ਪਟਿਆਲਾ/26 ਮਾਰਚ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖੁਲਾਸਾ ਕੀਤਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸਨੌਰ ਦੇ ਸਾਬਕਾ ਅਕਾਲੀ ਆਗੂ ਤੇਜਿੰਦਰਪਾਲ ਸਿੰਘ ਸੰਧੂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਮਗਰੋਂ ਅਕਾਲੀ ਦਲ ਵਿਚੋਂ ਕੱਢ ਦਿੱਤਾ ਗਿਆ ਸੀ।
ਇਸ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ 2017 ਦੀਆਂ ਅਸੰਬਲੀ ਚੋਣਾਂ 'ਚ ਸੰਧੂ ਨੂੰ ਸਿਰਫ 2300 ਵੋਟਾਂ ਪਈਆਂ ਸਨ ਅਤੇ ਉਸ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੀਪੀਸੀਸੀ ਪ੍ਰਧਾਨ ਸੁਨੀਲ ਜਾਖੜ ਅਤੇ ਦੋ ਕੈਬਨਿਟ ਮੰਤਰੀਆਂ ਵੱਲੋਂ ਸੰਧੂ ਦਾ ਕਾਂਗਰਸ ਪਾਰਟੀ ਵਿਚ ਕੀਤਾ ਗਿਆ ਸਵਾਗਤ ਸਾਬਿਤ ਕਰਦਾ ਹੈ ਕਿ ਕਾਂਗਰਸ ਦੇ ਗੜ• ਮੰਨੇ ਜਾਂਦੇ ਪਟਿਆਲਾ ਅੰਦਰ ਇਹ ਪਾਰਟੀ ਕਿੰਨੀ ਕਮਜ਼ੋਰ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਅਜਿਹੇ ਆਧਾਰਹੀਣ ਆਗੂ ਲਈ ਲਾਲ ਗਲੀਚਾ ਵਿਛਾ ਰਹੀ ਹੈ, ਜਿਸ ਨੂੰ ਉਸ ਦੇ ਹਲਕੇ ਦੇ ਲੋਕਾਂ ਵੱਲੋਂ ਨਕਾਰਿਆ ਜਾ ਚੁੱਕਿਆ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਪਟਿਆਲਾ ਹਲਕੇ ਵਿਚ ਕਾਂਗਰਸ ਪਾਰਟੀ ਅਤੇ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਦੀ ਹਾਲਤ ਕਿੰਨੀ ਪਤਲੀ ਹੋ ਚੁੱਕੀ ਹੈ।