ਚੰਡੀਗੜ੍ਹ, 8 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 40 ਰੁਪਏ ਫੀ ਕੁਇੰਟਲ ਦੇ ਕੀਤੇ ਵਾਧੇ ਨੁੰ ਰੱਦ ਕਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਕਿਸਾਨਾਂ ਨੁੰ ਉਹਨਾਂ ਦੀ ਜਿਣਸ ਦੀ ਵਾਜਬ ਕੀਮਤ ਦੇਣ ਵਾਸਤੇ ਕਣਕ ਦੀ ਐਮ ਐਸ ਪੀ ਵਿਚ ਘੱਟੋ 150 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਜਾਵੇ। ਉਹਨਾਂ ਨੇ ਮਾਮਲੇ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦਖਲ ਦੀ ਵੀ ਮੰਗ ਕੀਤੀ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਦਾ ਵੱਡਾ ਨੁਕਸਾਨ ਨਾ ਹੋਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਮਾਂ ਜਦੋਂ ਦੇਸ਼ ਭਰ ਦੇ ਕਿਸਾਨ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰ ਕੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਤੋਂ ਔਖੇ ਹਨ, ਉਸ ਵੇਲੇ ਕੇਂਦਰ ਸਰਕਾਰ ਨੇ ਐਮ ਐਸ ਪੀ ਵਿਚ ਅਜਿਹਾ ਵਾਧਾ ਕਰਨ ਦਾ ਐਲਾਨ ਕੀਤਾ ਹੈ ਜੋ ਪਿਛਲੇ ਸਾਲਾਂ ਦੌਰਾਨ ਸਭ ਤੋਂ ਘੰਟ ਹੈ। ਉਹਨਾਂ ਕਿਹਾ ਕਿ ਇਹ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਗੱਲ ਹੈ ਤੇ ਉਹਨਾਂ ਨਾਲ ਹੀ ਮੰਗ ਕੀਤੀ ਕਿ ਕਣਕ ਲਈ ਐਮ ਐਸ ਪੀ ਵਿਚ ਘੱਟ ਤੋਂ ਘੱਟ 150 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਪਿਛਲੇ ਇਕ ਸਾਲ ਦੌਰਾਨ ਡੀਜ਼ਲ ਦੀ ਕੀਮਤ ਵਿਚ ਅਣਕਿਆਸੇ ਵਾਧੇ ਅਤੇ ਖਾਦਾਂ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੁੰ ਗਿਣਤੀ ਵਿਚ ਨਹੀਂ ਲੈ ਰਹੀ। ਉਹਨਾਂ ਕਿਹਾ ਕਿ ਸਰਕਾਰ ਜ਼ਮੀਨ ਦੀ ਠੇਕੇ ਦੀ ਕੀਮਤ ਤੇ ਵਿਆਜ਼ ਤੇ ਹੋਰ ਲਾਗਤਾਂ ਸਮੇਤ ਕਿਸਾਨਾ ਦੇ ਖਰਚ ਦਾ ਧਿਆਨ ਰੱਖਣ ਵਿਚ ਵੀ ਨਾਕਾਮ ਰਹੀ ਹੈ। ਉਹਨਾ ਕਿਹਾ ਕਿ ਕਿਸਾਨਾਂ ਨੂੰ ਲਾਗਤ ਦਾ ਸਾਰਾ ਹਿਸਾਬ ਲਗਾ ਕੇ ਘੱਟ ਤੋਂ ਘੱਟ 50 ਫੀਸਦੀ ਬਚਤ ਹੋਣੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਐਲਾਨੀ ਘੱਟ ਐਮ ਐਸ ਪੀ ਦੀ ਬਦੌਲਤ ਖੇਤੀਬਾੜੀ ਵਿਕਾਸ ਵਿਚ ਉਸ ਵੇਲੇ ਖੜੋਤ ਆਵੇਗੀ ਜਦੋਂ ਦੇਸ਼ ਨੁੰ ਖੇਤੀਬਾੜੀ ਅਰਥਚਾਰੇ ਵਾਸਤੇ ਹੁਲਾਰੇ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸ ਤਰੀਕੇ ਕਿਸਾਨਾਂ ਵਾਸਤੇ ਐਮ ਐਸ ਪੀ ਵਿਚ ਨਿਗੂਣੇ ਵਾਧੇ ਨਾਲ ਐਨ ਡੀ ਸਰਕਾਰ ਦੀ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਮਨਸ਼ਾ ਕਦੇ ਪੂਰੀ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਜੇਕਰ ਐਮ ਐਸ ਪੀ ਵਿਚ ਤੁਰੰਤ ਵਾਧਾ ਨਾ ਕੀਤਾ ਗਿਆ ਤਾਂ ਫਿਰ ਕਿਸਾਨਾਂ ਦੀ ਆਮਦਨ ਸਹੀ ਮਾਅਨਿਆਂ ਵਿਚ ਘੱਟ ਜਾਵੇਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਦਖਲ ਦੇਣ ਅਤੇ ਖੇਤੀਬਾੜੀ ਅਰਥਚਾਰੇ ਨੁੰ ਹੁਲਾਰਾ ਦੇਣ ਵਾਸਤੇ ਲੋੜੀਂਦੇ ਕਦਮ ਚੁੱਕਣੇ ਯਕੀਨੀ ਬਣਾਉਣ। ਉਹਨਾ ਕਿਹਾ ਕਿ ਖੇਤੀਬਾੜੀ ਨਿਵੇਸ਼ ’ਤੇ ਟੈਕਸ ਖਤਮ ਕੀਤਾ ਜਾਵੇ ਅਤੇ ਮੰਡੀਕਰਣ ਤੇ ਖੇਤੀਬਾੜੀ ਜਿਣਸ ਦੀ ਬਰਾਮਦ ਲਈ ਲਾਭ ਦਿੱਤੇ ਜਾਣ। ਉਹਨਾ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮਦਦ ਵਾਸਤੇ ਵਿੱਤੀ ਪੈਕੇਜ ’ਤੇ ਕੰਮ ਕਰਨ ਦੀ ਜ਼ਰੂਰਤ ਹੈ ਤਾਂ ਜੋ ਜ਼ਮੀਨ ਹੇਠਲੇ ਤੱਤਾਂ ਦੀ ਘਾਟ ਰੋਕੀ ਜਾ ਸਕੇ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟਣਾ ਰੋਕਣਾ ਬਣਾਇਆ ਜਾ ਸਕੇ।