ਚੰਡੀਗੜ•, 28 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਮੁੱਖਮ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀ ਜੀ ਪੀ ਦਿਨਕਰ ਗੁਪਤਾ, ਜੋ ਸਿੱਖ ਵਿਰੋਧੀ ਸਟੈਂਡਾਂ ਲਈ ਜਾਣੇ ਜਾਂਦੇ ਹਨ, ਦੀ ਅਗਵਾਈ ਹੇਠ ਸੂਬੇ ਦੀ ਪੁਲਿਸ ਵੱਲੋਂ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ ਏ ਪੀ ਏ) ਦੀ ਅੰਨ•ੇਵਾਹ ਵਰਤੋਂ ਵਿਰੁੱਧ ਚੇਤਾਵਨੀ ਦਿੱਤੀ ਹੈ। ਉਹਨਾਂ ਕਿਹਾ ਕਿ ਸੂਬੇ ਦੇ ਪੁਲਿਸ ਮੁਖੀ ਨੂੰ ਸਪਸ਼ਟ ਹਦਾਇਤਾਂ ਜਾਰੀ ਹੋਣੀਆਂ ਚਾਹੀਦੀਆਂ ਹਨ ਕਿ ਛੋਟੀਆਂ ਛੋਟੀਆਂ ਗਲਤੀਆਂ ਲਈ ਸਿੱਖ ਨੌਜਵਾਨਾਂ 'ਤੇ ਯੂ ਏ ਪੀ ਏ ਤਹਿਤ ਕੇਸ ਦਰਜ ਨਾ ਕੀਤੇ ਜਾਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਛੋਟੀਆਂ ਛੋਟੀਆਂ ਗਲਤੀਆਂ ਕਾਰਨ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਜੇਲ•ਾਂ ਵਿਚ ਡੱਕੇ ਜਾਣ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਸੂਬੇ ਦੀ ਪੁਲਿਸ ਯੂ ਏ ਪੀਏ ਦੀ ਦੁਰਵਰਤੋਂ ਕਰ ਰਹੀ ਹੈ ਜਿਸ 'ਤੇ ਤੁਰੰਤ ਰੋਕ ਲਾਈ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਡੀ ਜੀ ਪੀ ਹਾਲੇ ਵੀ ਆਪਣੇ ਪਹਿਲਾਂ ਕਹੇ ਬਿਆਨ ਕਿ ਜੋ ਇਕ ਦਿਨ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਂਦਾ ਹੈ, ਉਹ ਅਤਿਵਾਦੀ ਬਣ ਆਉਂਦਾ ਹੈ, ਦੀ ਗਲਤਫਹਿਮੀ ਵਿਚ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਡੀ ਜੀ ਪੀ ਨੂੰ ਸਪਸ਼ਟ ਹਦਾਇਤਾਂ ਦੇਣ ਕਿ ਸੋਸ਼ਲ ਮੀਡੀਆ 'ਤੇ ਕੁਝ ਵੀ ਵੇਖਣ ਜਾਂ ਉਸਨੂੰ ਸ਼ੇਅਰ ਕਰਨ 'ਤੇ ਕਿਸੇ ਵੀ ਸਿੱਖ ਨੌਜਵਾਨ ਨੂੰ ਚੁੱਕ ਕੇ ਉਸ 'ਤੇ ਕੇਸ ਦਰਜ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਨੌਜਵਾਨਾਂ 'ਤੇ ਵੱਡੇ ਗੁਨਾਹਾਂ ਦੇ ਦੋਸ਼ ਲਗਾਏ ਜਾ ਰਹੇ ਹਨ ਅਤੇ ਉਹਨਾਂ ਨੂੰ ਦੇਸ਼ ਵਿਰੋਧੀ ਕਰਾਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਨੂੰ ਜੇਲ•ਾਂ ਵਿਚ ਡੱਕਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਤਰੀਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਨਾਲ ਨਾ ਸਿਰਫ ਉਹਨਾਂ ਦੇ ਜੀਵਨ 'ਤੇ ਧੱਬਾ ਲੱਗ ਜਾਵੇਗਾ ਬਲਕਿ ਇਸਦੇ ਗੰਭੀਰ ਨਤੀਜੇ ਨਿਕਲਣਗੇ ਤੇ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਵੀ ਭੰਗ ਹੋਵੇਗੀ। ਉਹਨਾਂ ਕਿਹਾ ਕਿ ਸਾਨੂੰ ਅਜਿਹੇ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਪੰਜਾਬ ਨੂੰ ਫਿਰ ਤੋਂ ਕਾਲੇ ਦੌਰ ਵਿਚ ਲੈ ਜਾਣ। ਉਹਨਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਤਰੀਕੇ ਝੂਠੇ ਕੇਸਾਂ ਵਿਚ ਫਸਾਏ ਜਾਣ ਵਾਲੇ ਸਾਰੇ ਸਿੱਖ ਨੌਜਵਾਨਾਂ ਦੇ ਕੇਸ ਲੜੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਦੇਸ਼ ਭਗਤ ਲੋਕ ਹਨ ਤੇ ਰੈਫਰੰਡਮ 2020 ਜਾਂ ਕਿਸੇ ਵੀ ਹੋਰ ਵੰਡ ਪਾਊ ਏਜੰਡੇ ਦੀ ਇਹਨਾਂ ਹਮਾਇਤ ਨਹੀਂ ਕੀਤੀ। ਉਹਨਾਂ ਕਿਹਾ ਕਿ ਪੰਜਾਬੀਆਂ ਦਾ ਇਤਿਹਾਸ ਰਿਹਾ ਹੈ ਕਿ ਇਹਨਾਂ ਨੇ ਦੇਸ਼ ਵਾਸਤੇ ਆਪਣੀਆਂ ਜਾਨਾਂ ਵਾਰੀਆਂ ਹਨ ਅਤੇ ਲੋੜ ਪੈਣ 'ਤੇ ਫਿਰ ਵੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਹ ਚੰਗੀ ਤਰ•ਾਂ ਸਮਝਣ ਲੈਣਾ ਚਾਹੀਦਾ ਹੈ ਕਿ ਉਹ ਹੀ ਸ੍ਰੀ ਹਰਿਮੰਦਿਰ ਸਾਹਿਬ 'ਤੇ ਹਮਲੇ, ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ 1984 ਵਿਚ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਸਿੱਖਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹੈ। ਹੁਣ ਉਸਨੂੰ ਸਿੱਖਾਂ ਨੂੰ ਗਲਤ ਕੇਸਾਂ ਵਿਚ ਫਸਾਉਣ ਤੋਂ ਬਾਜ ਆਉਣਾ ਚਾਹੀਦਾ ਹੈ।