ਦੋਸ਼ੀਆਂ ਲਈ ਮਿਸਾਲੀ ਸਜ਼ਾ ਮੰਗੀ
ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਸੂਬੇ ਵਿਚ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਭੰਗ ਕਰਨ ਪਿੱਛੇ ਕਿਹੜੀਆਂ ਤਾਕਤਾਂ ਸਰਗਰਮ
ਚੰਡੀਗੜ੍ਹ, 12 ਅਕਤੂਬਰ, 2020 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚ ਦੋ ਪਿੰਡਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਦੋ ਘਟਨਾਵਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਦੀ ਮੰਗ ਕੀਤੀ।
ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਬੇਰੋਕ ਜਾਰੀ ਹਨ ਅਤੇ ਅੱਜ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲ੍ਹਾ ਵਿਖੇ ਅਜਿਹੀਆਂ ਦੋ ਮੰਦਭਾਗੀ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਸ ਅਪਰਾਧਾਂ ਦਾ ਇਕ ਦੋਸ਼ੀ ਮੌਕੇ ’ਤੇ ਫੜਿਆ ਗਿਆ ਹੈ ਪਰ ਹੋਰਨਾਂ ਨੂੰ ਬਿਨਾਂ ਦੇਰੀ ਦੇ ਤਲਾਸ਼ ਕੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤੇ ਮਿਸਾਲੀ ਸਜ਼ਾ ਮਿਲਣ ਚਾਹੀਦੀ ਹੈ।
ਸ੍ਰੀ ਬਾਦਲ ਨੇ ਪਟਿਆਲਾ ਜ਼ਿਲ੍ਹੇ ਵਿਚ 100 ਤੋਂ ਵੱਧ ਸਾਲ ਪੁਰਾਣੇ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਕਾਂਗਰਸ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਮਾਮਲੇ ਵਿਚ ਫੈਸਲਾਕੁੰਨ ਕਾਰਵਾਈ ਕੀਤੀ ਹੁੰਦੀ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹ ਕੇ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਫਿਰ ਗੁਆਂਢੀ ਜ਼ਿਲ੍ਹੇ ਫ਼ਤਿਹਗੜ੍ਹ ਸਾਹਿਬ ਵਿਚ ਇਸ ਤਰੀਕੇ ਦੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਦੀਆਂ।