ਉਸਨੂੰ ਆਪਣੀ ਪਬਲੀਸਿਟੀ ਦੇ ਬਜਟ 'ਚ ਕਟੌਤੀ ਕਰਨ ਤੇ ਇਹੀ ਪੈਸਾ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਰਾਖਵਾਂ ਰੱਖਣ ਦੀ ਦਿੱਤੀ ਸਲਾਹ
ਬਲਵਿੰਦਰ ਸਿੰਘ ਭੂੰਦੜ ਨੇ ਕੇਜਰੀਵਾਲ ਨੂੰ ਆਖਿਆ ਕਿ ਦਰੁਸਤੀ ਭਰੇ ਕਦਮ ਚੁੱਕੋ ਜਾਂ ਅਸਤੀਫਾ ਦੇਵੋ
ਚੰਡੀਗੜ•, 12 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਜਿਉਂਦਿਆਂ ਤੇ ਮੋਇਆਂ ਦੀ ਬੇਕਦਰੀ ਕਰ ਦਿੱਤੀ ਹੈ ਤੇ ਉਹਨਾਂ ਨੂੰ ਕਿਹਾ ਹੈ ਕਿ ਉਹ ਆਪਣੇ ਪਬਲੀਸਿਟੀ ਬਜਟ ਵਿਚ ਕਟੌਤੀ ਕਰ ਕੇ ਇਹੀ ਪੈਸਾ ਕੌਮੀ ਰਾਜਧਾਨੀ ਵਿਚ ਹਸਪਤਾਲਾਂ ਦਾ ਬੁਨਿਆਦੀ ਢਾਂਚਾ ਸੁਧਾਰਨ 'ਤੇ ਖਰਚ ਕਰਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਨੇਤਾ ਤੇ ਅੇਮ ਪੀ ਸ੍ਰੀ ਬਲਵਿੰਦਰ ਸਿੰਘ ਭੂੰਦੜ ਨੇ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਨੂੰ ਆਖਿਆ ਕਿ ਉਹ ਦੂਸ਼ਣਬਾਜ਼ੀ ਤੇ ਸਸਤੀ ਸ਼ੌਹਰਤ ਹਾਸਲ ਕਰਨ ਦੀ ਰਾਜਨੀਤੀ ਬੰਦ ਕਰਨ ਤੇ ਇਹ ਪ੍ਰਵਾਨ ਕਰਨ ਕਿ ਉਹਨਾਂ ਤੋਂ ਕੋਰੋਨਾ ਸੰਕਟ ਨਾਲ ਨਜਿੱਠਣ ਤੇ ਲਾਸ਼ਾਂ ਦੀ ਸੰਭਾਲ ਵਿਚ ਕੁਤਾਹੀ ਹੋਈ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਤੁਰੰਤ ਦਰੁਸਤੀ ਭਰੇ ਕਦਮ ਚੁੱਕਣੇ ਚਾਹੀਦੇ ਹਨ ਤੇ ਸਿਹਤ ਦਾ ਬੁਨਿਆਦੀ ਢਾਂਚਾ ਸੁਧਾਰਨਾ ਚਾਹੀਦਾ ਹੈ ਕਿਉਂਕਿ ਸੁਪਰੀਮ ਕੋਰਟ ਨੇ ਵੀ ਉਸਨੂੰ ਇਹ ਸੰਕੇਤ ਦਿੱਤੇ ਹਨ ਕਿ ਉਹ ਕੋਰੋਨਾ ਮਰੀਜ਼ਾਂ ਨਾਲ ਜਾਨਵਰਾਂ ਨਾਲੋਂ ਵੀ ਮਾੜਾ ਸਲੂਕ ਕਰ ਰਹੀ ਹੈ।
ਸ੍ਰੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੌਮੀ ਰਾਜਧਾਨੀ ਵਿਚ ਸਥਿਤੀ ਬਹੁਤ ਹੀ ਖਰਾਬ, ਭਿਆਨਕ ਤੇ ਤਰਸਯੋਗ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਅਰਵਿੰਦ ਕੇਜਰੀਵਾਲ ਨੂੰ ਨਾਂਹ ਪੱਖੀ ਰਾਜਨੀਤੀ ਬੰਦ ਕਰਨੀ ਚਾਹੀਦੀ ਹੈ ਤੇ ਦਿਨਾਂ ਵਿਚ ਹੀ ਉਸਾਰੂ ਤਬਦੀਲੀ ਲਿਆਉਣੀ ਚਾਹੀਦੀ ਹੈ ਜਾਂ ਫਿਰ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਕੇਜਰੀਵਾਲ ਨੇ ਮਹਾਂਮਾਰੀ ਦੇ ਸਮੇਂ ਦੌਰਾਨ ਜਨਤਾ ਦੇ ਪੈਸੇ ਦੀ ਦੁਰਵਰਤੋਂ ਕੀਤੀ ਤੇ ਸੈਂਕੜੇ ਕਰੋੜ ਰੁਪਏ ਆਪਣੀ ਹੀ ਪਬਲੀਸਿਟੀ 'ਤੇ ਖਰਚ ਕਰ ਦਿੱਤੇ। ਉਹਨਾਂ ਕਿਹਾ ਕਿ ਇਹ ਪੈਸਾ ਦਿੱਲੀ ਦੇ ਹਸਪਤਾਲਾਂ ਦੀ ਹਾਲਾਤ ਸੁਧਾਰਨ ਤੇ ਜੋ ਮਹਾਂਮਾਰੀ ਕਾਰਨ ਮਾਰੇ ਗਏ ਹਨ, ਉਹਨਾਂ ਦੀਆਂ ਅੰਤਿਮ ਰਸਮਾਂ ਸਨਮਾਨਯੋਗ ਤਰੀਕੇ ਨਾਲ ਕਰਨ 'ਤੇ ਚਰਚ ਕੀਤਾ ਜਾ ਸਕਦਾ ਸੀ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਇਸ਼ਤਿਹਾਰਾਂ ਰਾਹੀਂ ਲੋਕਾਂ ਨਾਲ ਠੱਗੀ ਨਹੀਂ ਮਾਰਨੀ ਚਾਹੀਦੀ ਬਲਕਿ ਕੋਰੋਨਾ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਹੀ ਅਰਥਾਂ ਤਬਦੀਲੀ ਲਿਆਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਵਿਚ ਟੈਸਟਿੰਗ ਵਿਚ ਵਾਧਾ ਕਰਨਾ, ਜੋ ਕਿ 7 ਹਜ਼ਾਰ ਰੋਜ਼ਾਨਾ ਤੋਂ ਘੱਟ ਕੇ ਮੌਜੂਦਾ ਸਮੇਂ ਵਿਚ 5 ਹਜ਼ਾਰ ਰਹਿ ਗਿਆ ਹੈ, ਵੀ ਸ਼ਾਮਲ ਹੈ।
ਸ੍ਰੀ ਭੂੰਦੜ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਵੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਉਪ ਰਾਜਪਾਲ ਦੀ ਸਿਰਫ ਇਸ ਗੱਲੋਂ ਨਿੰਦਾ ਕੀਤੀ ਹੈ ਕਿ ਉਹ ਦਿੱਲੀ ਸਰਕਾਰ ਵੱਲੋਂ ਹਸਪਤਾਲਾਂ ਨੂੰ ਸਿਰਫ ਸ਼ਹਿਰ ਵਾਸੀਆਂ ਲਈ ਸੀਮਤ ਕਰਨ ਦੇ ਫੈਸਲੇ ਨੂੰ ਬਦਲ ਕਰ ਲੋਕ ਪੱਖੀ ਫੈਸਲੇ ਲੈ ਰਹੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਆਪ ਦੀ ਪੰਜਾਬ ਇਕਾਈ ਨੇ ਵੀ ਦਿੱਲੀ ਸਰਕਾਰ ਵੱਲੋਂ ਪੰਜਾਬ ਸਮੇਤ ਹੋਰਨਾਂ ਰਾਜਾਂ ਦੇ ਲੋਕਾਂ ਲਈ ਹਸਪਤਾਲਾਂ ਵਿਚ ਪਾਬੰਦੀ ਲਾਉਣ ਦੇ ਫੈਸਲੇ ਦੀ ਨਿਖੇਧੀ ਨਹੀਂ ਕੀਤੀ।
ਅਕਾਲੀ ਆਗੂ ਨੇ ਕਿਹਾ ਕਿ ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ ਕਿ ਲਾਸ਼ਾਂ ਕੋਰੋਨਾ ਮਰੀਜ਼ਾਂ ਦੇ ਨਾਲ ਹੀ ਰੱਖੀਆਂ ਜਾ ਰਹੀਆਂ ਹਨ ਜੋ ਕਿਸੇ ਵੀ ਸਭਿਅਕ ਸਮਾਜ ਵਿਚ ਬਹੁਤ ਹੀ ਹੈਰਾਨੀਕਜਨਕ ਤੇ ਨਾ ਸਹਿਣਯੋਗ ਹੈ। ਉਹਨਾਂ ਕਿਹਾ ਕਿ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਲਾਸ਼ਾਂ ਦੀ ਸੰਭਾਲ ਤੋਂ ਇਲਾਵਾ ਸਰਕਾਰ ਨੂੰ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰਨ ਦਾ ਤਰੀਕਾ ਵੀ ਅਪਣਾਉਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਅੰਤਿਮ ਰਸਮਾਂ ਵਿਚ ਸ਼ਾਮਲ ਹੋ ਸਕਣ।