ਬਿਕਰਮ ਸਿੰਘ ਮਜੀਠੀਆ ਨੇ ਸੰਘਰਸ਼ ਕਰ ਰਹੇ ਪੀ ਯੂ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਈ, ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਕੀਤੀ ਮੰਗ
ਵਿਦਿਆਰਥੀਆਂ ਨਾਲ ਕੀਤੀ ਗੱਲਬਾਤ, ਯੂ ਟੀ ਦੇ ਪ੍ਰਸ਼ਾਸਕ ਨੂੰ ਮਾਮਲੇ ਵਿਚ ਦਖਲ ਦੇ ਕੇ ਵਿਦਿਆਰਥੀਆਂ ਖਿਲਾਫ ਦਰਜ ਹੋਏ ਝੂਠੇ ਕੇਸ ਰੱਦ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 26 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਤੇ ਮੰਗ ਕੀਤੀ ਕਿ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ ਅਤੇ ਉਹਨਾਂ ਨੇ ਯੂ ਟੀ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਖਿਲਾਫ ਦਰਜ ਕੀਤੇ ਗਏ ਝੂਠੇ ਕੇਸ ਤੁਰੰਤ ਖਾਰਜ ਕੀਤੇ ਜਾਣ।
ਅਕਾਲੀ ਦਲ ਦੇ ਸੀਨੀਅਰ ਆਗੂ ਜਿਹਨਾਂ ਨੇ ਸਾਰੇ ਵਿਦਿਆਰਥੀ ਸੰਘਾਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਤੇ ਯੂਨੀਵਰਸਿਟੀ ਵਿਚ ਧਰਨੇ ਵਿਚ ਵੀ ਸ਼ਮੂਲੀਅਤ ਕੀਤੀ, ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਜਿਸ ਵਿਚ ਸੈਨੇਟ ਚੋਣਾਂ ਤੁਰੰਤ ਕਰਵਾਏ ਜਾਣ ਅਤੇ ਯੂ ਟੀ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਖਿਲਾਫ ਮਤਾ ਪਾਸ ਕਰਨ ਦੀ ਅਪੀਲ ਕੀਤੀ।
ਸਰਦਾਰ ਬਿਕਰਮ ਸਿੰਘ ਮਜੀਠੀਆ, ਜਿਹਨਾਂ ਨੇ ਕੈਂਪਸ ਵਿਚ ਆਪਣੇ ਦੌਰੇ ਦੌਰਾਨ ਸੰਵਿਧਾਨ ਦੀ ਕਾਪੀ ਫੜ ਕੇ ਦੇਸ਼ ਵਿਚ ਸੰਵਿਧਾਨਕ ਤੇ ਲੋਕਤੰਤਰੀ ਢਾਂਚੇ ਨੂੰ ਲਾਗੂ ਦੀ ਮੰਗ ਕੀਤੀ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੈਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਤੁਸੀਂ ਸਹੀ ਅਰਥਾਂ ਵਿਚ ਸੰਵਿਧਾਨ ਨੂੰ ਲਾਗੂ ਕਰੋ ਤੇ ਸਿਰਫ ਇਸ ਪ੍ਰਤੀ ਵਫਾਦਾਰੀ ਦੀਆਂ ਸਹੁੰਆਂ ਨਾ ਖਾਓ। ਉਹਨਾਂ ਕਿਹਾ ਕਿ ਲੋਕਾਂ ਦੇ ਰੋਸ ਪ੍ਰਗਟਾਵੇ ਦੇ ਲੋਕਤੰਤਰੀ ਅਧਿਕਾਰ ਬਹਾਲ ਹੋਣੇ ਚਾਹੀਦੇ ਹਨ ਤੇ ਸੈਨੇਟ ਦੀ ਚੋਣ ਲਈ ਉਹਨਾਂ ਦਾ ਹੱਕ ਬਹਾਲ ਹੋਣਾ ਚਾਹੀਦਾ ਹੈ।
ਉਹਨਾਂ ਨੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਰੋਸ ਪ੍ਰਦਰਸ਼ਨ ਕਰਨ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਵਿਦਿਆਰਥੀ ਜਥੇਬੰਦੀਆਂ ਇਹ ਮੰਗ ਕਰ ਰਹੀਆਂ ਹਨ ਕਿ ਯੂਨੀਵਰਸਿਟੀ ਵਿਚ ਲੋਕਤੰਤਰੀ ਢੰਗ ਨਾਲ ਸੈਨੇਟ ਦੀ ਚੋਣ ਦਾ ਅਧਿਕਾਰ ਬਹਾਲ ਕੀਤਾ ਜਾਵੇ।
ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਮਿਲਣ ਜਾਣ ਵਾਲੇ ਵਿਦਿਆਰਥੀਆਂ ਖਿਲਾਫ ਪੁਲਿਸ ਪਰਚੇ ਦਰਜ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਵਿਦਿਆਰਥੀਆਂ ’ਤੇ ਜ਼ੁਲਮ ਢਾਹੁੰਦੇ ਵੇਖੇ ਗਏ ਤੇ ਇਸ ਦੌਰਾਨ ਮਹਿਲਾ ਪੁਲਿਸ ਦੀ ਗੈਰ ਹਾਜ਼ਰੀ ਵਿਚ ਲੜਕੀਆਂ ਨਾਲ ਧੱਕੇਸ਼ਾਹੀ ਹੁੰਦੀ ਵੀ ਵੇਖੀ ਗਈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਵਿਦਿਆਰਥੀਆਂ ਖਿਲਾਫ ਗੈਰ ਜ਼ਮਾਨਤੀ ਧਾਰਾਵਾਂ ਲਗਾਈਆਂ ਗਈਆਂ ਹਨ।
ਸਰਦਾਰ ਮਜੀਠੀਆ ਨੇ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਸੰਸਥਾ ਨੂੰ ਬਚਾਉਣ ਵਾਸਤੇ ਅੱਗੇ ਆਉਣ ਤੇ ਉਹਨਾਂ ਨੇ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੋਵੇਗਾ ਤੇ ਕਾਨੂੰਨੀ ਲੜਾਈ ਵਿਚ ਵੀ ਉਹਨਾਂ ਦੀ ਮਦਦ ਕਰੇਗਾ। ਉਹਨਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਦੇ ਐਸ ਐਸ ਪੀ ਦੇ ਨਾਲ-ਨਾਲ ਯੂ ਟੀ ਪ੍ਰਸ਼ਾਸਕ ਨੂੰ ਵੀ ਮੰਗ ਪੱਤਰ ਸੌਂਪ ਕੇ ਉਹਨਾਂ ਖਿਲਾਫ ਦਰਜ ਝੂਠੇ ਕੇਸ ਰੱਦ ਕਰਨ ਦੀ ਮੰਗ ਕਰਨ।
ਇਸ ਤੋਂ ਪਹਿਲਾਂ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕਿਵੇਂ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ’ਤੇ ਪੰਜਾਬ ਦੇ ਹੱਕ ਨੂੰ ਖੋਰਾ ਲਾਉਣ ਵਾਸਤੇ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਹਰਿਆਣਾ ਦੇ ਕਾਲਜਾਂ ਦੀ ਯੂਨੀਵਰਸਿਟੀ ਤੋਂ ਮਾਨਤਾ ਦੁਆਉਣ ਦੇ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਵੱਖ-ਵੱਖ ਵਿਦਿਆਰਥੀ ਸੰਗਠਨਾਂ ਦੇ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਪੀ ਐਸ ਯੂ ਲਲਕਾਰ ਦੇ ਪ੍ਰਤੀਨਿਧ ਨੇ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੇ ਯਤਨ ਕਰਨ ਮੌਕੇ ਲੜਕੀਆਂ ’ਤੇ ਲਾਠੀਚਾਰਜ ਕੀਤਾ ਗਿਆ। ਇਕ ਹੋਰ ਪ੍ਰਤੀਨਿਧੀ ਨੇ ਦੱਸਿਆ ਕਿ ਕਿਵੇਂ ਰਾਖਵਾਂਕਰਨ ਨੀਤੀ ਕੇਂਦਰੀ ਨਿਯਮਾਂ ਮੁਤਾਬਕ ਲਾਗੂ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੀ ਇਸ ਵਿਚ ਕੋਈ ਸੁਣਵਾਈ ਨਹੀਂ ਹੈ ਜਦੋਂ ਕਿ ਪੰਜਾਬ ਯੂਨੀਵਰਸਿਟੀ ਵਾਸਤੇ 60 ਫੀਸਦੀ ਤੋਂ ਵੱਧ ਵਿੱਤੀ ਯੋਗਦਾਨ ਪਾਉਂਦਾ ਹੈ। ਸੋਪੂ ਦੇ ਅਵਤਾਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਦੀ ਰਾਖੀ ਦੀ ਲੜਾਈ ਨੂੰ ਤਰਕਸੰਗਤ ਹੱਲ ਤੱਕ ਲੈ ਕੇ ਜਾਣਗੇ ਜਦੋਂ ਕਿ ਐਸ ਓ ਆਈ ਦੇ ਗੁਰਸਿਮਰਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ’ਤੇ ਪੂਰਾ ਕੇਂਦਰੀ ਕੰਟਰੋਲ ਸਥਾਪਿਤ ਕਰਨ ਵਾਸਤੇ ਸੈਨੇਟ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ।