ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਵਿਸ਼ਵਾਸ਼ਘਾਤ ਮਗਰੋਂ ਇਕ ਪੜ੍ਹਿਆ-ਲਿਖਿਆ ਨੌਜਵਾਨ ਜ਼ਿੰਦਗੀ ਦੀ ਬਾਜ਼ੀ ਹਾਰਿਆ
ਕਿਹਾ ਕਿ ਪੰਜਾਬ ਵਿਚ 22 ਲੱਖ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਹਨ
ਬਠਿੰਡਾ/22 ਜੁਲਾਈ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਤੋਂ ਬਾਅਦ ਨਿਰਾਸ਼ ਹੋ ਕੇ ਹੁਣ ਪੜ੍ਹੇ ਲਿਖੇ ਨੌਜਵਾਨ ਵੀ ਖੁਦਕੁæਸ਼ੀਆਂ ਕਰਨ ਲੱਗ ਪਏ ਹਨ। ਮਾਨਸਾ ਜ਼ਿਲ੍ਹੇ ਦਾ ਜਗਸੀਰ ਸਿੰਘ ਇਸ ਦੀ ਤਾਜ਼ਾ ਉਦਾਹਰਣ ਹੈ, ਜਿਸ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਤੋਂ ਮੁੱਕਰੀ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਦੁਖੀ ਹੋਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਜਗਸੀਰ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਬੀਬਾ ਬਾਦਲ ਨੇ ਕਿਹਾ ਕਿ ਉਹਨਾਂ ਦੇ ਹਲਕੇ ਵਿਚ ਪੜ੍ਹੇ ਲਿਖੇ ਨੌਜਵਾਨ ਵੱਲੋਂ ਕੀਤੀ ਖੁਦਕੁਸ਼ੀ ਦੀ ਇਹ ਦੂਜੀ ਮੰਦਭਾਗੀ ਘਟਨਾ ਹੈ। ਇਸ ਤੋਂ ਪਹਿਲਾਂ ਪੋਸਟ ਗਰੈਜੂਏਟ ਹੋਣ ਦੇ ਬਾਵਜੂਦ ਨੌਕਰੀ ਨਾ ਮਿਲਣ ਤੋਂ ਦੁਖੀ ਹੋ ਕੇ ਪਿੰਡ ਤਿਓਣਾ ਪੁਜਾਰੀ ਦੇ 23 ਸਾਲ ਦੇ ਨੌਜਵਾਨ ਹਰਮਨਦੀਪ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਪਿੰਡ ਚੱਕ ਭਾਈਕੇ ਦੇ ਜਗਸੀਰ ਦੀ ਮੌਤ ਹੋਰ ਵੀ ਵੱਧ ਅਫਸੋਸਨਾਕ ਹੈ, ਜਿਸ ਨੇ ਪੋਸਟ ਗਰੈਜੂਏਸ਼ਨ ਤੋਂ ਇਲਾਵਾ ਐਮਫਿਲ ਅਤੇ ਬੀਐਡ ਵੀ ਕੀਤੀ ਹੋਈ ਸੀ। ਇਸ ਤੋਂ ਇਸ ਨੌਜਵਾਨ ਨੇ ਯੂਜੀਸੀ ਵੱਲੋਂ ਲਈ ਜਾਂਦੀ ਨੈਟ ਦੀ ਪ੍ਰੀਖਿਆ ਵੀ ਪਾਸ ਕੀਤੀ ਹੋਈ ਸੀ। ਉਹਨਾਂ ਕਿਹਾ ਕਿ ਇੰਨਾ ਪੜ੍ਹਿਆ ਲਿਖਿਆ ਹੋਣ ਦੇ ਬਾਵਜੂਦ ਜਗਸੀਰ ਨੂੰ ਘਰ ਚਲਾਉਣ ਅਤੇ ਆਪਣੀਆਂ ਦੋ ਭੈਣਾਂ ਦੀ ਪੜ੍ਹਾਈ ਦਾ ਖਰਚਾ ਤੋਰਨ ਲਈ ਮਜ਼ਦੂਰੀ ਕਰਨੀ ਪੈਂਦੀ ਸੀ।
ਬੀਬਾ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਜਗਸੀਰ ਦੀ ਮੌਤ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ। ਉੁਹਨਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਉਸ ਸਮੇਂ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ 'ਘਰ ਘਰ ਨੌਕਰੀ' ਸਕੀਮ ਅਤੇ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤੇ ਐਲਾਨ ਮਗਰੋਂ ਜਗਸੀਰ ਕਾਫੀ ਆਸਵੰਦ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ਮਗਰੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨਾਲੇ ਕੀਤੇ ਵਾਅਦੇ ਪੂਰੇ ਨਾ ਕਰਨਾ ਹੀ ਜਗਸੀਰ ਦੀ ਮੌਤ ਦੀ ਵਜ੍ਹਾ ਬਣਿਆ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਸੂਬੇ ਅੰਦਰ ਬੇਰੁਜ਼ਗਾਰੀ ਤੇਜ਼ੀ ਨਾਲ ਵਧ ਰਹੀ ਹੈ। ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਪ੍ਰਤੀ ਅੱਖਾਂ ਮੀਚ ਰੱਖੀਆਂ ਹਨ। ਉਹਨਾਂ ਕਿਹਾ ਕਿ ਸੀਆਰਆਰਆਈਡੀ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਦੋ ਸਾਲਾਂ ਦੌਰਾਨ ਬੇਰੁਜ਼ਗਾਰੀ ਇੰਨੀ ਤੇਜ਼ੀ ਨਾਲ ਵਧੀ ਹੈ ਕਿ ਸੂਬੇ ਅੰਦਰ 22 ਲੱਖ ਤੋਂ ਵੱਧ ਨੌਜਵਾਨ ਬੇਰੁਜ਼ਗਾਰ ਹਨ।
ਬੀਬਾ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਇਸ ਗੱਲ ਦਾ ਜੁਆਬ ਦੇਣਾ ਬਣਦਾ ਹੈ ਕਿ ਇਸ ਨੇ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਕੇ ਉਹਨਾਂ ਨਾਲ ਵਿਸ਼ਵਾਸ਼ਘਾਤ ਕਿਉਂ ਕੀਤਾ ਹੈ? ਬੀਬਾ ਬਾਦਲ ਨੇ ਕਿਹਾ ਕਿ ਕਾਂਗਰਸ ਵੱਲੋਂ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁਕਰਨ ਮਗਰੋਂ ਸੂਬੇ ਅੰਦਰ 1200 ਤੋਂ ਵੱਧ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਹੁਣ ਨੌਜਵਾਨ ਨਿਰਾਸ਼ਾ ਦੀ ਦਲਦਲ ਵਿਚ ਧੱਕੇ ਜਾ ਰਹੇ ਹਨ, ਕਿਉਂਕਿ ਸਰਕਾਰ ਨੇ ਠੇਕੇ ਉੱਤੇ ਰੱਖੇ ਅਧਿਆਪਕਾਂ ਦੀ ਤਨਖਾਹਾਂ 45 ਹਜ਼ਾਰ ਰੁਪਏ ਤੋਂ ਘਟਾ ਕੇ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਠੇਕੇ ਉਤੇ ਭਰਤੀ ਕੀਤੇ ਉਹਨਾਂ 27 ਹਜ਼ਾਰ ਨੌਜਵਾਨਾਂ ਨੂੰ ਪੱਕੇ ਕਰਨ ਲਈ ਇਸ ਸਰਕਾਰ ਨੇ ਉਂਗਲ ਤਕ ਨਹੀਂ ਚੁੱਕੀ ਹੈ, ਜਿਹਨਾਂ ਨੂੰ ਪੱਕੇ ਕਰਨ ਸੰਬੰਧੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇੱਕ ਬਿੱਲ ਪਾਸ ਕੀਤਾ ਗਿਆ ਸੀ।