ਅੰਮ੍ਰਿਤਸਰ/14 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਾਂ ਨੇ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇੱਕ ਡੈਲੀਗੇਟ ਇਜਲਾਸ ਦੌਰਾਨ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਪਾਰਟੀ ਪ੍ਰਧਾਨ ਚੁਣ ਲਿਆ ਹੈ।
ਪਾਰਟੀ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਜਥੇਦਾਰ ਤੋਤਾ ਸਿੰਘ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਨਾਂ ਪੇਸ਼ ਕੀਤਾ, ਜਿਸ ਦਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਗਮੀਤ ਸਿੰਘ ਬਰਾੜ ਵੱਲੋਂ ਸਮਰਥਨ ਕੀਤਾ ਗਿਆ। ਮੁਕਾਬਲੇ ਵਿਚ ਹੋਰ ਕੋਈ ਉਮੀਦਵਾਰ ਨਾ ਹੋਣ ਕਰਕੇ ਇਸ ਚੋਣ ਪ੍ਰਕਿਰਿਆ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਚੁਣੇ ਜਾਣ ਦਾ ਐਲਾਨ ਕਰ ਦਿੱਤਾ।
'ਬੋਲੇ ਸੋ ਨਿਹਾਲ-ਸਤਿ ਸ੍ਰੀ ਅਕਾਲ' ਦੇ ਨਾਅਰਿਆਂ ਦੌਰਾਨ ਪਾਰਟੀ ਪ੍ਰਧਾਨ ਚੁਣੇ ਜਾਣ ਤੋਂ ਤੁਰੰਤ ਬਾਅਦ ਸਰਦਾਰ ਸੁਖਬੀਰ ਸਿੰਘ ਬਾਦਲ ਦੋਵੇਂ ਹੱਥ ਜੋੜ ਕੇ ਡੈਲੀਗੇਟਾਂ ਦੇ ਫੈਸਲੇ ਨੂੰ ਸਵੀਕਾਰ ਕਰ ਲਿਆ। ਇਸ ਮੌਕੇ ਐਸਜੀਪੀਸੀ ਅਤੇ ਡੀਐਸਜੀਪੀਸੀ ਦੇ ਪ੍ਰਧਾਨਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮਨਜਿੰਦਰ ਸਿੰਘ ਸਿਰਸਾ ਸਮੇਤ ਸੀਨੀਅਰ ਲੀਡਰਸ਼ਿਪ ਵੱਲੋਂ ਸਰਦਾਰ ਬਾਦਲ ਨੂੰ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉੱਤੇ ਬੋਲਦਿਆਂ ਨਵੇਂ ਚੁਣੇ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਹ ਤੀਜੀ ਵਾਰ ਪਾਰਟੀ ਦੀ ਅਗਵਾਈ ਕਰਨ ਦਾ ਮੌਕਾ ਦਿੱਤੇ ਜਾਣ ਉੱਤੇ ਸਨਮਾਨਿਤ ਮਹਿਸੂਸ ਕਰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਹਮੇਸ਼ਾਂ ਪਾਰਟੀ ਨੂੰ ਸਭ ਤੋਂ ਮੂਹਰੇ ਹੋ ਕੇ ਅਗਵਾਈ ਕੀਤੀ ਹੈ ਅਤੇ ਉਹ ਪਾਰਟੀ ਦੀ ਭਲਾਈ ਲਈ ਆਪਣੀ ਜਾਨ ਨਿਛਾਵਰ ਕਰਨ ਲਈ ਵੀ ਤਿਆਰ ਹਨ। ਉਹਨਾਂ ਭਰੋਸਾ ਦਿਵਾਇਆ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਾਈ ਜਾਰੀ ਰੱਖਣਗੇ।
ਸਰਦਾਰ ਬਾਦਲ ਨੇ ਕਿਹਾ ਕਿ ਸੰਘਵਾਦ ਅਤੇ ਧਰਮਨਿਰਪੱਖਤਾ ਅਕਾਲੀ ਦਲ ਦੇ ਮੁੱਢਲੇ ਸਿਧਾਂਤ ਹਨ। ਉਹਨਾਂ ਕਿਹਾ ਕਿ 1962 ਵਿਚ ਜਦੋਂ ਪਾਰਟੀ ਨੇ ਇੱਕ ਸੰਘੀ ਸੂਬੇ ਦੀ ਮੰਗ ਉਠਾਈ ਸੀ, ਲੈ ਕੇ ਹੁਣ ਤਕ ਇਹ ਇਸ ਮੱਤ ਦੀ ਧਾਰਨੀ ਰਹੀ ਹੈ ਕਿ ਸੂਬਿਆਂ ਨੂੰ ਵੱਧ ਅਧਿਕਾਰ ਦਿੱਤੇ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਹਮੇਸ਼ਾਂ ਧਰਮ ਨਿਰਪੱਖ ਸਿਧਾਂਤਾਂ ਦਾ ਸਮਰਥਨ ਕੀਤਾ ਹੈ, ਜਿਸ ਤਹਿਤ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖ ਕੇ ਉਹਨਾਂ ਨੇ ਅਪੀਲ ਕੀਤੀ ਹੈ ਕਿ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਨਾਗਿਰਕਤਾ ਸੋਧ ਬਿਲ ਦੇ ਦਾਇਰੇ ਵਿਚ ਲਿਆ ਜਾਣਾ ਚਾਹੀਦਾ ਹੈ।
ਇਹ ਟਿੱਪਣੀ ਕਰਦਿਆਂ ਕਿ ਅਕਾਲੀ ਦਲ ਪੰਥ ਦੀ ਸੱਚੀ ਨੁੰਮਾਇਦਾ ਜਥੇਬੰਦੀ ਹੈ, ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਵੱਲੋਂ ਅਖੌਤੀ ਟਕਸਾਲੀ ਜਥੇਬੰਦੀ ਵਰਗੇ ਆਪਣੇ ਪਿੱਠੂਆਂ ਨੂੰ ਖੜ੍ਹੇ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਜਿਹਨਾਂ ਨੂੰ ਲੋਕਾਂ ਦਾ ਪਹਿਲਾਂ ਹੀ ਨਕਾਰਿਆ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਟਕਸਾਲੀ ਦੀ ਬਿਲਕੁੱਲ ਸਹੀ ਵਿਆਖਿਆ ਕੀਤੀ ਸੀ। ਉਹਨਾਂ ਕਿਹਾ ਸੀ ਟਕਸਾਲੀ ਉਹ ਹੁੰਦਾ ਹੈ, ਜਿਹੜਾ ਆਪਣੀ ਪਾਰਟੀ ਪ੍ਰਤੀ ਵਫ਼ਾਦਾਰ ਹੁੰਦਾ ਹੈ ਜਦਕਿ ਅਖੌਤੀ ਟਕਸਾਲੀ ਸਿਰੇ ਦੇ ਮੌਕਾਪ੍ਰਸਤ ਅਤੇ ਵਿਸ਼ਵਾਸ਼ਘਾਤੀ ਹਨ।
ਇਹ ਟਿੱਪਣੀ ਕਰਦਿਆਂ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਨੂੰ ਜਿਤਾਉਣ ਲਈ ਮਿਸ਼ਨ 2022 ਨੂੰ ਸਾਹਮਣੇ ਰੱਖ ਕੇ ਕੰਮ ਕਰਨਗੇ, ਸਰਦਾਰ ਬਾਦਲ ਨੇ ਸਾਰੇ ਪਾਰਟੀ ਵਰਕਰਾਂ ਨੂੰ ਪਾਰਟੀ ਦੀ ਭਲਾਈ ਲਈ ਡਟ ਕੇ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਅਤੇ ਇਸ ਦਾ ਮੁੱਖ ਮੰਤਰੀ ਝੂਠੀਆਂ ਸਹੁੰਾਂ ਖਾ ਕੇ ਅਤੇ ਵਾਅਦਿਆਂ ਤੋਂ ਮੁਕਰ ਕੇ ਲੋਕਾਂ ਨਾਲ ਵਿਸ਼ਵਾਸ਼ਘਾਤ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਪਿਛਲੀ ਅਕਾਲੀ-ਭਾਜਪਾ ਦੌਰਾਨ ਹੋਏ ਕੰਮਾਂ ਲਈ ਬੈਸਟ ਰੋਡ ਐਂਡ ਇਨਫਰਾਸਟਰੱਕਚਰ ਐਵਾਰਡ ਲੈਣ ਵਿਚ ਰੁੱਝੀ ਹੋਈ ਹੈ ਜਦਕਿ ਇਸ ਨੇ ਖੁਦ ਵੀ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਹੈ।
ਅਕਾਲੀ ਸਿਆਸਤ ਅਤੇ ਪੰਜਾਬ ਦੇ ਵਿਕਾਸ ਵਿਚ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਯੋਗਦਾਨ ਬਾਰੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕਿਸਾਨਾਂ ਅਤੇ ਸਮਾਜ ਦੇ ਗਰੀਬ ਵਰਗਾਂ ਲਈ ਕੀਤੇ ਕੰਮਾਂ ਵਾਸਤੇ ਹਮੇਸ਼ਾਂ ਯਾਦ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਰਦਾਰ ਬਾਦਲ ਨੇ ਸੂਬੇ ਅੰਦਰ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕਰਨ ਤੋਂ ਇਲਾਵਾ ਸੂਬੇ ਦੇ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨੂੰ ਸੰਭਾਲਿਆ ਅਤੇ ਇਸ ਦਾ ਪ੍ਰਚਾਰ ਕੀਤਾ ਹੈ।