ਚੰਡੀਗੜ੍ਹ,10 ਜਨਵਰੀ : ਸ਼੍ਰੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਲੋਕਤੰਤਰੀ ਢੰਗ ਨਾਲ ਰੋਸ ਦਿਖਾਵਾ ਕਰ ਰਹੇ ਕਿਸਾਨਾਂ ਖਿਲਾਫ ਦਮਨਕਾਰੀ ਨੀਤੀ ਅਪਣਾਉਣ ’ਤੇ ਧੱਕੇਸ਼ਾਹੀ ਕਰਨ ਦੀ ਸਖਤ ਨਿਖੇਧੀ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਹੰਕਾਰੀ ਹੋ ਗਈ ਹੈ, ਇਸ ’ਤੇ ਸੱਤਾ ਦੇ ਨਸ਼ੇ ਦਾ ਸਰੂਰ ਚੜਿ੍ਹਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਵਲੋਂ ਬਣਾਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ ਰੋਸ ਮੁਜ਼ਾਹਰਾ ਕਰ ਰਹੇ ਹਨ ਪਰ ਹਰਿਆਣਾ ਸਰਕਾਰ ਕਿਸਾਨਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਭਾਜਪਾ ਮੌਜੂਦਾ ਸੰਕਟ ਨੂੰ ਹੱਲ ਨਹੀਂ ਕਰਨਾ ਚਾਹੁੰਦੀ ਤੇ ਹਰਿਆਣਾ ਵਿਚ ਜੋ ਵੀ ਸੱਤਾ ਵਿਚ ਹਨ, ਉਨ੍ਹਾਂ ਵਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਕੋਈ ਯਤਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਲਟਾ ਰਾਜ ਸਰਕਾਰ ਕਿਸਾਨਾਂ ਨੂੰ ਭੜਕਾ ਕੇ ਲੋਕਤੰਤਰੀ ਪ੍ਰਕਿਰਿਆ ਦੀ ਦੁਰਵਰਤੋਂ ਕਰਨਾ ਚਾਹੁੰਦੀ ਹੈ।