ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਅਫ਼ਸੋਸ ਪ੍ਰਗਟਾਇਆ
ਚੰਡੀਗੜ, 14 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ ਹੋ ਗਿਆ ਹੈ। 74 ਸਾਲ ਦੇ ਚੌਧਰੀ ਨੰਦ ਲਾਲ ਆਪਣੇ ਪਿੱਛੇ 2 ਪੁੱਤਰ ਛੱਡ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੌਧਰੀ ਨੰਦ ਲਾਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਦਾਖਲ ਸਨ, ਜਿਥੇ ਸਵੇਰੇ 7 ਵਜੇ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਚੌਧਰੀ ਨੰਦ ਲਾਲ 4 ਵਾਰ ਵਿਧਾਇਕ ਰਹਿ ਚੁੱਕੇ ਸਨ ਤੇ ਬਹੁਤ ਹੀ ਨੇਕ ਦਿਲ ਇਨਸਾਨ ਸਨ ਤੇ ਮਿਲਾਪੜੇ ਸੁਭਾਅ ਦੇ ਮਾਲਕ ਅਤੇ ਆਪਣੇ ਹਲਕੇ ਦੇ ਲੋਕਾਂ 'ਚ ਹਰਮਨ ਪਿਆਰੇ ਆਗੂ ਸਨ। ਡਾ ਚੀਮਾ ਨੇ ਦੱਸਿਆ ਕਿ ਸਸਕਾਰ ਲਈ ਉਹਨਾਂ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੇ ਜੱਦੀ ਪਿੰਡ ਕਰੀਮਪੁਰ ਧਿਆਨੀ ਜ਼ਿਲ੍ਹਾ ਨਵਾਂ ਸ਼ਹਿਰ ਵਿਖੇ ਲਿਜਾਇਆ ਜਾ ਰਿਹਾ ਹੈ।
ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਚੌਧਰੀ ਨੰਦ ਲਾਲ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਦੋਹਾਂ ਆਗੂਆਂ ਨੇ ਆਖਿਆ ਕਿ ਚੌਧਰੀ ਨੰਦ ਲਾਲ ਪਾਰਟੀ ਦੇ ਮਿਹਨਤੀ, ਵਫ਼ਾਦਾਰ ਅਤੇ ਸਮਰਪਿਤ ਆਗੂ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਸਿਰਫ ਪਾਰਟੀ ਹੀ ਨਹੀਂ ਸਮੁੱਚੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।