ਸੁਲਤਾਨਪੁਰ ਲੋਧੀ/07 ਨਵੰਬਰ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਸਿੱਖ ਵਿਰਾਸਤ ਨੂੰ ਰੂਪਮਾਨ ਕਰਦੇ ਅਤੇ ਆਧੁਨਿਕ ਸਹੂਲਤਾਂ ਵਾਲੇ ਨਵੇਂ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਮਲਟੀ ਮੀਡੀਆ ਸੈਂਟਰ ਦਾ ਵੀ ਉਦਘਾਟਨ ਕੀਤਾ, ਜਿਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਮੌਕੇ ਉੱਤੇ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਉੱਪਰ ਇੱਕ ਕਿਤਾਬ ਵੀ ਜਾਰੀ ਕੀਤੀ।
25 ਕਰੋੜ ਰੁਪਏ ਦੀ ਲਾਗਤ ਨਾਲ ਹੋਂਦ ਵਿਚ ਆਏ ਇਸ ਰੇਲਵੇ ਸਟੇਸ਼ਨ ਨੂੰ ਪਵਿੱਤਰ ਸ਼ਹਿਰ ਵਿਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਇੱਥੇ ਦੋ ਅੰਡਰ ਪਾਸ ਅਤੇ ਦੋ ਪੈਦਲ ਪਾਰ ਕਰਨ ਵਾਲੇ ਪੁਲ ਬਣਾਏ ਗਏ ਹਨ ਅਤੇ ਇਸ ਤੋਂ ਇਲਾਵਾ ਪਲੇਟ ਫਾਰਮ ਨੂੰ ਵੀ ਉੱਚਾ ਕੀਤਾ ਗਿਆ ਹੈ।
ਬੀਬਾ ਬਾਦਲ ਨੇ ਗੁਰੂ ਕਿਰਤ ਭਵਨ ਦੇ ਨਾਂ ਨਾਲ ਬਣਾਏ ਨਵੇਂ ਯਾਤਰੀ ਉਡੀਕ ਹਾਲ ਦਾ ਵੀ ਜਾਇਜ਼ਾ ਲਿਆ। ਇਸ ਉਡੀਕ ਘਰ ਨੂੰ ਗੁਰੂ ਸਾਹਿਬ ਦੀ ਤੇਰਾ ਤੇਰਾ' ਫ਼ਿਲਾਸਫੀ ਨੂੰ ਧਿਆਨ ਵਿਚ ਰੱਖਦਿਆਂ ਰੇਲਵੇ ਸਟੇਸ਼ਨ ਦੇ ਕੇਂਦਰੀ ਗੁੰਬਦ ਦੇ ਦੋਵੇਂ ਪਾਸੇ 13 ਡਾਟਾਂ ਬਣਾ ਕੇ ਤਿਆਰ ਕੀਤਾ ਗਿਆ ਹੈ। ਬੀਬੀ ਬਾਦਲ ਨੇ ਮਲਟੀ ਮੀਡੀਆ ਕੇਂਦਰ ਦਾ ਵੀ ਉਦਘਾਟਨ ਕੀਤਾ ਅਤੇ ਇੱਥੇ ਇੱਕ 15 ਮਿੰਟ ਦੀ ਦਸਤਾਵੇਜ਼ੀ ਫਿਲਮ ਵੇਖੀ, ਜਿਸ ਵਿਚ ਆਉਣ ਵਾਲੇ ਸ਼ਰਧਾਲੂਆਂ ਵਾਸਤੇ ਸੁਲਤਾਨਪੁਰ ਲੋਧੀ ਦੇ ਹਵਾਲਿਆਂ ਨਾਲ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਨੂੰ ਵਿਖਾਇਆ ਗਿਆ ਹੈ।
ਕੇਂਦਰੀ ਮੰਤਰੀ ਨੇ ਇਸ ਮੌਕੇ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਉੱਤੇ ਤਿਆਰ ਕੀਤੀ 'ਦ ਇਟਰਨਲ ਟਰੁੱਥ' ਨਾਂ ਦੀ ਕਿਤਾਬ ਵੀ ਜਾਰੀ ਕੀਤੀ। ਉਹਨਾਂ ਇਹ ਵੀ ਦੱਸਿਆ ਕਿ ਨੈਸ਼ਨਲ ਬੁੱਕ ਟਰੱਸਟ ਨੇ ਭਾਰਤੀ ਉਪਮਹਾਂਦੀਪ ਦੇ ਪਾਠਕਾਂ ਤਾਂਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਸੁਨੇਹਾ ਪਹੁੰਚਾਉਣ ਲਈ ਗੁਰੂ ਸਾਹਿਬ ਬਾਰੇ ਤਿੰਨ ਕਿਤਾਬਾਂ- ਗੁਰੂ ਨਾਨਕ ਬਾਣੀ, ਨਾਨਕ ਬਾਣੀ ਅਤੇ ਸਾਖੀਆਂ ਗੁਰੂ ਨਾਨਕ ਦੇਵ ਛਾਪੀਆਂ ਹਨ। ਉਹਨਾਂ ਦੱਸਿਆ ਕਿ ਮੁੱਢਲੇ ਤੌਰ ਤੇ ਪੰਜਾਬੀ ਭਾਸ਼ਾ ਵਿਚ ਛਾਪੀਆਂ ਇਹਨਾਂ ਕਿਤਾਬਾਂ ਨੂੰ 15 ਮੁੱਖ ਭਾਰਤੀ ਭਾਸ਼ਾਵਾਂ ਵਿਚ ਅਨੁਵਾਦ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਗੁਰੂ ਨਾਨਕ ਬਾਣੀ ਕਿਤਾਬ ਪਹਿਲਾਂ ਹੀ ਉਰਦੂ, ਉੜੀਆ, ਮਰਾਠੀ, ਹਿੰਦੀ ਅਤੇ ਗੁਜਰਾਤੀ ਭਾਸ਼ਾਵਾਂ ਵਿਚ ਛਾਪੀ ਜਾ ਚੁੱਕੀ ਹੈ।
ਬੀਬਾ ਬਾਦਲ ਨੇ ਇਸ ਮੌਕੇ ਸਿੱਖਾਂ ਦੀਆਂ ਲਟਕਦੀਆਂ ਮੰਗਾਂ ਜਿਵੇਂ ਕਾਲੀ ਸੂਚੀ ਖਤਮ ਕਰਨਾ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾ ਕਰਨਾ, 1984 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਸਿਟ ਦਾ ਗਠਨ ਕਰਨਾ ਅਤੇ ਲੰਗਰ ਉੱਤੇ ਜੀਐਸਟੀ ਰਿਫੰਡ ਕਰਨਾ ਆਦਿ ਪੂਰੀਆਂ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਵਿਸ਼ਵ ਪੱਧਰ ਉਤੇ ਵੱਡੇ ਪ੍ਰੋਗਰਾਮ ਆਯੋਜਤ ਕਰਕੇ ਗੁਰੂ ਸਾਹਿਬ ਦਾ 550ਵਾਂ ਪਰਕਾਸ਼ ਪੁਰਬ ਮਨਾਉਣ ਵਿਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਕਰਤਾਰਪੁਰ ਲਾਂਘੇ ਨੂੰ ਤਿਆਰ ਕਰਕੇ ਸਿੱਖਾਂ ਦੀ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਦਰਬਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਅਰਦਾਸ ਨੂੰ ਪੂਰਾ ਕੀਤਾ ਹੈ।
ਬੀਬਾ ਬਾਦਲ ਨੇ ਕਿਹਾ ਕਿ ਵਿਸ਼ੇਸ਼ ਰੇਲ ਗੱਡੀਆਂ ਅਤੇ ਉਡਾਣਾਂ ਸ਼ੁਰੁ ਕਰਕੇ ਕੇਂਦਰ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਹੋਰ ਬਹੁਤ ਕੁੱਝ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਨਾਂ ਉੱਤੇ ਯੂਕੇ ਅਤੇ ਕੈਨੇਡਾ ਅੰਦਰ ਚੇਅਰਾਂ ਸਥਾਪਤ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਇੱਕ ਅੰਤਰ ਧਰਮ ਅਧਿਐਨ ਕੇਂਦਰ ਸਥਾਪਤ ਕਰਨ ਸਮੇਤ ਹੋਰ ਬਹੁਤ ਸਾਰੇ ਪ੍ਰਾਜੈਕਟ ਮੁਕੰਮਲ ਕੀਤੇ ਜਾ ਰਹੇ ਹਨ।