ਚੰਡੀਗੜ੍ਹ/ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਪਾਰਟੀ ਦੀ ਹਰਿਆਣਾ ਇਕਾਈ ਦੇ ਇੰਚਾਰਜ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆ ਰਹੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਭਾਰਤੀਆ ਜਨਤਾ ਪਾਰਟੀ ਨਾਲ ਗਠਜੋੜ ਕਰਕੇ ਲੜੇਗਾ। ਇਸ ਸੰਬੰਧੀ ਦੋਵਾਂ ਪਾਰਟੀ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਵਿਚਾਰ ਚਰਚਾ ਚੱਲ ਰਹੀ ਹੈ।
ਸੂਬੇ ਅੰਦਰ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਕੀਤੀ ਅਕਾਲੀ ਦਲ ਦੀ ਹਰਿਆਣਾ ਇਕਾਈ ਦੀ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਭਾਜਪਾ ਨਾਲ ਚੱਲ ਰਹੀ ਗੱਲਬਾਤ ਬਾਰੇ ਮੈਂਬਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਲੀਡਰਸ਼ਿਪ ਨੇ ਹਰਿਆਣਾ ਦੀ ਅਕਾਲੀ ਲੀਡਰਸ਼ਿਪ ਤੋਂ ਪਾਰਟੀ ਆਗੂਆਂ ਦੇ ਜਿੱਤਣ ਦੀਆਂ ਸੰਭਾਵਨਾਵਾਂ ਬਾਰੇ ਵੀ ਫੀਡਬੈਕ ਲਈ ਹੈ।
ਸਰਦਾਰ ਭੂੰਦੜ ਨੇ ਹਰਿਆਣਾ 'ਚ ਚੱਲ ਰਹੀ ਭਰਤੀ ਮੁਹਿੰਮ ਉੱਤੇ ਤਸੱਲੀ ਦਾ ਇਜ਼ਹਾਰ ਕੀਤਾ। ਉਹਨਾਂ ਨੇ ਪਾਰਟੀ ਆਗੂਆਂ ਨੂੰ ਅਪੀਲ ਕੀਤੀ ਕਿ ਜਲਦੀ ਹੀ ਮੁਕੰਮਲ ਹੋਣ ਜਾ ਰਹੀ ਭਰਤੀ ਮੁਹਿੰਮ ਤੋਂ ਪਹਿਲਾਂ ਉਹ ਵੱਧ ਤੋਂ ਵੱਧ ਮੈਂਬਰਾਂ ਦੀ ਭਰਤੀ ਕਰਨ। ਸਰਦਾਰ ਭੂੰਦੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਸੰਬੰਧ ਵਿਚ 7 ਸਤੰਬਰ ਨੂੰ ਕੁਰਕੂਸ਼ੇਤਰ ਵਿਚ ਇੱਕ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਸ ਜਗ੍ਹਾ ਉੱਤੇ ਅੱਠ ਗੁਰੂ ਸਾਹਿਬਾਨ ਦੇ ਚਰਨ ਪਏ ਹਨ। ਉਹਨਾਂ ਸਾਰੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਇਸ ਇਕੱਠ ਵਿਚ ਆਉਣ ਲਈ ਪ੍ਰੇਰਿਤ ਕਰਨ ਅਤੇ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਹਰਿਆਣਾ ਦੇ ਸਾਰੇ ਕਸਬਿਆਂ ਅਤੇ ਪਿੰਡਾਂ ਤਕ ਪਹੁੰਚਾਉਣ। ਅਕਾਲੀ ਦਲ ਦੀ ਹਰਿਆਣਾ ਇਕਾਈ ਦੀ ਇਸ ਮੀਟਿੰਗ ਵਿਚ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਲਦੇਵ ਸਿੰਘ ਕਿਆਮਪੁਰੀ, ਹਰਿਆਣਾ ਇਕਾਈ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੋਠਾ, ਜਨਰਲ ਸਕੱਤਰ ਸੁਖਬੀਰ ਸਿੰਘ ਮਾਂਡੀ, ਪਾਰਟੀ ਵਿਧਾਇਕ ਬਲਕੌਰ ਸਿੰਘ, ਐਸਜੀਪੀਸੀ ਦੇ ਮੀਤ ਪ੍ਰਧਾਨ ਰਘਬੀਰ ਸਿੰਘ ਵਿਰਕ, ਸਾਬਕਾ ਐਸਜੀਪੀਸੀ ਮੈਂਬਰ ਬੀਬੀ ਕਰਤਾਰ ਕੌਰ ਅਤੇ ਬੁਲਾਰੇ ਕੰਵਲਜੀਤ ਸਿੰਘ ਨੇ ਭਾਗ ਲਿਆ।