਧਾਇਕਾਂ ਵੱਲੋਂ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਸਰਦਾਰ ਇਆਲੀ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਰਦਾਰ ਇਆਲੀ ਨੇ ਦਾਖਾ ਜ਼ਿਮਨੀ ਚੋਣ ਵਿਚ ਆਪਣੀ ਜਿੱਤ ਦਾ ਸਿਹਰਾ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਰਿਕਾਰਡ ਤੋੜ ਵਿਕਾਸ ਕਾਰਜਾਂ ਨੂੰ ਦਿੱਤਾ। ਉਹਨਾਂ ਕਿਹਾ ਕਿ ਲੋਕਾਂ ਨੇ ਇਹ ਸੱਚਾਈ ਜਾਣ ਲਈ ਹੈ ਕਿ ਆਪ ਸਮੇਤ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਹਨਾਂ ਨੂੰ ਧੋਖਾ ਦਿੱਤਾ ਗਿਆ ਹੈ ਅਤੇ ਉੁਹਨਾਂ ਨੇ ਸਾਰੀਆਂ ਤਾਕਤਾਂ ਦੇ ਖ਼ਿਲਾਫ ਅਕਾਲੀ-ਭਾਜਪਾ ਉਮੀਦਵਾਰ ਦਾ ਸਮਰਥਨ ਕਰਨ ਦਾ ਫੈਸਲਾ ਲਿਆ। ਸਰਦਰ ਇਆਲੀ ਨੇ ਕਿਹਾ ਕਿ ਵੋਟਰਾਂ ਉੱਤੇ ਬਹੁਤ ਤਰ੍ਹਾਂ ਦਾ ਦਬਾਅ ਪਾਇਆ ਗਿਆ। ਪੁਲਿਸ ਨੇ 77 ਅਕਾਲੀ ਵਰਕਰਾਂ ਨੂੰ ਚੁੱਕ ਲਿਆ ਸੀ। ਇੱਥੋਂ ਤਕ ਕਿ ਮਨਰੇਗਾ ਵਰਕਰਾਂ ਨੂੰ ਵੀ ਧਮਕਾਇਆ ਗਿਆ। ਪਰ ਇਸ ਦੇ ਬਾਵਜੂਦ 95 ਫੀਸਦੀ ਪਿੰਡਾਂ ਵਿਚ ਅਸੀਂ ਜਿੱਤੇ ਹਾਂ।
ਸਰਦਾਰ ਇਆਲੀ ਨੇ ਕਿਹਾ ਕਿ 40 ਹਜ਼ਾਰ ਤੋਂ ਵੱਧ ਪਰਵਾਸੀਆਂ ਦੀ ਆਬਾਦੀ ਵਾਲੀ ਇਸ ਪੰਥਕ ਅਤੇ ਦਿਹਾਤੀ ਸੀਟ ਤੋਂ ਮਿਲੀ ਜਿੱਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕਾਂ ਨੇ 2022 ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।
ਨਵੇਂ ਚੁਣੇ ਗਏ ਵਿਧਾਇਕ ਨੇ ਇਹ ਵੀ ਐਲਾਨ ਕੀਤਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਸੁਵਿਧਾ ਕੇਂਦਰ ਬਣਾਉਣ ਉੱਤੇ ਜ਼ੋਰ ਦੇਣਗੇ। ਉਹਨਾਂ ਕਿਹਾ ਕਿ ਅਸੀਂ ਕਾਂਗਰਸੀ ਉਮੀਦਵਾਰ ਅਤੇ ਕਾਂਗਰਸ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵੀ ਮਜ਼ਬੂਰ ਕਰਾਂਗੇ।
ਇਸ ਮੌਕੇ ਉੱਤੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸਰਦਾਰ ਪਰਮਿੰਦਰ ਸਿੰਘ ਢੀਂਡਸਾ, ਵਿਧਾਇਕ ਦਲ ਦੇ ਡਿਪਟੀ ਆਗੂ ਸ੍ਰੀ ਐਨਕੇ ਸ਼ਰਮਾ, ਸ਼ਰਨਜੀਤ ਸਿੰਘ ਢਿੱਲੋਂ, ਲਖਬੀਰ ਸਿੰਘ ਲੋਧੀਨੰਗਲ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਹਾਜ਼ਿਰ ਸਨ।