ਚੰਡੀਗੜ੍ਹ, 22 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਥੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਅਸੀਂ ਮੋਦੀ ਦੇ ਕਿਸਾਨ ਵਿਰੋਧੀ ਐਕਟ ਰੱਦ ਕਰਾਂਗੇ ਤੇ ਪੰਜਾਬ ਵਿਚ ਲਾਗੂ ਹੋਣ ’ਤੇ ਰੋਕਾਂਗੇ, ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਾਂਗੇ ਅਤੇ ਮਾਰੂ ਏ ਪੀ ਐਮ ਸੀ ਐਕਟ 2017 ਜੋ ਅਮਰਿੰਦਰ ਨੇ ਬਣਾਇਆ, ਨੂੰ ਖਾਰਜ ਕਰਾਂਗੇ।
ਸ੍ਰੀ ਬਾਦਲ ਨੇ ਕਿਹਾ ਕਿ ਇਹਨਾਂ ਮੁੱਦਿਆਂ ’ਤੇ ਅਮਰਿੰਦਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਹਨਾਂ ਨੇ ਪੇਸ਼ ਕਰਨ ਤੋਂ 10 ਮਿੰਟ ਪਹਿਲਾਂ ਇਹ ਬਿੱਲ ਸਾਨੂੰ ਦਿੱਤੇ ਤੇ ਇਹਨਾਂ ਨੂੰ ਪੜ੍ਹਨ ਦਾ ਸਮਾਂ ਹੀ ਨਹੀਂ ਦਿੱਤਾ ਗਿਆ ਜਿਵੇਂ ਕਿ ਉਹਨਾਂ ਨੇ 2004 ਵਿਚ ਦਰਿਆਈ ਪਾਣੀਆਂ ਬਾਰੇ ਬਿੱਲ ਵੇਲੇ ਕੀਤਾ ਸੀ ਤੇ ਇਸਦਾ ਪੰਜਾਬ ਵਾਸਤੇ ਕੋਈ ਨਤੀਜਾ ਨਹੀਂ ਨਿਕਲਿਆ। ਕੱਲ੍ਹ ਦੇ ਬਿੱਲ ਵੀ ਪਾਸ ਕੀਤੇ ਗਏ ਮਤੇ ਦੇ ਉਲਟ ਹਨ। ਮਤੇ ਵਿਚ ਮੋਦੀ ਦੇ ਕਿਸਾਨ ਵਿਰੋਧੀ ਐਕਟਾਂ ਨੂੰ ਰੱਦ ਕੀਤਾ ਗਿਆ ਤੇ ਸਾਰੇ ਪੰਜਾਬ ਨੂੰ ਸਰਕਾਰੀ ਮੰਡੀ ਐਲਾਨਣ ਦੀ ਮੰਗ ਕੀਤੀ ਗਈ ਸੀ। ਇਸ ਵਿਚ 2017 ਦੇ ਏ ਪੀ ਐਮ ਸੀ ਐਕਟ ਨੂੰ ਰੱਦ ਕਰਨ ਦੀ ਗੱਲ ਕੀਤੀ ਗਈ ਸੀ ਪਰ ਜਿਹੜੇ ਬਿੱਲ ਅਮਰਿੰਦਰ ਸਿੰਘ ਨੇ ਪੇਸ਼ ਕੀਤੇ, ਉਹਨਾਂ ਵਿਚ ਇਹਨਾਂ ਬਾਰੇ ਕੋਈ ਵਿਵਸਥਾ ਨਹੀਂ ਸੀ। ਇਸ ਤਰੀਕੇ ਅਮਰਿੰਦਰ ਸਿੰਘ ਨੇ ਕਿਸਾਨਾਂ ਤੇ ਸਦਨ ਦੋਵਾਂ ਨਾਲ ਧੋਖਾ ਕੀਤਾ ਹੈ।
ਇਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕੇਂਦਰ ਵੱਲੋਂ ਹਰ ਸਾਲ ਜਿਹੜੀਆਂ 22 ਫਸਲਾਂ ਲਈ ਐਮ ਐਸ ਪੀ ਦਾ ਐਲਾਨ ਕੀਤਾ ਜਾਂਦਾ ਹੈ, ਕਿਸਾਨਾਂ ਦੀਆਂ ਜਿਣਸਾਂ ਦੀ ਉਹ ਇਸ ਐਮ ਐਸ ਪੀ ਅਨੁਸਾਰ ਖਰੀਦ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਆ ਰਹੇ ਹਾਂ ਕਿ ਨਾ ਸਿਰਫ ਐਮ ਐਸ ਪੀ ’ਤੇ ਯਕੀਨੀ ਮੰਡੀਕਰਣ ਜਾਰੀ ਰਹੇ ਬਲਕਿ ਇਹ ਸਾਰੀਆਂ 22 ਲਿਸਟਡ ਫਸਲਾਂ ਲਈ ਵੀ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਅਸੀਂ ਇਸ ਮੰਗ ਨੂੰ ਇਕ ਪ੍ਰਾਪਤੀ ਵਿਚ ਬਦਲਣਾ ਯਕੀਨੀ ਬਣਾਵਾਂਗੇ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਲਈ ਕੁਝ ਵੀ ਕਰ ਸਕਦੇ ਹਾਂ ਕਿਉਂਕਿ ਕਿਸਾਨ ਪੰਜਾਬ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ ਤੇ ਕਿਸਾਨਾਂ ਤੋਂ ਬਗੈਰ ਪੰਜਾਬ ਕੁਝ ਨਹੀਂ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਚਿੱਟੇ ਦਿਨ ਉਹ ਵੀ ਵਿਧਾਨ ਸਭਾ ਦੇ ਪਵਿੱਤਰ ਸਦਨ ਵਿਚ ਕਿਸਾਨਾਂ ਨੂੰ ਝੂਠ ਬੋਲਣ ’ਤੇ ਮੁੱਖ ਮੰਤਰੀ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਾਵੇਂ ਅਮਰਿੰਦਰ ਸਿੰਘ ਨੇ ਇਹ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਸਦਨ ਵਿਚ ਲਿਆਉਣ ਤੋਂ ਪਹਿਲਾਂ ਬਿੱਲਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਸੀ ਪਰ ਇਹਨਾਂ ਜਥੇਬੰਦੀਆਂ ਨੇ ਬਿੱਲਾਂ ਨੂੰ ‘ਟੁੱਟੇ ਫੁੱਟੇ’ ਕਰਾਰ ਦਿੱਤਾ। ਉਹਨਾਂ ਸਵਾਲ ਕੀਤਾ ਕਿ ਕੀ ਕਿਸਾਨ ਜਥੇਬੰਦੀਆਂ ਇਹਨਾਂ ਬਿੱਲਾਂ ਬਾਰੇ ਖੁਸ਼ ਹਨ ? ਉਹਨਾਂ ਕਿਹਾ ਕਿ ਅਮਰਿੰਦਰ ਸਿੰਘ ਨੂੰ ਇਹਨਾਂ ਬਾਰੇ ਕਿਸਾਨ ਜਥੇਬੰਦੀਆਂ ਵੱਲੋਂ ਵਰਤੀ ਭਾਸ਼ਾ ਤੇ ਇਹਨਾਂ ਨੂੰ ਰੱਦ ਕਰਨ ਦੇ ਕੀਤੇ ਐਲਾਨਾਂ ਬਾਰੇ ਆਪਣੀ ਰਾਇ ਦੇਣੀ ਚਾਹੀਦੀ ਹੈ ਤੇ ਇਹ ਵੀ ਦੱਸਣਾ ਚਾਹੀਦਾ ਹੈ ਕਿ ਉਹਨਾਂ ਨੇ ਸਦਨ ਵਿਚ ਇਹ ਝੂਠ ਕਿਉਂ ਬੋਲਿਆ ਕਿ ਉਹਨਾਂ ਨੇ ਬਿੱਲਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰ ਇਹ ਵੇਖ ਕੇ ਹੈਰਾਨ ਹਨ ਕਿ ਮੁੱਖ ਮੰਤਰੀ ਨੇ ਕਿਵੇਂ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਬਾਰੇ ਪੰਜਾਬ ਨਾਲ ਧੋਖਾ ਕੀਤਾ। ਉਹਨਾਂ ਕਿਹਾ ਕਿ ਮਤੇ ਵਿਚ ਕੇਂਦਰ ਦੇ ਕਿਸਾਨ ਵਿਰੋਧੀ ਐਕਟ ਰੱਦ ਕਰ ਦਿੱਤੇ ਗਏ ਤੇ ਸੂਬੇ ਨੂੰ ਸਰਕਾਰੀ ਬਣਾਉਣ ਦਾ ਐਲਾਨ ਕੀਤਾ ਸੀ। ਇਸਨੇ 2017 ਦੇ ਏ ਪੀ ਐਮ ਸੀ ਐਕਟ ਨੂੰ ਵੀ ਰੱਦ ਕੀਤਾ ਸੀ ਜੋ ਕਿ ਮੋਦੀ ਦੇ ਕਿਸਾਨ ਵਿਰੋਧੀ ਐਕਟਾਂ ਦੀ ਹੂ ਬ ਹੂ ਨਕਲ ਹੈ। ਪਰ ਜੋ ਬਿੱਲ ਅਮਰਿੰਦਰ ਸਰਕਾਰ ਨੇ ਬਾਅਦ ਵਿਚ ਲਿਆਂਦੇ, ਉਹਨਾਂ ਵਿਚੋਂ ਕਿਸੇ ਵਿਚ ਵੀ ਇਹ ਵਿਵਸਥਾ ਸ਼ਾਮਲ ਨਹੀਂ ਸਨ। ਅਮਰਿੰਦਰ ਸਰਕਾਰ ਸਦਨ ਨੂੰ ਗੁੰਮਰਾਹ ਕਰਨ ਤੇ ਇਸਦੇ ਵਿਸ਼ਵਾਸ ਨਾਲ ਧੋਖਾ ਕਰਨ ਦੇ ਦੋਸ਼ੀ ਹਨ।
ਸਾਬਕਾ ਉਪ ਮੁੱਖ ਮੰਤਰੀ ਨੇ ਭਾਜਪਾ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਖਿਲਾਫ ਡੂੰਘੀ ਸਾਜ਼ਿਸ਼ ਰਚੇ ਜਾਣ ਦਾ ਖਦਸ਼ਾ ਜ਼ਾਹਰ ਕੀਤਾ। ਉਹਨਾਂ ਕਿਹਾ ਕਿ ਜੋ ਕੱਲ੍ਹ ਚੰਡੀਗੜ੍ਹ ਵਿਚ ਹੋਇਆ, ਉਹ ਅਮਰਿੰਦਰ-ਭਾਜਪਾ ਸਾਂਝੀ ਤੇ ਮਾੜੀ ਖੇਡ ਦਾ ਹਿੱਸਾ ਸੀ ਜਿਸਦਾ ਚਲਾਕੀ ਭਰਿਆ ਮਕਸਦ ਕਿਸਾਨਾਂ ਦੇ ਸੰਘਰਸ਼ ਨੂੰ ਇਸਦੀਆਂ ਪੰਜਾਬ ਵਿਚਲੀਆਂ ਜੜ੍ਹਾਂ ਤੋਂ ਪਾਸੇ ਕਰਨਾ ਹੈ। ਉਹਨਾਂ ਕਿਹਾ ਕਿ ਉਹਨਾਂ ਦਾ ਮਕਸਦ ਇਸ ਸੰਘਰਸ਼ ਨੂੰ ਦੇਸ਼ ਦੇ ਖੇਤੀ ਪ੍ਰਧਾਨ ਸੂਬੇ ਵਿਚਲੇ ਇਹਨਾਂ ਦੇ ਆਧਾਰ ਤੋਂ ਪੁੱਟ ਕੇ ਕਮਜ਼ੋਰ ਕਰਨਾ ਹੈ। ਇਹ ਅਮਰਿੰਦਰ ਤੇ ਮੋਦੀ ਦੋਵਾਂ ਲਈ ਚੰਗਾ ਹੈ ਕਿ ਕਿਸਾਨ ਉਥੋਂ ਪਾਸੇ ਹੋ ਜਾਣ ਜਿਥੇ ਸਭ ਤੋਂ ਮਜ਼ਬੂਤ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਜੱਦੀ ਠਿਕਾਣਿਆਂ ਤੋਂ ਦੂਰ ਜਾ ਕੇ ਲੜਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਹ ਕਿਸਾਨਾਂ ਖਿਲਾਫ ਡੂੰਘੀ ਤੇ ਵੱਡੀ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਇਹ ਸਭ ਚਾਲਾਂ ਭਾਜਪਾ ਦੀ ਸਾਜ਼ਿਸ਼ ਦਾ ਹਿੱਸਾ ਹਨ ਜੋ ਕਿ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ ਤੇ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਕਸੂਤੇ ਫਸੇ ਕਿਸਾਨਾਂ ਖਿਲਾਫ ਮੋਦੀ ਦੀ ਰਣਨੀਤੀ ਵਿਚ ਮਦਦ ਦਿੱਤੀ ਹੈ।
ਇਕ ਸਵਾਲ ਦੇ ਜਵਾਬ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਕੈਪਟਨ-ਭਾਜਪਾ ਦੀ ਟੀਮ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦੀ ਦੁਰਵਰਤੋਂ ਕੇਂਦਰ ਦੀਆਂ ਕਿਸਾਨ ਵਿਰੋਧੀ ਯੋਜਨਾਵਾਂ ਨੂੰ ਲਾਗੂ ਕਰਨ ਵਾਸਤੇ ਕੀਤੀ। ਉਹਨਾਂ ਕਿਹਾ ਕਿ ਹੈਰਾਨੀ ਤੇ ਦੁੱਖ ਵਾਲੀ ਗੱਲ ਹੈ ਕਿ ਪੰਜਾਬ ਦੇ ਲੋਕਤੰਤਰ ਦੇ ਪਵਿੱਤਰ ਮੰਦਰ ਦੀ ਦੁਰਵਰਤੋਂ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਐਕਟਾਂ ਨੂੰ ਸਹੀ ਠਹਿਰਾਉਣ ਵਾਸਤੇ ਕੀਤੀ ਗਈ।
ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ’ਤੇ ਮੁੱਖ ਮੰਤਰੀ ਵੱਲੋਂ ਅਸਤੀਫਾ ਦੇਣ ਲਈ ਤਿਆਰ ਹੋਣ ਦੀ ਗੱਲ ਦਾ ਜ਼ਿਕਰ ਕਰਦਿਆਂ ਸ੍ਰੀ ਬਾਦਲ ਜਿਹਨਾਂ ਨੇ ਕਿਸਾਨਾਂ ਵਾਸਤੇ ਅਸਤੀਫਾ ਦੇਣਾ ਸੀ, ਉਹ ਪਹਿਲਾਂ ਹੀ ਦੇ ਚੁੱਕੇ ਹਨ ਜਦਕਿ ਕੈਪਟਨ ਸਾਹਿਬ ਸਿਰਫ ਸ਼ੇਖੀਆਂ ਮਾਰ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਵਿਚ ਅਕਾਲੀ ਮੰਤਰੀ ਨੇ ਅਸਤੀਫਾ ਦੇ ਦਿੱਤਾ ਤੇ ਸ਼ੇਖੀ ਵੀ ਨਹੀਂ ਮਾਰੀ ਕਿਉਂਕਿ ਉਹਨਾਂ ਆਪਣਾ ਫਰਜ਼ ਪੂਰਾ ਕੀਤਾ ਹੈ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਜਗਮੀਤ ਸਿੰਘ ਬਰਾੜ, ਹੀਰਾ ਸਿੰਘ ਗਾਬੜੀਆ ਤੇ ਅਵਤਾਰ ਸਿੰਘ ਹਿੱਤ ਵੀ ਸ਼ਾਮਲ ਸਨ।