ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਅਤੇ ਰੇਲਵੇ ਦੇ ਚੱਲ ਰਹੇ ਕੰਮਾਂ ਦੀ ਨਜ਼ਰਸਾਨੀ ਲਈ 13 ਅਗਸਤ ਨੂੰ ਸੁਲਤਾਨਪੁਰ ਲੋਧੀ ਵਿਖੇ ਜਾਣਗੇ
ਚੰਡੀਗੜ੍ਹ/04ਅਗਸਤ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪਰਕਾਸ਼ ਪੁਰਬ ਸ਼ਾਨਦਾਰ ਢੰਗ ਨਾਲ ਮਨਾਉਣ ਕੀਤੇ ਜਾ ਰਹੇ ਜਸ਼ਨਾਂ ਦੀਆਂ ਤਿਆਰੀਆਂ ਆਪਣੇ ਆਖਰੀ ਪੜਾਅ ਵਿਚ ਪਹੁੰਚ ਗਈਆਂ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ 321 ਕਰੋੜ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ, ਵਿਦੇਸ਼ਾਂ ਵਿਚ ਗੁਰੂ ਸਾਹਿਬ ਦੇ ਨਾਂ ਉੱਤੇ ਚੇਅਰਾਂ ਸਥਾਪਤ ਕਰਨ ਦੀਆਂ ਯੋਜਨਾਵਾਂ, ਸੈਮੀਨਾਰਾਂ, ਅੰਤਰ-ਧਰਮ ਅਧਿਐਨ ਲਈ ਕੇਂਦਰ ਦੀ ਸਥਾਪਨਾ, ਯਾਦਗਾਰੀ ਸਿੱਕੇ ਅਤੇ ਡਾਕ ਟਿਕਟਾਂ ਜਾਰੀ ਕਰਨ ਸੰਬੰਧੀ ਯੋਜਨਾਵਾਂ ਉੱਤੇ ਕੰਮ ਸ਼ੁਰੂ ਕੀਤਾ ਜਾ ਚੁੱਕਿਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਜਸ਼ਨਾਂ ਸੰਬੰਧੀ ਬਣਾਈ ਰਾਸ਼ਟਰੀ ਤਾਮੀਲ ਕਮੇਟੀ (ਐਨਆਈਸੀ) ਦੇ ਇੰਚਾਰਜ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਵੇਰਵੇ ਸਾਂਝੇ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਦੇ ਪਰਕਾਸ਼ ਪੁਰਬ ਦੇ ਜਸ਼ਨਾਂ ਨੂੰ ਯਾਦਗਾਰੀ ਬਣਾਉਣ ਲਈ ਸ਼ੁਰੂ ਕੀਤੇ ਸਾਰੇ ਪ੍ਰਾਜੈਕਟਾਂ ਉੱਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।
ਬੀਬਾ ਬਾਦਲ ਨੇ ਕਿਹਾ ਕਿ ਐਨਆਈਸੀ ਮੁਖੀ ਨੇ ਉਹਨਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਇੱਕ ਵਿਰਾਸਤੀ ਕੰਪਲੈਕਸ ਬਣਾਇਆ ਜਾ ਰਿਹਾ ਹੈ ਅਤੇ ਇਸੇ ਪ੍ਰਾਜੈਕਟ ਤਹਿਤ ਮੰਤਰਾਲੇ ਵੱਲੋਂ 321 ਕਰੋੜ ਰੁਪਏ ਦੀ ਲਾਗਤ ਨਾਲ 'ਪਿੰਡ ਬਾਬੇ ਨਾਨਕ ਦਾ' ਵੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਆਧੁਨਿਕੀਕਰਨ ਕਰਦਿਆਂ ਉੱਥੇ ਯਾਤਰੀਆਂ ਲਈ ਸਹੂਲਤਾਂ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਹਫ਼ਤੇ ਵਿਚ ਤਿੰਨ ਵਾਰ ਸੁਲਤਾਨਪੁਰ ਲੋਧੀ ਵਿਚੋਂ ਦੀ ਹੋ ਕੇ ਲੰਘਿਆ ਕਰੇਗੀ।
ਕੇਂਦਰੀ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਰੇਲਵੇ ਦੇ ਚੱਲ ਰਹੇ ਕੰਮਾਂ ਦੀ ਨਜ਼ਰਸਾਨੀ ਲਈ 13 ਅਗਸਤ ਨੂੰ ਸੁਲਤਾਨਪੁਰ ਲੋਧੀ ਜਾਣਗੇ । ਉਹਨਾਂ ਦੱਸਿਆ ਕਿ ਸਟੇਸ਼ਨ ਦੇ ਨਾਲ ਇੱਕ ਆਡੀਟੋਰੀਅਮ ਬਣਾਉਣ ਦੀ ਯੋਜਨਾ ਹੈ ਤਾਂ ਕਿ ਸਟੇਸ਼ਨ ਉੱਤੇ ਗੱਡੀ ਦਾ ਇੰਤਜ਼ਾਰ ਕਰਦਿਆਂ ਯਾਤਰੀ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਿਲ ਕਰ ਸਕਣ। ਉਹਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਲਈ ਇੱਕ ਵਿਸ਼ੇਸ਼ ਰੇਲ ਗੱਡੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਜਲਦੀ ਹੀ ਇੱਕ ਸੈਲੂਨ ਟਰੇਨ ਲਈ ਵੀ ਬੁਕਿੰਗਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।
550ਵੇਂ ਪਰਕਾਸ਼ ਪੁਰਬ ਦੇ ਜਸ਼ਨਾਂ ਸੰਬੰਧੀ ਐਨਡੀਏ ਸਰਕਾਰ ਵੱਲੋਂ ਲਏ ਬਾਕੀ ਫੈਸਲਿਆਂ ਸੰਬੰਧੀ ਹੋ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਸ਼ਾਸ਼ਤਰੀ ਇੰਡੋ ਕੈਨੇਡੀਅਨ ਇੰਸਟੀਚਿਊਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਉੱਤੇ ਇੱਕ ਚੇਅਰ ਸਥਾਪਤ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਇਸੇ ਤਰ੍ਹਾਂ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਯੂਕੇ ਵਿਚ ਗੁਰੂ ਸਾਹਿਬ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇੱਕ ਅੰਤਰ ਧਰਮ ਅਧਿਐਨ ਸਥਾਪਤ ਕਰਨ ਦੇ ਪ੍ਰਸਤਾਵ ਬਾਰੇ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਇਸ ਕੇਂਦਰ ਲਈ ਯੂਨੀਵਰਸਿਟੀ ਨੂੰ ਪੜਾਅ ਵਾਰ ਫੰਡ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਨੇ ਅੰਤਰ-ਧਰਮ ਅਧਿਐਨ ਕੇਂਦਰ ਦੀ ਸਥਾਪਨਾ ਲਈ 442 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਤਿਆਰ ਕੀਤਾ ਹੈ ਅਤੇ ਇਸ ਨੇ ਪ੍ਰਾਜੈਕਟ ਦੇ ਪਹਿਲੇ ਪੜਾਅ ਵਜੋਂ ਯੂਨੀਵਰਸਿਟੀ ਗਰਾਂਟ ਕਮਿਸ਼ਨ ਨੂੰ 99 ਕਰੋੜ ਰੁਪਏ ਦਾ ਪ੍ਰਸਤਾਵ ਭੇਜਿਆ ਹੈ।
ਬੀਬਾ ਬਾਦਲ ਨੇ ਕਿਹਾ ਕਿ ਸ੍ਰੀ ਅਮਿਤ ਸ਼ਾਹ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਅਕਤੂਬਰ-ਨਵੰਬਰ ਵਿਚ ਦਿੱਲੀ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਕੌਮਾਂਤਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵੀ ਅੰਮ੍ਰਿਤਸਰ ਵਿਖੇ ਇੱਕ ਕੌਮਾਂਤਰੀ ਸੈਮੀਨਾਰ ਕਰਵਾਉਣ ਲਈ 80 ਲੱਖ ਰੁਪਏ ਦਾ ਪ੍ਰਸਤਾਵ ਭੇਜਿਆ ਹੈ। ਉਹਨਾਂ ਦੱਸਿਆ ਕਿ ਗੁਰੂ ਸਾਹਿਬ ਦੇ ਪਰਕਾਸ਼ ਪੁਰਬ ਦੇ ਜਸ਼ਨਾਂ ਦੌਰਾਨ ਦੇਸ਼ ਭਰ ਵਿਚ 100 ਹੋਰ ਸੈਮੀਨਾਰ ਕਰਵਾਏ ਜਾਣਗੇ। ਇਸ ਤੋਂ ਇਲਾਵਾ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਉੱਤੇ ਇੱਕ ਮੋਬਾਇਲ ਡਿਜੀਟਲ ਪ੍ਰਦਰਸ਼ਨੀ, ਦਸਤਾਵੇਜ਼ੀ ਅਤੇ ਐਨੀਮੇਸ਼ਨ ਫਿਲਮਾਂ ਦਾ ਨਿਰਮਾਣ ਅਤੇ ਕਿਤਾਬਾਂ ਛਾਪੀਆਂ ਜਾਣਗੀਆਂ ਅਤੇ ਨਾਲ ਹੀ ਇਹਨਾਂ ਕਿਤਾਬਾਂ ਦਾ ਸਾਰੀਆਂ ਭਾਰਤੀ ਭਾਸ਼ਾਵਾਂ ਵਿਚ ਅਨੁਵਾਦ ਕੀਤਾ ਜਾਵੇਗਾ।
ਬੀਬਾ ਬਾਦਲ ਨੇ ਕਿਹਾ ਕਿ ਐਨਆਈਸੀ ਮੁਖੀ ਵੱਲੋਂ ਉਹਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਜਿਹਨਾਂ ਥਾਵਾਂ ਦੀਆਂ ਯਾਤਰਾਵਾਂ ਕੀਤੀਆਂ ਗਈਆਂ ਸਨ, ਉੱਥੇ 10 ਪੈਨੋਰਮਾ ਸਥਾਪਤ ਕੀਤੇ ਜਾਣਗੇ। ਇਹਨਾਂ ਥਾਂਵਾਂ ਵਿਚ ਕਾਮਰੂਪ, ਪੁਰੀ, ਰਮੇਸ਼ਵਰਮ, ਨਾਂਦੇੜ, ਉਜੈਨ, ਦਵਾਰਕਾ, ਕਾਸ਼ੀ, ਕੁਰਕੁਸ਼ੇਤਰ, ਨਾਨਕਮਤਾ ਅਤੇ ਮਾਰਤੰਡ ਸ਼ਾਮਿਲ ਹਨ। ਵਿਦੇਸ਼ਾਂ ਵਿਚ ਸਾਰੇ ਮਿਸ਼ਨਾਂ ਲਈ ਯਾਦਗਾਰੀ ਸਿੱਕੇ ਅਤੇ ਡਾਕ ਟਿਕਟਾਂ ਭੇਜੀਆਂ ਜਾਣਗੀਆਂ।